Amritsar News: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ 4 ਜ਼ੋਨਾਂ, ਜ਼ੋਨ ਰਾਮ ਤੀਰਥ, ਜ਼ੋਨ ਬਾਬਾ ਸੋਹਣ ਸਿੰਘ ਭਕਨਾ, ਜ਼ੋਨ ਲੋਪੋਕੇ ਤੇ ਜ਼ੋਨ ਚੁਗਾਵਾਂ ਦੀ ਵਿਸ਼ਾਲ ਕਨਵੈਨਸ਼ਨ ਕੀਤੀ ਗਈ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ 2 ਵੱਡੇ ਫੋਰਮ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਐਲਾਨ ਦੇ ਚਲਦੇ ਪਿੰਡ ਪੱਧਰ ਤੇ ਤਿਆਰੀ ਮੀਟਿੰਗਾਂ ਕਰਕੇ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਤਿਆਰ ਕੀਤੇ ਜਾ ਰਹੇ ਹਨ ਤੇ 13 ਫਰਵਰੀ ਦੇ ਦਿੱਲੀ ਅੰਦੋਲਨ ’ਚ ਹਜ਼ਾਰਾਂ ਦੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਦਿੱਲੀ ਵੱਲ ਕੂਚ ਕਰਨਗੇ। 


ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਪਿਛਲੀਆਂ ਸਰਕਾਰਾਂ ਤੋਂ ਵੀ ਦਸ ਕਦਮ ਅੱਗੇ ਵਧ ਕੇ ਕਾਰਪੋਰੇਟ ਦਾ ਕਬਜ਼ਾ ਕਰਵਾਉਣ ਵਿਚ ਲੱਗੀ ਹੋਈ ਹੈ ਤੇ ਧਾਰਮਿਕ ਫ਼ਿਰਕਾਪ੍ਰਸਤੀ ਦੀ ਸਿਆਸਤ ਕਰ ਰਹੀ ਹੈ, ਉਸ ਨੂੰ ਰੋਕਣ ਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅੱਜ ਜਥੇਬੰਦਕ ਸੰਘਰਸ਼ ਦੀ ਲੋੜ ਹੈ। 


ਉਨ੍ਹਾਂ ਕਿਹਾ ਦਿੱਲੀ ਮੋਰਚੇ ਦੀਆਂ ਲਟਕ ਰਹੀਆਂ ਕਿਸਾਨ ਮਜ਼ਦੂਰ ਸਬੰਧੀ ਮੰਗਾਂ ਜਿਵੇਂ ਸਾਰੀਆਂ ਫ਼ਸਲਾਂ ਦੀ ਖ਼ਰੀਦ ਤੇ ਐਮਐਸਪੀ ਗਰੰਟੀ ਕਨੂੰਨ, ਸਵਾਮੀਨਾਥਨ ਕਮਿਸ਼ਨ ਦੀ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ, ਫ਼ਸਲੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ, ਬਿਜਲੀ ਬਿੱਲ 2020 ਨੂੰ ਪੂਰੀ ਤਰ੍ਹਾਂ ਰੱਦ ਕਰਨ, ਕਿਸਾਨ ਮਜ਼ਦੂਰ ਦੀ ਪੂਰਨ ਕਰਜ਼ ਮੁਕਤੀ ਕੀਤੀ ਜਾਵੇ, ਲਖੀਮਪੁਰ ਖੀਰੀ ਕਤਲ ਕਾਂਡ ਦਾ ਇਨਸਾਫ਼ ਕੀਤਾ ਜਾਵੇ, ਦਿੱਲੀ ਮੋਰਚੇ ਦੌਰਾਨ ਪਏ ਪੁਲੀਸ ਕੇਸ ਰੱਦ ਕੀਤੇ ਜਾਣ, ਜ਼ਮੀਨ ਐਕਵਾਇਰ ਕਰਨ ਸਬੰਧੀ 2013 ਦਾ ਕਾਨੂੰਨ ਉਸੇ ਰੂਪ ਵਿੱਚ ਲਾਗੂ ਕੀਤਾ ਜਾਵੇ, ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦਿੱਤੀਆਂ ਜਾਣ, ਵਿਸ਼ਵ ਵਪਾਰ ਸੰਸਥਾ ਨਾਲ ਕੀਤੇ ਸਮਝੌਤਿਆਂ ਵਿੱਚੋਂ ਭਾਰਤ ਬਾਹਰ ਆਵੇ , 58 ਸਾਲ ਦੀ ਉਮਰ ਦੇ ਕਿਸਾਨ ਅਤੇ ਖੇਤ ਮਜ਼ਦੂਰ ਦੀ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਸਕੀਮ ਲਾਗੂ ਕਰਵਾਉਣ ਸਮੇਤ ਅਹਿਮ ਮੁੱਦਿਆਂ ਤੇ ਦੋਨੇਂ ਫੋਰਮ ਵੱਲੋਂ ਲਮੇਰੇ ਸੰਘਰਸ਼ ਲਈ ਤਿਆਰ ਹਨ। 


ਆਗੂਆਂ ਨੇ ਜਾਣਕਾਰੀ ਦਿੱਤੀ ਕਿ ਕਿਸਾਨ ਮਜ਼ਦੂਰ ਅਤੇ ਬੀਬੀਆਂ ਵੱਲੋਂ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਆਉਂਦੇ ਸੰਘਰਸ਼ ਸਬੰਧੀ ਪ੍ਰੋਗਰਾਮਾਂ ਬਾਰੇ ਪ੍ਰਚਾਰ ਕਰ ਰਹੇ ਹਨ ਅਤੇ ਆਉਂਦੇ ਸੰਘਰਸ਼ ਵਿੱਚ ਪੂਰੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ ਜਾਵੇਗੀ।