Punjab News: ਅਕਾਲ ਤਖ਼ਤ ਸਾਹਿਬ ਨੇ ਭਾਈ ਜੈਤਾ ਜੀ ਦੀਆਂ ਤਸਵੀਰਾਂ 'ਤੇ ਖੜ੍ਹੇ ਹੋਏ ਵਿਵਾਦ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਤਲਬ ਕੀਤਾ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਮਰਿਆਦਾ ਦੇ ਦਾਇਰੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਅੱਜ ਇਸ ਤੋਂ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸੌਂਦ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ।
ਹੈਰੀਟੇਜ ਸਟਰੀਟ ਤੋਂ ਅਕਾਲ ਤਖ਼ਤ ਸਾਹਿੂ ਤੱਕ ਨੰਗੇ ਪੈਰੀਂ ਆਉਂਦੇ ਹੋਇਆਂ ਮੰਤਰੀ ਸੌਂਦ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (Bhai Jaita Ji) ਦੀ ਯਾਦਗਾਰ ਦੀਆਂ ਤਸਵੀਰਾਂ 'ਤੇ ਜਤਾਏ ਗਏ ਇਤਰਾਜ਼ ਨੂੰ ਲੈਕੇ ਸਫਾਈ ਦਿੱਤੀ। ਮੰਤਰੀ ਨੇ ਕਿਹਾ ਕਿ ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ, ਸਿੱਖ ਸਿਧਾਂਤਾਂ ਅਤੇ ਪੰਜਾਬੀ ਵਿਰਾਸਤ ਤੋਂ ਜਾਣੂ ਵਿਅਕਤੀ ਨੂੰ ਵਿਭਾਗ ਵਿੱਚ ਨਿਯੁਕਤ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਲਾਪਰਵਾਹੀ ਨਾ ਹੋਵੇ।
ਇਸ ਤੋਂ ਇਲਾਵਾ ਚੀਫ਼ ਖ਼ਾਲਸਾ ਦੀਵਾਨ (CKD) ਦੇ ਮੈਂਬਰ ਡਾ: ਇੰਦਰਬੀਰ ਨਿੱਝਰ ਅਤੇ ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਮੈਂਬਰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਏ।
ਮੰਤਰੀ ਤਰੁਣਪ੍ਰੀਤ ਸੌਂਦ ਨੇ ਕਿਹਾ, "ਮੈਂ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਇਆ ਸੀ। ਮੈਂ ਆਪਣੇ ਅਤੇ ਆਪਣੇ ਵਿਭਾਗ ਵੱਲੋਂ ਸਪੱਸ਼ਟੀਕਰਨ ਦਿੱਤਾ। ਅਕਾਲ ਤਖ਼ਤ ਦੇ ਜਥੇਦਾਰ ਦੇ ਨਿਰਦੇਸ਼ਾਂ ਅਨੁਸਾਰ, ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਾਂਗਾ ਕਿ ਉਹ ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਵਿੱਚ ਸਿੱਖ ਸਿਧਾਂਤਾਂ ਦਾ ਗਿਆਨ ਰੱਖਣ ਵਾਲਾ ਇੱਕ ਅਧਿਕਾਰੀ ਨਿਯੁਕਤ ਕਰਨ।
ਅਕਾਲ ਤਖ਼ਤ ਦੇ ਜਥੇਦਾਰ ਨੇ ਮੇਰਾ ਅਤੇ ਮੇਰੇ ਵਿਭਾਗ ਦਾ ਸਪੱਸ਼ਟੀਕਰਨ ਸਵੀਕਾਰ ਕਰ ਲਿਆ ਹੈ।" ਮੰਤਰੀ ਨੇ ਇਹ ਵੀ ਕਿਹਾ ਕਿ ਜਦੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਦੀ ਸ਼ਤਾਬਦੀ ਮਨਾਈ ਜਾ ਰਹੀ ਸੀ, ਤਾਂ ਮੁੱਖ ਮੰਤਰੀ ਮਾਨ ਨੇ ਵਿਸ਼ੇਸ਼ ਤੌਰ 'ਤੇ ਮਰਿਆਦਾ ਦਾ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ ਸਨ।