ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਗੈਂਗ ਵਿਚਾਲੇ ਖੜਕੀ, ਇੱਕ-ਦੂਜੇ ਦੇ ਖੂਨ ਦੇ ਹੋਏ ਪਿਆਸੇ, ਸਿੱਧੂ ਮੂਸੇਵਾਲਾ ਦਾ ਦੋਵਾਂ ਨੇ ਮਿਲ ਕੇ ਕੀਤਾ ਸੀ ਕਤਲ
ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਗੈਂਗ ਵਿਚਾਲੇ ਖੜਕ ਗਈ ਹੈ। ਉਹ ਇੱਕ-ਦੂਜੇ ਦੇ ਖੂਨ ਦੇ ਪਿਆਸੇ ਹੋ ਗਏ ਹਨ। ਇਹ ਗੱਲ ਐਤਵਾਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਹੋਈ ਗੈਂਗਵਾਰ ਮਗਰੋਂ ਸਾਹਮਣੇ ਆਈ ਹੈ।
Amritsar News: ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਗੈਂਗ ਵਿਚਾਲੇ ਖੜਕ ਗਈ ਹੈ। ਉਹ ਇੱਕ-ਦੂਜੇ ਦੇ ਖੂਨ ਦੇ ਪਿਆਸੇ ਹੋ ਗਏ ਹਨ। ਇਹ ਗੱਲ ਐਤਵਾਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਹੋਈ ਗੈਂਗਵਾਰ ਮਗਰੋਂ ਸਾਹਮਣੇ ਆਈ ਹੈ। ਅਹਿਮ ਗੱਲ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਇਨ੍ਹਾਂ ਦੋਵਾਂ ਗੈਂਗਾਂ ਨੇ ਮਿਲ ਕੇ ਕੀਤਾ ਸੀ। ਹੁਣ ਇਹ ਆਪਸ ਵਿੱਚ ਉਲਝ ਗਏ ਹਨ।
ਪੁਲਿਸ ਸੂਤਰਾਂ ਮੁਤਾਬਕ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵੇਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੇ ਧੜਿਆਂ ਦਰਮਿਆਨ ਗੂੜ੍ਹੀ ਸਾਂਝ ਸੀ ਪਰ ਮਗਰੋਂ ਦੋਵਾਂ ਧੜਿਆਂ ਦਰਮਿਆਨ ਖਿੱਚੋਤਾਣ ਵਧ ਗਈ ਜਿਸ ਨੇ ਹਿੰਸਕ ਝੜਪ ਦਾ ਰੂਪ ਧਾਰ ਲਿਆ। ਘਟਨਾ ਵਿੱਚ ਮਾਰੇ ਗਏ ਤੇ ਜ਼ਖ਼ਮੀ ਹੋਏ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਗੈਂਗ ਨਾਲ ਸਬੰਧਤ ਹਨ।
ਦੱਸ ਦਈਏ ਕਿ ਐਤਵਾਰ ਸ਼ਾਮ ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਗੈਂਗਸਟਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਝੜਪ ਮਗਰੋਂ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਸੀ। ਸੂਤਰਾਂ ਮੁਤਾਬਕ ਜੇਲ੍ਹ ਵਿੱਚ ਬੰਦ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਤ ਗੈਂਗਸਟਰਾਂ ਦਾ ਦੂਜੇ ਧੜੇ ਨਾਲ ਪਿਛਲੇ ਕਈ ਦਿਨਾਂ ਤੋਂ ਟਕਰਾਅ ਚੱਲ ਰਿਹਾ ਸੀ। ਇਹ ਟਕਰਾਅ ਐਤਵਾਰ ਨੂੰ ਖੂਨੀ ਝੜਪ ਵਿੱਚ ਤਬਦੀਲ ਹੋ ਗਿਆ। ਝੜਪ ਵਿੱਚ ਪੰਜ ਹੋਰ ਜ਼ਖਮੀ ਹੋਏ ਹਨ।
ਮ੍ਰਿਤਕਾਂ ਦੀ ਪਛਾਣ ਮਨਦੀਪ ਸਿੰਘ ਤੂਫਾਨ ਤੇ ਮਨਮੋਹਨ ਸਿੰਘ ਮੋਹਨਾ ਦੇ ਤੌਰ ’ਤੇ ਹੋਈ ਹੈ ਜੋ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸ਼ੁੱਭ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ਸਨ। ਐਸਐਚਓ ਰਾਜਿੰਦਰ ਨੇ ਦੱਸਿਆ ਕਿ ਜੇਲ੍ਹ ਵਿੱਚ ਹੋਈ ਖੂਨੀ ਝੜਪ ਵਿੱਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਹੈ ਜਦਕਿ ਕੇਸ਼ਵ ਨਾਮੀ ਗੈਂਗਸਟਰ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਲਿਜਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਟਕਰਾਅ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਚੱਲ ਸਕਿਆ ਜਿਸ ਦੀ ਪੜਤਾਲ ਕੀਤੀ ਜਾ ਰਹੀ ਹੈ। ਦੂਜੇ ਪਾਸੇ ਜੇਲ੍ਹ ਵਿੱਚ ਬੰਦ ਮੁਲਜ਼ਮਾਂ ਕੋਲ ਤੇਜ਼ਧਾਰ ਹਥਿਆਰ ਪਹੁੰਚਣ ਸਬੰਧੀ ਜੇਲ੍ਹ ਅਧਿਕਾਰੀਆਂ ਨੇ ਚੁੱਪੀ ਧਾਰੀ ਹੋਈ ਹੈ। ਇਸ ਦੌਰਾਨ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ ਪਰ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ।
ਉਧਰ, ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਗੈਂਗਵਾਰ ਨੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜੇਲ੍ਹ ਵਿੱਚ ਬੰਦ ਮੁਲਜ਼ਮਾਂ ਕੋਲ ਤੇਜ਼ਧਾਰ ਹਥਿਆਰ ਕਿਵੇਂ ਪਹੁੰਚੇ, ਇਸ ਬਾਰੇ ਜੇਲ੍ਹ ਪ੍ਰਸ਼ਾਸਨ ਚੁੱਪ ਹੈ। ਅਹਿਮ ਗੱਲ ਹੈ ਕਿ ਇਸ ਜੇਲ੍ਹ ਵਿੱਚ 25 ਦੇ ਕਰੀਬ ਖਤਰਨਾਕ ਗੈਂਗਸਟਰ ਬੰਦ ਹਨ। ਇਨ੍ਹਾਂ ਵਿੱਚੋਂ ਵਧੇਰੇ ਕਰਕੇ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਹਨ। ਇਸ ਦੇ ਬਾਵਜੂਦ ਜੇਲ੍ਹ ਪ੍ਰਸ਼ਾਸਨ ਨੇ ਅਣਗਹਿਲੀ ਵਰਤੀ ਹੈ।
ਹੁਣ ਸਾਹਮਣੇ ਆਇਆ ਹੈ ਕਿ ਜੇਲ੍ਹ ਵਿੱਚ ਗੈਂਗਸਟਰਾਂ ਦੇ ਦੋ ਧੜਿਆਂ ਦਰਮਿਆਨ ਇੱਕ ਘੰਟੇ ਤੱਕ ਹਿੰਸਕ ਝੜਪ ਚੱਲਦੀ ਰਹੀ। ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਕੁਝ ਨਹੀਂ ਕਰ ਪਾਇਆ। ਐਸਐਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਗੈਂਗਸਟਰਾਂ ਦਰਮਿਆਨ ਝੜਪ ਤਿੰਨ ਵਜੇ ਤੋਂ ਬਾਅਦ ਉਸ ਵੇਲੇ ਸ਼ੁਰੂ ਹੋਈ ਜਦੋਂ ਉਨ੍ਹਾਂ ਨੂੰ ਨਿਯਮਾਂ ਤਹਿਤ ਬੈਰਕਾਂ ਤੋਂ ਬਾਹਰ ਲਿਆਂਦਾ ਜਾ ਰਿਹਾ ਸੀ। ਉਨ੍ਹਾਂ ਨੇ ਮੰਨਿਆ ਕਿ ਇਸ ਜੇਲ੍ਹ ਵਿੱਚ 25 ਦੇ ਕਰੀਬ ਨਾਮੀ ਗੈਂਗਸਟਰ ਬੰਦ ਹਨ ਜਿਨ੍ਹਾਂ ਵਿੱਚੋਂ ਵਧੇਰੇ ਕਰਕੇ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਹਨ।