Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਸਿੱਖ ਗੁਰਦੁਆਰਾ ਐਕਟ 1925 ਵਿਚ ਨਵੀਂ ਧਾਰਾ ਜੋੜਨ ਬਾਰੇ ਕੀਤੇ ਐਲਾਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਕੀਤਾ ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਕੇਵਲ ਭਾਰਤ ਸਰਕਾਰ ਦੇਸ਼ ਦੀ ਸੰਸਦ ਜਰੀਏ ਹੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਰਾਜਨੀਤਕ ਰੰਗਤ ਦੇ ਕੇ ਆਪਣੇ ਦਿੱਲੀ ਬੈਠੇ ਆਕਾਵਾਂ ਨੂੰ ਖੁਸ਼ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਦੀ ਅਜਿਹੀ ਸੋਚ ਸਿੱਖ ਸੰਸਥਾ ਉੱਤੇ ਵੱਡਾ ਹਮਲਾ ਹੈ।
ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸੂਬੇਦਾਰ ਬਣਨ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਸੂਬੇ ਦੇ ਵਿਕਾਸ ਬਾਰੇ ਗੱਲ ਕਰਨੀ ਚਾਹੀਦੀ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਬਾਰੇ ਸਪੱਸ਼ਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਪਹਿਲਾਂ ਹੀ ਵਿਸ਼ਵ ਪੱਧਰ ’ਤੇ ਚੱਲ ਰਿਹਾ ਹੈ, ਜਿਸ ਤੋਂ ਦੇਸ਼-ਵਿਦੇਸ਼ ਦੀ ਸੰਗਤ ਸੰਤੁਸ਼ਟ ਹੈ ਅਤੇ ਸੰਗਤ ਪਾਸੋਂ ਇਸ ਦੇ ਕੋਈ ਪੈਸੇ ਵੀ ਨਹੀਂ ਲਏ ਜਾਂਦੇ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਇਸੇ ਸਾਲ ਜੁਲਾਈ ਮਹੀਨੇ ਵਿਚ ਪੀਟੀਸੀ ਚੈੱਨਲ ਪਾਸੋਂ ਖ਼ਤਮ ਹੋਣ ਉਪਰੰਤ ਅਗਲੇ ਪ੍ਰਬੰਧ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਿਰਧਾਰਤ ਸਬ-ਕਮੇਟੀ ਇਸ ਸਬੰਧੀ ਕਾਰਜ ਕਰ ਰਹੀ ਹੈ, ਜਿਸ ਦੇ ਜਲਦ ਹੀ ਸਾਰਥਕ ਨਤੀਜੇ ਵੀ ਸਾਹਮਣੇ ਆਉਣਗੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਪਣੇ ਸਿਆਸੀ ਹਿੱਤਾਂ ਲਈ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਕਰਕੇ ਬਿਨਾਂ ਅਧਿਕਾਰ ਖੇਤਰ ਤੋਂ ਹੀ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਸੂਬੇ ਦੀ ਵਿਧਾਨ ਸਭਾ ਵਿਚ ਲੈ ਕੇ ਜਾ ਰਹੀ ਹੈ, ਜਦਕਿ ਪੰਜਾਬ ਦੀ ਸੂਬਾ ਸਰਕਾਰ ਪਾਸ ਐਕਟ 1925 ਵਿਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਵੀ ਗੁਰਬਾਣੀ ਪ੍ਰਸਾਰਣ ਦੇ ਅਧਿਕਾਰਾਂ ਸਬੰਧੀ ਪੰਜਾਬ ਦੀ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਗਿਆ ਸੀ ਅਤੇ ਹੁਣ ਫਿਰ ਭਗਵੰਤ ਸਿੰਘ ਮਾਨ ਇਹ ਸ਼ਰਾਰਤ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੰਸਥਾ ਦੇ 103 ਸਾਲਾ ਦੇ ਇਤਿਹਾਸ ਵਿਚ ਕਈ ਸਰਕਾਰਾਂ ਆਈਆਂ ਤੇ ਗਈਆਂ, ਜਿਨ੍ਹਾਂ ਨੇ ਵੀ ਸੰਸਥਾ ਦੇ ਕੰਮਾਂ ਵਿਚ ਦਖ਼ਲਅੰਦਾਜ਼ੀ ਕੀਤੀ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ। ਉਨ੍ਹਾਂ ਭਗਵੰਤ ਸਿੰਘ ਮਾਨ ਨੂੰ ਕਿਹਾ ਕਿ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਨੂੰ ਉਲਝਾਉਣ ਤੋਂ ਬਾਜ ਆਉਣ, ਸਿੱਖ ਕੌਮ ਅਜਿਹੀ ਸਿੱਧੀ ਦਖ਼ਲਅੰਦਾਜ਼ੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।