ਬਾਬਾ ਬਕਾਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਐਸਮਾ (ਜ਼ਰੂਰੀ ਸੇਵਾਵਾਂ ਐਕਟ) ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਲਾਇਆ ਜਾਣਾ ਚਾਹੀਦਾ ਹੈ ਜਿਹਨਾਂ ਨੇ ਹੜ੍ਹਾਂ ਵਿਚ ਫਸੇ ਸੂਬੇ ਪੰਜਾਬ ਨੂੰ ਦੀ ਬਾਂਹ ਛੱਡੀ ਤੇ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਵਰਗੇ ਰਾਜਾਂ ਵਿਚ ਘੁੰਮਦੇ ਰਹੇ।


ਇਥੇ ਰੱਖੜ ਪੁੰਨਿਆ ਮੌਕੇ ਪਾਰਟੀ ਦੀ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਉਹ ਪੈਮਾਨਾ ਆਪਣੇ ’ਤੇ ਵੀ ਲਾਗੂ ਕਰਨਾ ਚਾਹੀਦਾ ਹੈ ਜੋ ਉਹ ਮੁਲਾਜ਼ਮਾਂ ’ਤੇ ਲਾਗੂ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹੀ ਪੈਮਾਨਾ ਮੰਤਰੀਆਂ ਤੇ ਵਿਧਾਇਕਾਂ ’ਤੇ ਵੀ ਲਾਗੂ ਹੋਣਾ ਚਾਹੀਦਾ ਹੈ ਜੋ ਪਿਛਲੇ ਮਹੀਨੇ ਆਏ ਹੜ੍ਹਾਂ ਵਿਚ ਫਸੇ ਕਿਸਾਨਾਂ ਦੀ ਮਦਦ ਵਾਸਤੇ ਨਹੀਂ ਨਿਤਰ ਸਕੇ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਐਸਮਾ ਵਰਗੇ ਕਾਨੂੰਨ ਲਾਗੂ ਕਰ ਕੇ ਮੁਲਾਜ਼ਮਾਂ ਨੂੰ ਦਬਾ ਸਕਦੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਬਜਾਏ ਤਾਨਾਸ਼ਾਹੀ ਰਵੱਈਆ ਅਪਣਾਉਣ ਦੇ ਹੜਤਾਲੀ ਮੁਲਾਜ਼ਮਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਉਹਨਾਂ ਦੀਆਂ ਸ਼ਿਕਾਇਤਾਂ ਦੂਰ ਕਰਨੀਆਂ ਚਾਹੀਦੀਆਂ ਹਨ।


ਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਟੈਂਡ ਦਾ ਸਵਾਗਤ ਕੀਤਾ ਜਿਸ ਕਾਰਨ ਆਪ ਸਰਕਾਰ ਆਪਣਾ ਫੈਸਲਾ ਵਾਪਸ ਲੈਣ ਲਈ ਮਜਬੂਰ ਹੋਈ। ਉਹਨਾਂ ਕਿਹਾ ਕਿ ਪੰਚਾਇਤਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਛੇ ਮਹੀਨੇ ਪਹਿਲਾਂ ਪੰਚਾਇਤਾਂ ਭੰਗ ਕਰਨ ਦਾ ਮਕਸਦ ਚੁਣੇ ਹੋਏ ਪ੍ਰਤੀਨਿਧਾਂ ਦੀ ਥਾਂ ਹੇਠਲੇ ਪੱਧਰ ਦੀਆਂ ਸੰਸਥਾਵਾਂ ’ਤੇ ਆਪਣਾ ਕਬਜ਼ਾ ਤੇ ਆਪਣੀ ਮਨਪਸੰਦ ਦੇ ਨੁਮਾਇੰਦੇ ਲਾਉਣਾ ਸੀ।


ਉਹਨਾਂ ਕਿਹਾ ਕਿ ਸਿੰਥੈਟਿਕ ਡਰੱਗ ਦੀ ਖਪਤ ਇਸ ਵੇਲੇ ਸਭ ਤੋਂ ਜ਼ਿਆਦਾ ਹੈ। ਉਹਨਾਂ ਕਿਹਾ ਕਿ ਇਸਦਾ ਕਾਰਨ ਇਹ ਹੈ ਕਿ ਆਪ ਦੇ ਵਿਧਾਇਕ ਡਰੱਗ ਮਾਫੀਆ ਤੋਂ ਮਹੀਨੇ ਲੈ ਰਹੇ ਹਨ। ਉਹਨਾਂ ਕਿਹਾ ਕਿ ਹਿਸੇ ਤਰੀਕੇ ਰੇਤੇ ਦੀ ਕੀਮਤ ਆਪ ਸਰਕਾਰ ਵੇਲੇ 7 ਰੁਪਏ ਤੋਂ ਵੱਧ ਕੇ 40 ਤੋਂ 50 ਰੁਪਏ ਪ੍ਰਤੀ ਫੁੱਟ ਹੋ ਗਈ ਹੈ।