Amritsar News: ਅੰਮ੍ਰਿਤਸਰ 'ਚ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਆਸ-ਪਾਸ ਦੇ ਪਿੰਡਾਂ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਵਿਭਾਗ ਮੁਤਾਬਕ ਨਦੀ 'ਚ ਪਾਣੀ ਦਾ ਪੱਧਰ 740 ਗੇਜ ਨਾਲ ਯੈਲੋ ਅਲਰਟ 'ਤੇ ਪਹੁੰਚ ਗਿਆ ਹੈ। ਇਸ ਸਮੇਂ ਦਰਿਆ ਵਿੱਚ 90 ਹਜ਼ਾਰ ਕਿਊਸਿਕ ਪਾਣੀ ਹੈ। ਪਿਛਲੇ ਇੱਕ ਹਫ਼ਤੇ ਤੋਂ ਬਿਆਸ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।


ਸਿੰਚਾਈ ਵਿਭਾਗ ਦੇ ਗੇਜ ਰੀਡਰ ਦਾ ਕਹਿਣਾ ਹੈ ਕਿ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਸ਼ੁੱਕਰਵਾਰ ਨੂੰ 739.80 ਗੇਜ ਨਾਲ 85400 ਕਿਊਸਿਕ, ਸ਼ਨੀਵਾਰ ਨੂੰ 739.90 ਗੇਜ ਨਾਲ 87700 ਕਿਊਸਿਕ ਅਤੇ ਐਤਵਾਰ ਸਵੇਰੇ 740 ਗੇਜ ਨਾਲ 90000 ਕਿਊਸਿਕ ਤੱਕ ਪਹੁੰਚ ਗਿਆ ਹੈ। ਸੋਮਵਾਰ ਨੂੰ ਗੇਜ 741 ਵੀ ਦਰਜ ਕੀਤਾ ਗਿਆ ਸੀ। ਇਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਦਾਖਲ ਹੋਣ ਦਾ ਖਤਰਾ ਵਧਦਾ ਜਾ ਰਿਹਾ ਹੈ।


ਰਾਵੀ ਦਰਿਆ ਵਿੱਚੋਂ ਅਜਨਾਲਾ ਦੇ ਕਈ ਪਿੰਡਾਂ ਵਿੱਚ ਪਾਣੀ ਆਉਣ ਦਾ ਖਤਰਾ ਬਣਿਆ ਹੋਇਆ ਹੈ। ਰਾਵੀ ਦੇ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ ਦਰਿਆ ਪਾਰ ਦੇ ਪਿੰਡਾਂ ਨੂੰ ਪਹਿਲਾਂ ਹੀ ਖਾਲੀ ਕਰਵਾ ਲਿਆ ਗਿਆ ਹੈ। ਮੰਤਰੀ ਕੁਲਦੀਪ ਧਾਰੀਵਾਲ ਨੇ ਸ਼ਨੀਵਾਰ ਨੂੰ ਇਲਾਕੇ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ 15 ਅਗਸਤ ਤੱਕ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ।


ਮੌਸਮ ਵਿਭਾਗ ਨੇ 2 ਅਤੇ 3 ਅਗਸਤ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਸੋਮਵਾਰ ਅਤੇ ਮੰਗਲਵਾਰ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਦੂਜੇ ਪਾਸੇ ਪੰਜਾਬ ਵਿੱਚ ਖੁਸ਼ਕ ਮੌਸਮ ਕਾਰਨ ਤਾਪਮਾਨ ਵਿੱਚ 1.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਪਟਿਆਲਾ ਦਾ ਸਭ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।