Amritsar News: ਦੁਬਈ ਤੋਂ 2 ਮਾਸੂਮ ਬੱਚਿਆਂ ਦੇ ਪਿਤਾ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ, 1 ਅਪ੍ਰੈਲ ਨੂੰ ਹੋਈ ਸੀ ਮੌਤ
ਅੱਜ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਨਕੋਦਰ ਦੇ ਪਿੰਡ ਗਿੱਦੜਪਿੰਡੀ ਨਾਲ ਸਬੰਧਿਤ 36 ਸਾਲਾ ਹਰਦੀਪ ਸਿੰਘ ਪੁੱਤਰ ਤਰਸੇਮ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜ਼ਿਲ੍ਹੇ ਦੀ ਤਹਿਸੀਲ ਨਕੋਦਰ ਦੇ ਪਿੰਡ ਗਿੱਦੜਪਿੰਡੀ ਨਾਲ ਸਬੰਧਿਤ 36 ਸਾਲਾ ਹਰਦੀਪ ਸਿੰਘ ਪੁੱਤਰ ਤਰਸੇਮ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਦੋ ਮਸੂਮ ਬੱਚਿਆਂ ਦਾ ਪਿਤਾ ਹਰਦੀਪ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਦੋ ਸਾਲ ਪਹਿਲਾਂ ਦੁਬਈ ਆਇਆ ਸੀ ਬੀਤੀ 1 ਅਪ੍ਰੈਲ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਮ੍ਰਿਤਕ ਦੇ ਪਿੰਡ ਦੇ ਸਰਪੰਚ ਲਾਲ ਚੰਦ ਲਾਲੀ ਤੇ ਦੁਬਈ ਰਹਿੰਦੇ ਕੁਝ ਨੌਜਵਾਨਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਹਰਦੀਪ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਹਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਹਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਏ ਖਰਚ ਦੀ ਜ਼ਿੰਮੇਵਾਰੀ ਉਸ ਦੇ ਦੋਸਤਾਂ ਨੇ ਨਿਭਾਈ ਹੈ। ਡਾ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਹਰਦੀਪ ਦੀ ਵਿਧਵਾ ਨੂੰ 2000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ।
ਹਰਦੀਪ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਪਿੰਡ ਦੇ ਸਰਪੰਚ ਲਾਲ ਚੰਦ ਲਾਲੀ , ਭਰਾ ਮਨੀ ਤੇ ਜਸਵਿੰਦਰ ਤੋਂ ਇਲਾਵਾ ਜੀਜੇ ਆਤਮਾ ਸਿੰਘ ਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਹਰਦੀਪ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਦੋ ਸਾਲ ਪਹਿਲਾਂ ਕਰਜ਼ਾ ਚੁੱਕ ਕੇ ਮਜ਼ਦੂਰੀ ਕਰਨ ਲਈ ਦੁਬਈ ਗਿਆ ਸੀ ਅਤੇ ਦੁਬਈ ਜਾਣ ਉਪਰੰਤ ਹਰਦੀਪ ਆਪਣੇ ਕੰਮ ਨੂੰ ਲੈ ਕੇ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਅਨੁਸਾਰ ਹਰਦੀਪ ਨੇ ਕਦੇ ਵੀ ਘਰ ਪੈਸੇ ਨਹੀਂ ਸਨ ਭੇਜੇ ਸਗੋਂ ਉਲਟ ਦੋ ਵਾਰ ਘਰੋਂ ਪੈਸੇ ਮੰਗਵਾਏ ਸਨ। ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਜਦੋਂ ਅਚਾਨਕ ਉਸ ਦੀ ਮੌਤ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਦੇ ਪੈਰਾਂ ਥੱਲਿਓਂ ਜ਼ਮੀਨ ਨਿਕਲ ਗਈ। ਉਨ੍ਹਾਂ ਭਰੇ ਗੱਚ ਨਾਲ ਦੱਸਿਆ ਕਿ ਹਰਦੀਪ ਆਪਣੇ ਪਿੱਛੇ ਬਜ਼ੁਰਗ ਮਾਪਿਆਂ ਤੇ ਪਤਨੀ ਤੋਂ ਇਲਾਵਾ ਦੋ ਮਾਸੂਮ ਬੱਚੇ ਛੱਡ ਗਿਆ ਹੈ। ਹਰਦੀਪ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰਕ ਨੂੰ ਹਰਦੀਪ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।
ਪੀੜਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਉਪ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਹੇਰ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 356 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।