Lok Sabha Elections 2024: ਬੂਥ ਪੱਧਰੀ ਚੋਣ ਮੀਟਿੰਗਾਂ ਦੇ ਸਬੰਧ ਵਿੱਚ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਅਟਾਰੀ ਹਲਕੇ ਦੇ ਪਿੰਡ ਝੀਤਾ ਚੇਤ ਸਿੰਘ ਅਤੇ ਵਰਪਾਲ ਵਿੱਚ ਮੀਟਿੰਗਾਂ ਕੀਤੀਆਂ। ਪਿੰਡ ਵਰਪਾਲ ਵਿਖੇ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕਾਂ ਅਤੇ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਕਿਸਾਨਾਂ ਨੇ ਗੁਰਜੀਤ ਸਿੰਘ ਔਜਲਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਔਜਲਾ ਨੇ ਕਿਹਾ ਕਿ ਇਹ ਈਡੀ ਦੀ ਮਦਦ ਨਾਲ ਜਿੱਤ ਦਾ ਸੁਪਨਾ ਦੇਖ ਰਹੀ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ।

 

 

ਅਵਤਾਰ ਸਿੰਘ ਗਿੱਲ ਅਤੇ ਸੁਰਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਔਜਲਾ ਨੇ ਕਿਹਾ ਕਿ ਗੁਰੂ ਨਗਰੀ ਦੇ ਲੋਕਾਂ ਨੇ ਉਨ੍ਹਾਂ 'ਤੇ ਦੋ ਵਾਰ ਭਰੋਸਾ ਜਤਾਇਆ ਹੈ ਅਤੇ ਹੁਣ ਤੀਜੀ ਵਾਰ ਵੀ ਉਹ ਗੁਰੂ ਨਗਰੀ ਦੇ ਲੋਕਾਂ ਦੀ ਆਵਾਜ਼ ਬਣਨਗੇ। ਉਨ੍ਹਾਂ ਕਿਹਾ ਕਿ ਇਸ ਵਾਰ ਭਾਰਤੀ ਜਨਤਾ ਪਾਰਟੀ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਹੈ, ਜਿਸ ਲਈ ਉਹ ਈਡੀ ਦਾ ਸਹਾਰਾ ਲੈ ਕੇ ਕਈ ਤਰ੍ਹਾਂ ਦੇ ਘਟੀਆ ਹੱਥਕੰਡੇ ਅਪਣਾ ਕੇ ਜਿੱਤ ਦੇ ਸੁਪਨੇ ਦੇਖ ਰਹੇ ਹਨ ਜੋ ਕਦੇ ਵੀ ਪੂਰਾ ਹੋਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਭਾਜਪਾ ਨੂੰ ਵੋਟ ਦੇਣਾ ਲੋਕਾਂ ਦੀ ਵੱਡੀ ਭੁੱਲ ਹੋਵੇਗੀ। ਔਜਲਾ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ 'ਚ ਸੜਕਾਂ 'ਤੇ ਬੈਠ ਕੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਹੈ ਅਤੇ ਭਵਿੱਖ 'ਚ ਵੀ ਕਰਦੇ ਰਹਿਣਗੇ | ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਕਾਂਗਰਸ ਦਾ ਸੱਤਾ ਵਿੱਚ ਆਉਣਾ ਬਹੁਤ ਜ਼ਰੂਰੀ ਹੈ।

 

ਇਸ ਮੌਕੇ ਕਿਸਾਨ ਆਗੂ ਗੁਰਦੇਵ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ੍ਰੀ ਗੁਰਜੀਤ ਔਜਲਾ ਦਾ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪੰਚਾਇਤ ਯੂਨੀਅਨ ਮਾਝਾ ਦੇ ਪ੍ਰਧਾਨ ਸੁਖਰਾਜ ਸਿੰਘ ਰੰਧਾਵਾ, ਅਵਤਾਰ ਸਿੰਘ ਗਿੱਲ, ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਰੰਧਾਵਾ, ਸਰਪੰਚ ਕਸ਼ਮੀਰ ਸਿੰਘ ਵਰਪਾਲ, ਚੇਅਰਮੈਨ ਨਿਰਵੇਲ ਸਿੰਘ ਰੰਧਾਵਾ, ਸੰਤੋਖ ਸਿੰਘ ਬਿਸ਼ੰਬਰਪੁਰਾ, ਸਰਪੰਚ ਸੁਖਵੰਤ ਸਿੰਘ ਚੇਤਨਪੁਰਾ, ਕੀਰਤਨ ਬੀਰ ਸਿੰਘ, ਸਾਬਕਾ ਸਰਪੰਚ ਬਲਕਾਰ ਸਿੰਘ ਆਦਿ ਹਾਜ਼ਰ ਸਨ