ਪੰਜਾਬ ਸਰਕਾਰ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਬਣਾਇਆ ਜਾਵੇਗਾ ਅਤੇ ਹੁਣ ਪੰਜਾਬ ਸਹੀ ਮਾਅਨਿਆਂ ਵਿਚ ਸਿੱਖਿਆ ਦੇ ਖੇਤਰ ਵਿਚ ਨੰਬਰ ਇਕ ਸੂਬਾ ਬਣ ਕੇ ਉਭਰੇਗਾ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ. ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਅੱਜ ਜੰਡਿਆਲਾ ਗੁਰੂ ਵਿਖੇ ‘ਸਕੂਲ ਆਫ਼ ਐਮੀਨੈਂਸ’ ਦੀ ਇਮਾਰਤ ਦੀ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ। ਉਨਾਂ ਦੱਸਿਆ ਕਿ ਪਹਿਲੇ ਫੇਜ਼ ਵਿੱਚ ਇਸ ਸਕੂਲ ਵਿੱਚ 1 ਕਰੋੜ ਰੁਪਏ ਲੱਗ ਚੁੱਕੇ ਹਨ ਅਤੇ ਹੁਣ ਦੂਜੇ ਫੇਜ ਵਿੱਚ 60 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨਾਂ ਦੱਸਿਆ ਕਿ ਦੂਜੇ ਫੇਜ ਵਿੱਚ ਕਮਰਿਆਂ ਵਿੱਚ ਟਾਈਲਾਂ ਅਤੇ ਬਰਾਂਡਿਆਂ ਵਿੱਚ ਗਰੀਨ ਮਾਰਬਲ ਲਗਾਇਆ ਜਾਵੇਗਾ। ਈ.ਟੀ.ਓ. ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵਰਗੇ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਿਸ ਨਾਲ ਸਾਡੇ ਹਜ਼ਾਰਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵਧਣ ਦੇ ਮੌਕੇ ਨਸੀਬ ਨਹੀਂ ਹੋਏ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਨੂੰ ਵਿਸ਼ਵ ਦੇ ਹਾਣ ਦਾ ਬਣਾਉਣ ਦਾ ਪ੍ਰਣ ਕੀਤਾ ਹੈ ਅਤੇ ਉਹ ਸਮਾਂ ਦੂਰ ਨਹੀਂ ਜਦੋਂ ਪੰਜਾਬ ਫਿਰ ਰੰਗਲਾ ਪੰਜਾਬ ਬਣੇਗਾ। ਈ.ਟੀ.ਓ. ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ‘ਸਕੂਲ ਆਫ਼ ਐਮੀਨੈਂਸ’ ਦੇ ਸਾਰੇ ਕੰਮ ਮਿੱਥੇ ਸਮੇਂ ਅੰਦਰ ਮੁਕੰਮਲ ਹੋਣੇ ਚਾਹੀਦੇ ਹਨ ਅਤੇ ਕੰਮ ਦੀ ਗੁਣਵੱਤਾ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇ। ਉਨਾਂ ਕਿਹਾ ਕਿ ਇਨਾਂ ਸਕੂਲਾਂ ਵਿਚੋਂ ਹੀ ਪੰਜਾਬ ਦਾ ਭਵਿੱਖ ਨਿਕਲਣਾ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਈਏ। ਉਨਾਂ ਕਿਹਾ ਕਿ ‘ਸਕੂਲ ਆਫ਼ ਐਮੀਨੈਂਸ’ ਦੇ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰਨਗੇ।
ਇਸ ਮੌਕੇ ਮੈਡਮ ਸੁਹਿੰਦਰ ਕੌਰ, ਜਿਲ੍ਹਾ ਸਿੱਖਿਆ ਅਧਿਕਾਰੀ ਸ੍ਰੀ ਸੁਸ਼ੀਲ ਤੁਲੀ, ਪ੍ਰਿੰਸੀਪਲ ਜਤਿੰਦਰ ਕੌਰ, ਜਿਲਆ ਕੋਆਰਡੀਨੇਟਰ ਜਸਬੀਰ ਸਿੰਘ ਗਿੱਲ, ਸੁਖਵਿੰਦਰ ਸਿੰਘ, ਸਤਿੰਦਰ ਸਿੰਘ, ਸ਼੍ਰੀ ਨਰੇਸ਼ ਪਾਠਕ, ਸਰਬਜੀਤ ਡਿੰਪੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਨਿਵਾਸੀ ਹਾਜ਼ਰ ਸਨ।
ਕੈਪਸ਼ਨ : ਹਰਭਜਨ ਸਿੰਘ ਈ.ਟੀ.ਓ. ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਜੰਡਿਆਲਾ ਗੁਰੂ ਵਿਖੇ ‘ਸਕੂਲ ਆਫ਼ ਐਮੀਨੈਂਸ’ ਦੀ ਇਮਾਰਤ ਦੀ ਨਵੀਨੀਕਰਨ ਦਾ ਨੀਂਹ ਪੱਥਰ ਰੱਖਦੇ ਹੋਏ।