Flood in Punjab: ਪੰਜਾਬ ਵਿੱਚ ਅਜੇ ਵੀ ਹੜ੍ਹ ਤਬਾਹੀ ਮਚਾ ਰਹੇ ਹਨ। ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ ਤੇ ਫਿਰੋਜ਼ਪੁਰ ਦੇ ਕਈ ਪਿੰਡਾਂ ਵਿੱਚ ਰਾਵੀ ਤੇ ਸਤਲੁਜ ਦਾ ਪਾਣੀ ਵੱਧ ਗਿਆ ਹੈ। ਅੰਮ੍ਰਿਤਸਰ ਦੇ 140 ਪਿੰਡ ਹੜ੍ਹ ਦੀ ਲਪੇਟ ਵਿੱਚ ਹਨ। ਹਾਲਾਤ ਵਿਗੜਦੇ ਵੇਖ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸੂਬੇ ਦੀ ਸਥਿਤੀ ਜਾਣਨ ਲਈ ਪੰਜਾਬ ਪਹੁੰਚੇ ਹਨ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨਾਲ ਅੰਮ੍ਰਿਤਸਰ ਹਵਾਈ ਅੱਡੇ 'ਤੇ ਮੁਲਾਕਾਤ ਕੀਤੀ। ਰਾਜਪਾਲ ਨੇ ਖੇਤੀ ਮੰਤਰੀ ਨੂੰ ਹੜ੍ਹ ਪ੍ਰਭਾਵਿਤ ਪੰਜ ਜ਼ਿਲ੍ਹਿਆਂ ਦੀ ਰਿਪੋਰਟ ਵੀ ਸੌਂਪੀ।
ਰਾਜਪਾਲ ਨੇ 1 ਤੋਂ 4 ਸਤੰਬਰ, 2025 ਤੱਕ ਸਾਰੇ 5 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰਨ ਤੋਂ ਬਾਅਦ ਕੇਂਦਰੀ ਮੰਤਰੀ ਨੂੰ ਇਨ੍ਹਾਂ ਇਲਾਕਿਆਂ ਦੀ ਜ਼ਮੀਨੀ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਹੜ੍ਹਾਂ ਕਾਰਨ ਹੋਏ ਭਾਰੀ ਜਾਨੀ, ਮਾਲੀ, ਫਸਲਾਂ ਤੇ ਬੁਨਿਆਦੀ ਢਾਂਚੇ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਫੌਜ, ਐਨਡੀਆਰਐਫ ਤੇ ਹੋਰ ਏਜੰਸੀਆਂ ਵੱਲੋਂ ਸਾਂਝੇ ਤੌਰ 'ਤੇ ਕੀਤੇ ਜਾ ਰਹੇ ਰਾਹਤ ਤੇ ਪੁਨਰਵਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ।
ਦੱਸ ਦਈਏ ਕਿ ਕੇਂਦਰੀ ਖੇਤੀਬਾੜੀ ਮੰਤਰੀ ਪੰਜਾਬ ਦੇ ਦੌਰੇ 'ਤੇ ਹਨ। ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲ ਰਹੇ ਹਨ ਤੇ ਉਨ੍ਹਾਂ ਦੀਆਂ ਤੁਰੰਤ ਜ਼ਰੂਰਤਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਨੇ ਰਾਜ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਤੇ ਤੁਰੰਤ ਰਾਹਤ ਤੇ ਪੁਨਰਵਾਸ ਕਾਰਜ ਦਾ ਭਰੋਸਾ ਦਿੱਤਾ। ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਤੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਧਾਲੀਵਾਲ ਨੇ ਵੀ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਨੇ ਅਜਨਾਲਾ ਵਿੱਚ ਹੜ੍ਹਾਂ ਦੇ ਨੁਕਸਾਨ ਦੇ ਤੁਰੰਤ ਮੁਆਵਜ਼ੇ ਲਈ 2000 ਕਰੋੜ ਰੁਪਏ ਦਾ ਮੰਗ ਪੱਤਰ ਦਿੱਤਾ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਪੰਜਾਬ ਸਰਕਾਰ ਦੇ ਬਕਾਇਆ 60,000 ਕਰੋੜ ਰੁਪਏ ਤੁਰੰਤ ਜਾਰੀ ਕਰਨ ਲਈ ਵੀ ਮੰਗ ਪੱਤਰ ਦਿੱਤਾ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਇਲਾਵਾ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਆ ਰਹੇ ਹਨ।
ਉਧਰ, ਪੰਜਾਬ ਵਿੱਚ ਅਜੇ ਵੀ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਮਾਨਸਾ, ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਹਲਕੀ ਬਾਰਸ਼ ਹੋਣ ਦੀ ਵੀ ਸੰਭਾਵਨਾ ਹੈ ਜਿਸ ਨਾਲ ਰਾਹਤ ਕਾਰਜਾਂ ਵਿੱਚ ਮੁਸ਼ਕਲ ਵਧ ਸਕਦੀ ਹੈ। ਹਾਲਾਂਕਿ, ਹੁਣ ਮੀਂਹ ਰੁਕਣ ਤੋਂ ਬਾਅਦ ਕਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ।
ਇਸ ਸਾਲ ਰਾਵੀ ਨੇ ਰਾਜ ਵਿੱਚ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਹੜ੍ਹ ਦਾ ਪਾਣੀ ਕਈ ਪਿੰਡਾਂ ਤੋਂ ਘੱਟ ਗਿਆ ਹੈ ਤੇ ਨੁਕਸਾਨ ਸਪੱਸ਼ਟ ਹੁੰਦਾ ਜਾ ਰਿਹਾ ਹੈ। ਲੋਕਾਂ ਦੇ ਘਰਾਂ ਵਿੱਚ ਰੇਤ ਜਮ੍ਹਾਂ ਹੋ ਗਈ ਹੈ। ਖੇਤਾਂ ਵਿੱਚ ਫਸਲਾਂ ਰੇਤ ਦੀ ਲਪੇਟ ਵਿੱਚ ਹਨ। ਘਰਾਂ ਦੀ ਹਾਲਤ ਬਹੁਤ ਤਰਸਯੋਗ ਹੈ। ਕੰਧਾਂ 'ਤੇ ਤਰੇੜਾਂ ਦਿਖਾਈ ਦੇ ਰਹੀਆਂ ਹਨ। ਕਈ ਛੱਤਾਂ ਡਿੱਗ ਗਈਆਂ ਹਨ। ਕੱਚੇ ਘਰ ਹੁਣ ਰਹਿਣ ਦੇ ਯੋਗ ਨਹੀਂ ਰਹੇ।