Punjab News: ਡਾ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਮਗਰੋਂ ਸੀਐਮ ਮਾਨ ਦਾ ਵੱਡਾ ਐਲਾਨ
Punjab News: ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀਆਰ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਮਗਰੋਂ ਮਾਹੌਲ ਗਰਮਾ ਗਿਆ ਹੈ। ਦਲਿਤ ਸਮਾਜ ਵੱਲੋਂ ਅੰਮ੍ਰਿਤਸਰ ਬੰਦ ਦੇ ਸੱਦੇ ਕਰਕੇ ਸ਼ਹਿਰ ਦੇ ਬਾਜ਼ਾਰ ਬੰਦ ਹਨ।

Punjab News: ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀਆਰ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਮਗਰੋਂ ਮਾਹੌਲ ਗਰਮਾ ਗਿਆ ਹੈ। ਦਲਿਤ ਸਮਾਜ ਵੱਲੋਂ ਅੰਮ੍ਰਿਤਸਰ ਬੰਦ ਦੇ ਸੱਦੇ ਕਰਕੇ ਸ਼ਹਿਰ ਦੇ ਬਾਜ਼ਾਰ ਬੰਦ ਹਨ। ਹਾਾਲਤ ਨੂੰ ਵੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਹੈ। ਸੀਐਮ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਡਾਕਟਰ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।
ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ…
— Bhagwant Mann (@BhagwantMann) January 27, 2025
ਸੀਐਮ ਮਾਨ ਨੇ ਕਿਹਾ ਕਿ ਇਸ ਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸਦਿਆਂ ਕਿਹਾ ਕਿ ਇਸ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਦਕਰ ਦਾ ਸਤਿਕਾਰ ਕਰਨ ਵਾਲੇ ਹਰ ਵਿਅਕਤੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਪੰਜਾਬ ਵਿਰੋਧੀ ਤਾਕਤਾਂ ਦੇ ਫਿਰਕੂ ਤਣਾਅ ਪੈਦਾ ਕਰਨ ਦੇ ਮਨਸੂਬਿਆਂ ਨੂੰ ਨੱਥ ਪਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਪੂਰੀ ਤਰ੍ਹਾਂ ਚੌਕਸ ਅਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਕਾਰਵਾਈਆਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਸਭ ਤੋਂ ਵੱਧ ਸ਼ਾਂਤਮਈ ਅਤੇ ਭਾਈਚਾਰਕ ਸਾਂਝ ਵਾਲਾ ਸੂਬਾ ਬਣਾਉਣ ਲਈ ਫਿਰਕੂ ਸਦਭਾਵਨਾ, ਸ਼ਾਂਤੀ ਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਬੇਨਤੀ ਕੀਤੀ।
ਉਧਰ, ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਹਿਬ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਇਸ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹਾਂ। ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਚੋਣਾਂ ਦੇ ਪ੍ਰਚਾਰ ਵਿੱਚ ਰੁੱਝਿਆ ਹੋਇਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਤੇ ਪੰਜਾਬ ਦੇ ਲੋਕਾਂ ਨੂੰ ਲਵਾਰਿਸ ਬਣਾ ਦਿੱਤਾ ਹੈ, ਨਤੀਜੇ ਵਜੋਂ ਪੰਜਾਬ ਦੀ ਕਾਨੂੰਨ ਅਤੇ ਵਿਵਸਥਾ ਲਗਾਤਾਰ ਵਿਗੜ ਰਹੀ ਹੈ। ਮੈਂ ਇਸ ਸ਼ਰਮਨਾਕ ਘਟਨਾ ਦੀ ਮਾਨਯੋਗ ਹਾਈਕੋਰਟ ਦੇ ਸੀਟਿੰਗ ਜੱਜ ਦੁਆਰਾ ਜਾਂਚ ਦੀ ਮੰਗ ਕਰਦਾ ਹਾਂ।






















