Gurdaspur News: ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਹਰ ਪਾਸੇ ਹੋਣ ਲੱਗੀ ਚਰਚਾ, ਬਟਾਲਾ ਦੇ ਵਿਧਾਇਕ ਨੇ ਵੀ ਕੀਤੀ ਸ਼ਲਾਘਾ
Chief Minister Pilgrimage Scheme : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸੂਬਾ ਵਾਸੀਆਂ ਨੂੰ ਸਫ਼ਰ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ
Chief Minister Pilgrimage Scheme : - ਪੰਜਾਬ ਸਰਕਾਰ ਵਲੋਂ ਅੱਜ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ ਜਾਵੇਗੀ। ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਵਨ ਅਸਥਾਨ ਤਖ਼ਤ ਸਚਖੰਡ ਸ੍ਰੀ ਹਜੂਰ ਸਾਹਿਬ, ਅਬਿਚਲ ਨਗਰ, ਨਾਂਦੇੜ ਲਈ ਅੱਜ ਸ੍ਰੀ ਅੰਮ੍ਰਿਤਸਰ ਤੋਂ ਪਹਿਲੀ ਰੇਲ ਯਾਤਰਾ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ।
ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸੂਬਾ ਵਾਸੀਆਂ ਨੂੰ ਸਫ਼ਰ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਹਰੇਕ ਵਿਅਕਤੀ ਦੀ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਯਾਤਰਾ ਉਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨ ਹੋਣਗੇ। ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ।
ਯੋਜਨਾ ਤਹਿਤ ਪਹਿਲੀ ਰੇਲ ਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਜਾਵੇਗੀ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਰੇਲ ਗੱਡੀ ਰਵਾਨਾ ਕਰਨਗੇ। ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।
ਇਹ ਯਾਤਰਾ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ। ਇਸ ਯਾਤਰਾ ਦਾ 50 ਹਜ਼ਾਰ ਤੋਂ ਵੱਧ ਲੋਕਾਂ ਨੂੰ ਲਾਭ ਹੋਵੇਗਾ। ਯਾਤਰੀਆਂ ਲਈ ਖਾਣ-ਪੀਣ ਦਾ ਵੀ ਪ੍ਰਬੰਧ ਹੋਵੇਗਾ। ਦੱਸ ਦਈਏ ਕਿ 6 ਨਵੰਬਰ ਨੂੰ ਹੋਈ ਬੈਠਕ 'ਚ ਸਰਕਾਰ ਨੇ ਮੁੱਖ ਮੰਤਰੀ ਤੀਰਥ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ। ਨਾਲ ਹੀ ਯਾਤਰਾ ਦੇ ਪ੍ਰੋਗਰਾਮ ਨੂੰ ਅੱਗੇ ਲਿਜਾਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਦੀ ਯਾਤਰਾ ਰੇਲਗੱਡੀ ਰਾਹੀਂ ਕੀਤੀ ਜਾਵੇਗੀ। ਜਦੋਂ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾਜੀ, ਚਿੰਤਪੁਰਨੀ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਬੱਸਾਂ ਰਾਹੀਂ ਕੀਤੀ ਜਾਵੇਗੀ।