Amritsar News: ਪੰਜਾਬ ਦੇ ਅੰਮ੍ਰਿਤਸਰ 'ਚ ਕਿਸਾਨ ਭੰਡਾਰੀ ਪੁਲ ਤੋਂ ਆਪਣਾ ਮੋਰਚਾ ਹਟਾਉਣ ਨੂੰ ਰਾਜ਼ੀ ਹੋ ਗਏ ਹਨ। ਦੇਰ ਰਾਤ ਤੱਕ ਜ਼ਿਲ੍ਹਾ ਪ੍ਰਸ਼ਾਸਨ ਨਾਲ ਚੱਲੀ ਗੱਲਬਾਤ ਤੋਂ ਬਾਅਦ ਹੁਣ ਕਿਸਾਨ ਆਪਣਾ ਮੋਰਚਾ ਕੱਥੂਨੰਗਲ ਟੋਲ ਪਲਾਜ਼ਾ 'ਤੇ ਲਗਾਉਣ ਜਾ ਰਹੇ ਹਨ ਤੇ ਇਹ ਪੱਕਾ ਮੋਰਚਾ ਹੋਵੇਗਾ, ਜਿਸ ਦੇ ਚੱਲਦੇ ਦੁਪਹਿਰ 11 ਵਜੇ ਤੋਂ ਬਾਅਦ ਅੰਮ੍ਰਿਤਸਰ-ਪਠਾਨਕੋਟ ਹਾਈਵੇਅ 'ਤੇ ਟ੍ਰੈਫ਼ਿਕ ਪ੍ਰਭਾਵਿਤ ਹੋਵੇਗੀ। ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ 'ਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗਵਾਈ 'ਚ ਕਿਸਾਨਾਂ ਦਾ ਇੱਕ ਸਮੂਹ ਬੁੱਧਵਾਰ ਸ਼ਾਮ ਭੰਡਾਰੀ ਪੁਲ 'ਤੇ ਆ ਕੇ ਬੈਠ ਗਿਆ। ਪ੍ਰਦਰਸ਼ਨ ਦੇ ਕਾਰਨ ਬੁੱਧਵਾਰ ਨੂੰ ਅੰਮ੍ਰਿਤਸਰ 'ਚ ਲੋਕ ਕਈ ਘੰਟਿਆਂ ਤੱਕ ਜਾਮ 'ਚ ਫਸੇ ਰਹੇ।
ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਤੇ ਸ਼ਹਿਰ ਦੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੇ ਹਨ। ਇਸ ਦੇ ਚੱਲਦੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਕਿਸਾਨ ਹੁਣ ਆਪਣਾ ਮੋਰਚਾ ਕੱਥੂਨੰਗਲ ਹਾਈਵੇਅ 'ਤੇ ਲਾਉਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੋਰਚਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ।
ਦੱਸ ਦਈਏ ਕਿ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਵੱਲੋਂ ਭੰਡਾਰੀ ਪੁਲ ’ਤੇ ਰੋਸ ਧਰਨਾ ਦਿੱਤਾ ਗਿਆ ਸੀ ਜੋ ਸ਼ਾਮ ਤੱਕ ਜਾਰੀ ਸੀ ਤੇ ਇਸ ਨਾਲ ਸ਼ਹਿਰ ਵਿਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ। ਧਰਨੇ ’ਤੇ ਬੈਠੇ ਕਿਸਾਨਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਮੀਟਿੰਗ ਕਰਕੇ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਹੁਣ ਤੱਕ ਮੰਨੀਆ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਤੇ ਕਿਸਾਨਾਂ ਨਾਲ ਵਾਅਦਾਖ਼ਿਲਾਫ਼ੀ ਕੀਤੀ ਹੈ।
ਧਰਨੇ ’ਤੇ ਬੈਠੇ ਕਿਸਾਨਾਂ ਨੇ ਸਵੇਰ ਵੇਲੇ ਭੰਡਾਰੀ ਪੁਲ ਦਾ ਅੱਧਾ ਹਿੱਸਾ ਜਾਮ ਕੀਤਾ ਸੀ ਤੇ ਅੱਧੇ ਰਸਤੇ ਤੋਂ ਆਵਾਜਾਈ ਜਾਰੀ ਸੀ, ਪਰ ਸ਼ਾਮ ਵੇਲੇ ਭੰਡਾਰੀ ਪੁਲ ਦਾ ਸਾਰਾ ਰਸਤਾ ਬੰਦ ਕਰ ਦਿੱਤਾ ਗਿਆ ਸੀ ਜਿਸ ਨਾਲ ਸ਼ਹਿਰ ਵਿੱਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਤ ਹੋਈ। ਆਵਾਜਾਈ ਜਾਮ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਵਿਚੋਂ ਲੰਘਣਾ ਪਿਆ ਸੀ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਗੁਰਜੰਟ ਸਿੰਘ ਨੇ ਕੋਹਾਲੀ ਨੇ ਆਖਿਆ ਕਿ ਦਿੱਲੀ ਕਟੜਾ ਹਾਈਵੇਅ ਵਿੱਚ ਵੱਡੇ ਪੱਧਰ ’ਤੇ ਘਪਲਾ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਜ਼ਮੀਨ ਐਕੁਆਇਰ ਕਰਨ ਲਈ ਕਿਸਾਨਾਂ ਨੂੰ ਵੱਖ-ਵੱਖ ਜ਼ਮੀਨ ਦੇ ਰੇਟ ਦਿੱਤੇ ਜਾ ਰਹੇ ਹਨ, ਇਸ ਮਾਮਲੇ ਵਿੱਚ ਉਨ੍ਹਾਂ ਇੱਕ ਐਸਡੀਐਮ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਕਿਸਾਨ ਆਗੂ ਹਰਪ੍ਰੀਤ ਸਿੰਘ ਕਾਹਲੋਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਵੱਲੋਂ ਮੰਗਾਂ ਮੰਨਣ ਦਾ ਵਾਅਦਾ ਸਿਰਫ ਹਿਮਾਚਲ ਤੇ ਗੁਜਰਾਤ ਦੀਆਂ ਚੋਣਾਂ ਦੇ ਮੱਦੇਨਜ਼ਰ ਕੀਤਾ ਗਿਆ ਸੀ।