Rebellion in Akali Dal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੇ ਲਿਖਤੀ ਮੁਆਫ਼ੀਨਾਮੇ 'ਤੇ ਵਿਚਾਰ ਕਰਨ ਲਈ ਅੱਜ ਜਥੇਦਾਰ ਸ੍ਰੀ ਆਕਲ ਤਖ਼ਤ ਗਿਆਨੀ ਰਘਵੀਰ ਸਿੰਘ ਨੇ ਪੰਜ ਸਿੰਘ ਸਹਿਬਾਨਾ ਦੀ ਬੈਠਕ ਸੱਦੀ ਹੈ ਜੋ ਅੱਜ ਸ਼ੁਰੂ ਹੋਵੇਗੀ। ਇਸ ਬੈਠਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਲੀਡਰਾਂ ਕੋਲੋਂ ਸਪੱਸ਼ਟੀਕਰਨ ਵੀ ਮੰਗਿਆ ਜਾ ਸਕਦਾ ਹੈ।


ਇਸ ਮੀਟਿੰਗ ਤੋਂ ਪਹਿਲਾਂ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਦੋ ਗ੍ਰੰਥੀਆਂ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰ ਪਾਲ ਸਿੰਘ ਦਾ ਸੇਵਾ ਸੰਭਾਲ ਸਮਾਗਮ ਵੀ ਹੋਵੇਗਾ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੱਖ-ਵੱਖ ਸਿੱਖ ਮਾਮਲਿਆਂ ਨੂੰ ਵਿਚਾਰਨ ਵਾਸਤੇ 15 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੀ ਹੈ। ਇਸ ਸਬੰਧੀ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ।


ਮੀਟਿੰਗ ਦੀ ਪੁਸ਼ਟੀ ਅਕਾਲ ਤਖ਼ਤ ਦੇ ਸਕੱਤਰੇਤ ਵੱਲ ਕੀਤੀ ਗਈ ਹੈ। ਵੇਰਵਿਆਂ ਮੁਤਾਬਕ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦਾ ਮਾਮਲਾ ਵਿਚਾਰੇ ਜਾਣ ਦੀ ਉਮੀਦ ਹੈ। ਇਸ ਦੌਰਾਨ ਬੀਤੇ ਦਿਨੀਂ ਗੁਰੂ ਗ੍ਰੰਥ ਸਾਹਿਬ ਦਾ ਨਕਲੀ ਸਰੂਪ ਰੱਖ ਕੇ ਫਿਲਮ ਦੀ ਸ਼ੂਟਿੰਗ ਕਰਨ ਦੇ ਸਾਹਮਣੇ ਆਏ ਮਾਮਲੇ ਬਾਰੇ ਵੀ ਵਿਚਾਰ-ਚਰਚਾ ਹੋ ਸਕਦੀ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਅਕਾਲ ਤਖ਼ਤ ਜਾ ਕੇ ਮੁਆਫੀ ਮੰਗਣ ਦੇ ਮਾਮਲੇ 'ਚ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਪੰਜ ਤਖ਼ਤਾਂ ਦੇ ਜਥੇਦਾਰਾਂ ਨੂੰ ਚਾਹੀਦਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਨੂੰ ਖਾਲਸਾ ਪੰਥ 'ਚੋਂ ਛੇਕ ਦੇਣ। ਇਨ੍ਹਾਂ ਨੇ ਖਾਲਸਾ ਪੰਥ ਦੇ ਸਿਧਾਂਤਾਂ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਪੰਥ ਅਤੇ ਪੂਰੇ ਸ਼੍ਰੋਮਣੀ ਅਕਾਲੀ ਦਲ ਦਾ ਨੁਕਸਾਨ ਕੀਤਾ ਹੈ ਅਤੇ ਹੁਣ ਮੁਆਫੀ ਮੰਗ ਕੇ ਆਪ ਦੁੱਧ ਧੋਤੇ ਬਣ ਰਹੇ ਹਨ।


ਇਹ ਮੁਆਫ਼ੀਨਾਮਾ ਬਾਗੀ ਧੜੇ ਨੇ ਇੱਕ ਜੁਲਾਈ ਨੂੰ ਸੌਂਪਿਆ ਸੀ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਅਤੇ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਗਲਤੀਆਂ, ਜਿਵੇਂ ਕਿ ਰਾਮ ਰਹੀਮ ਨੂੰ ਮੁਆਫੀ਼, ਬੇਅਬਦੀ, ਸੰਗਤ 'ਤੇ ਪੁਲਿਸ ਵੱਲੋਂ ਹਮਲਾ ਕਰਨ ਦਾ ਜਿਕਰ ਕੀਤਾ ਗਿਆ ਸੀ। ਓਧਰ ਚੰਡੀਗੜ੍ਹ ਵਿੱਚ ਬਾਗੀ ਧੜੇ ਨੇ ਵੀ ਅੱਜ ਦੁਪਹਿਰ 2 ਵਜੇ ਮੀਟਿੰਗ ਸੱਦੀ ਹੈ।