Farmers Protest In Punjab: ਪੰਜਾਬ ਦੇ ਕਿਸਾਨਾਂ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਜਿੱਥੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਆਗਵਾਈ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਸਾੜਿਆ ਗਿਆ। ਇਸ ਤੋਂ ਇਲਾਵਾ ਪੰਜਾਬ ਦੇ 18 ਜ਼ਿਲ੍ਹਿਆਂ ਦੇ ਵਿੱਚ ਪੁਤਲੇ ਫੂਕੇ ਜਾਣਗੇ।

ਇਸ ਦੌਰਾਨ, ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਆਪਣਾ ਵਿਰੋਧ ਦਰਜ ਕਰਵਾਉਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ। ਪੰਧੇਰ ਨੇ ਪੰਜਾਬ ਪੁਲਿਸ ਵੱਲੋਂ ਕਥਿਤ ਤੌਰ 'ਤੇ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਦੀ ਵੀ ਮੰਗ ਕੀਤੀ।

 

 

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਗੇ ਕਿਹਾ- "ਸਾਡੇ ਲਗਭਗ 18 ਜ਼ਿਲ੍ਹਿਆਂ 'ਚ ਪ੍ਰੋਗਰਾਮ ਹੋਣਗੇ। ਮਹਿਜ਼ ਅੰਮ੍ਰਿਤਸਰ 'ਚ 21 ਥਾਵਾਂ 'ਤੇ ਅਸੀਂ ਭਗਵੰਤ ਮਾਨ ਸਰਕਾਰ ਦੇ ਪੁਤਲੇ ਸਾੜਾਂਗੇ। ਅੱਜ ਦਾ ਪ੍ਰੋਗਰਾਮ ਸਾਰੇ ਪੰਜਾਬ 'ਚ ਸੈਂਕੜਿਆਂ ਥਾਵਾਂ 'ਤੇ ਕੀਤਾ ਜਾਵੇਗਾ। SKM ਦੇ ਪੰਜਾਬ ਸੰਘ ਦੇ ਆਗੂ ਨੂੰ ਕਿਸਾਨ ਮਜ਼ਦੂਰ ਮੋਰਚਾ ਦੀ ਲੀਡਰਸ਼ਿਪ ਨਾਲ ਹਿਰਾਸਤ 'ਚ ਲਿਆ ਗਿਆ ਸੀ। ਇਸ ਲਈ, ਅੱਜ ਦਾ ਪ੍ਰੋਗਰਾਮ ਕਿਸਾਨਾਂ ਦੇ ਮਾਨਵ ਅਧਿਕਾਰਾਂ ਦੀ ਉਲੰਘਣਾ ਦੇ ਖ਼ਿਲਾਫ਼ ਹੈ। ਇਹ ਸ਼ਾਂਤੀਪੂਰਵਕ ਕੀਤਾ ਜਾਵੇਗਾ। ਅਸੀਂ ਮੰਗ ਕਰਦੇ ਹਾਂ ਕਿ ਸਾਰੇ ਗ੍ਰਿਫਤਾਰ ਕਿਸਾਨਾਂ ਨੂੰ ਰਿਹਾ ਕੀਤਾ ਜਾਵੇ," ।

ਉੱਧਰ ਡੀਐਸਪੀ ਮਨਿੰਦਰ ਸਿੰਘ ਪਾਲ ਨੇ ਪੁਸ਼ਟੀ ਕੀਤੀ ਕਿ ਰੋਸ ਪ੍ਰਦਰਸ਼ਨ ਲਈ ਸਾਰੀਆਂ ਲੋੜੀਂਦੀਆਂ ਵਿਵਸਥਾਵਾਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ "ਸਾਰੀਆਂ ਵਿਵਸਥਾਵਾਂ ਕੀਤੀਆਂ ਜਾ ਚੁੱਕੀਆਂ ਹਨ। ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਅਸੀਂ ਸਚੇਤ ਹਾਂ। ਕਿਸਾਨ ਇੱਥੇ ਹਨ। ਰੋਸ ਪ੍ਰਦਰਸ਼ਨ ਇੱਥੇ ਹੀ (ਗੋਲਡਨ ਗੇਟ 'ਤੇ) ਹੋਵੇਗਾ" ।