Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਕੀਤੀ ਟਿੱਪਣੀ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਦੀ ਟਿੱਪਣੀ ਨੂੰ ਅਕਾਲ ਤਖ਼ਤ ਦੀ ਮਾਣ ਮਰਿਆਦਾ ਤੇ ਸਿੱਖ ਕੌਮ ਨੂੰ ਸਿੱਧੀ ਚੁਣੌਤੀ ਕਰਾਰ ਦਿੱਤਾ ਹੈ।


ਉਨ੍ਹਾਂ ਕਿਹਾ ਕਿ ਇਸ ਗਲਤੀ ਲਈ ਮੁੱਖ ਮੰਤਰੀ ਨੂੰ ਸਿੱਖ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਜਥੇਦਾਰ ਖ਼ਿਲਾਫ਼ ਜੋ ਭਾਸ਼ਾ ਵਰਤੀ ਹੈ ਉਸ ਨਾਲ ਸਿੱਖ ਕੌਮ ਦੇ ਮਨਾਂ ਨੂੰ ਠੇਸ ਪਹੁੰਚੀ ਹੈ ਜਿਸ ਨੂੰ ਕੌਮ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਅੰਮ੍ਰਿਤਪਾਲ ਸਿੰਘ ਬਾਰੇ ਸਟੈਂਡ ਸਬੰਧੀ ਕਿਹਾ ਕਿ ਜੋ ਪੱਖ ਜਥੇਦਾਰ ਅਕਾਲ ਤਖ਼ਤ ਦਾ ਹੈ, ਉਹੀ ਪੱਖ ਸ਼੍ਰੋਮਣੀ ਕਮੇਟੀ ਦਾ ਹੈ।


ਇਸ ਦੌਰਾਨ ਧਾਮੀ ਨੇ ਅਕਾਲ ਤਖ਼ਤ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਰੋਕੇ ਜਾਣ ਦੀ ਵੀ ਨਿਖੇਧੀ ਕੀਤੀ। ਐਡਵੋਕੇਟ ਧਾਮੀ ਨੇ ਦੋਸ਼ ਲਾਇਆ ਕਿ ਸੋਸ਼ਲ ਮੀਡੀਆ ’ਤੇ ਸਿੱਖਾਂ ਦੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ ਤੇ ਦੁੱਖ ਦੀ ਗੱਲ ਹੈ ਕਿ ਇਸ ਵਰਤਾਰੇ ਵਿਰੁੱਧ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਆਵਾਜ਼ ਨੂੰ ਸਰਕਾਰਾਂ ਦਬਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੀ ਇਕ ਟਵਿੱਟਰ ਪੋਸਟ ਨੂੰ ਭਾਰਤ ਸਰਕਾਰ ਵੱਲੋਂ ਦੇਸ਼ ਅੰਦਰ ਹਟਾਇਆ ਗਿਆ ਤੇ ਅਕਾਲ ਤਖ਼ਤ ਦੇ ਜਥੇਦਾਰ ਦਾ ਇਕ ਟਵੀਟ ਨਿਸ਼ਾਨੇ ’ਤੇ ਲਿਆ ਗਿਆ ਹੈ।


ਇਹ ਵੀ ਪੜ੍ਹੋ: Punjab News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਅਲਟੀਮੇਟਮ ਮਗਰੋਂ ਸਰਕਾਰ ਪਈ ਨਰਮ, 348 ਨੌਜਵਾਨ ਕੀਤੇ ਰਿਹਾਅ


ਸੀਐਮ ਭਗਵੰਤ ਮਾਨ ਨੇ ਕੀ ਕਿਹਾ?- ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਲਟੀਮੇਟਮ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਥੇਦਾਰ ਪੰਜਾਬ ਦੇ ਹਸਦੇ-ਵਸਦੇ ਲੋਕਾਂ ਨੂੰ ਨਾ ਭੜਕਾਉਣ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਭ ਨੂੰ ਪਤਾ ਹੈ ਤੁਸੀਂ ਅਤੇ ਐੱਸਜੀਪੀਸੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ, ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹਸਦੇ-ਵਸਦੇ ਲੋਕਾਂ ਨੂੰ ਭੜਕਾਉਣ ਲਈ।’


ਇਹ ਵੀ ਪੜ੍ਹੋ: Philippines: ਫਿਲੀਪੀਨਜ਼ 'ਚ ਵੱਡਾ ਹਾਦਸਾ! 250 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਨੂੰ ਲੱਗੀ ਅੱਗ, ਲੋਕ ਜ਼ਿੰਦਾ ਸੜੇ, ਕਈ ਲਾਪਤਾ