Punjab Update: ਪੰਜਾਬ 'ਚ ਕੋਰੋਨਾ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਲੰਡਨ ਤੋਂ ਆਈ 60 ਸਾਲਾ ਔਰਤ ਨੂੰ ਸਾਹ ਦੀ ਤਕਲੀਫ ਕਾਰਨ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ। ਜਿੱਥੇ ਜਾਂਚ ਦੌਰਾਨ ਮਹਿਲਾ ਕੋਰੋਨਾ ਪਾਜ਼ੀਟਿਵ ਪਾਈ ਗਈ। ਇਸ ਸਾਲ ਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਦਾ ਇਹ ਪਹਿਲਾ ਮਾਮਲਾ ਹੈ।


ਇਹ ਔਰਤ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਭਾਰਤ ਆਈ ਸੀ ਅਤੇ ਅੰਮ੍ਰਿਤਸਰ ਦੇ ਇੱਕ ਨਿੱਜੀ ਹੋਟਲ ਵਿਚ ਠਹਿਰੀ ਹੋਈ ਸੀ। ਇੱਕ ਪ੍ਰਾਈਵੇਟ ਲੈਬ ਤੋਂ ਆਰਟੀਪੀਸੀਆਰ ਦਾ ਨਮੂਨਾ ਲੈਣ ਤੋਂ ਬਾਅਦ ਔਰਤ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। ਹਾਲਾਂਕਿ ਸਿਹਤ ਵਿਭਾਗ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਸਿਵਲ ਸਰਜਨ ਡਾ: ਵਿਜੇ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਦੇਖ-ਰੇਖ ਹੇਠ ਸਰਕਾਰੀ ਲੈਬ ਵਿੱਚ ਔਰਤ ਦੀ ਮੁੜ ਜਾਂਚ ਕੀਤੀ ਜਾਵੇਗੀ। ਇਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮਾਮਲੇ ਦੀ ਪੁਸ਼ਟੀ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਲੰਧਰ ਦੇ ਹੁਸ਼ਿਆਰਪੁਰ ਦੀ ਰਹਿਣ ਵਾਲੀ ਇੱਕ ਔਰਤ ਦੀ ਕੋਰੋਨਾ ਕਾਰਨ ਮੌਤ ਹੋ ਗਈ ਸੀ।


ਪੰਜਾਬ ਵਿੱਚ ਨਵੇਂ ਵੈਰੀਐਂਟ ਦਾ ਕੋਈ ਮਾਮਲਾ ਨਹੀਂ


ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਪਟਿਆਲਾ ਵਿੱਚ ਕਿਹਾ ਕਿ ਭਾਵੇਂ ਪੰਜਾਬ ਵਿੱਚ ਕੋਵਿਡ ਦੇ ਨਵੇਂ ਰੂਪ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ, ਪਰ ਵਿਭਾਗ ਵੱਲੋਂ ਇਹਤਿਆਤ ਵਜੋਂ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਲਈ ਪੰਜਾਬ ਦੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਮਾਨ ਦੀ ਅਗਵਾਈ ਹੇਠ ਸਰਕਾਰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।


ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਨੇ ਵੀ ਚੌਕਸ ਰਹਿਣ ਅਤੇ ਸਾਵਧਾਨੀਆਂ ਵਰਤਣ ਲਈ ਕਿਹਾ ਹੈ। ਜੋ ਲੋਕ ਕਿਸੇ ਵੀ ਬਿਮਾਰੀ ਤੋਂ ਪੀੜਤ ਹਨ, ਉਨ੍ਹਾਂ ਨੂੰ ਆਪਣਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਬਚਣਾ ਚਾਹੀਦਾ ਹੈ। ਇਸ ਸਮੇਂ ਆਮ ਲੋਕਾਂ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।


ਬਲਬੀਰ ਸਿੰਘ ਨੇ ਕਿਹਾ ਕਿ ਸੀ.ਐਮ.ਭਗਵੰਤ ਮਾਨ ਮੌਜੂਦਾ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਉਹ ਸੂਬੇ ਦੇ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ। ਇਸ ਸਬੰਧੀ ਮੌਕ ਡਰਿੱਲ ਵੀ ਕਰਵਾਈ ਗਈ ਹੈ। ਸਰਕਾਰ ਵੱਲੋਂ ਸਾਰੀਆਂ ਐਮਰਜੈਂਸੀ ਦਵਾਈਆਂ ਦਾ ਪ੍ਰਬੰਧ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਪਟਿਆਲਾ ਵਿੱਚ ਹਾਲੇ ਤੱਕ ਕੋਵਿਡ ਦਾ ਕੋਈ ਮਰੀਜ਼ ਦਾਖ਼ਲ ਨਹੀਂ ਹੋਇਆ ਹੈ, ਪਰ ਸਾਵਧਾਨੀ ਵਜੋਂ ਕੋਵਿਡ ਦੀ ਰੋਕਥਾਮ ਲਈ ਨਿਯਮਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।