Amritsar News: ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇੱਕ ਪਾਸੇ ਸ਼੍ਰੋਮਣੀ ਕਮੇਟੀ ਇਸ ਦਾ ਵਿਰੋਧ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਵਿੱਚ ਹਰਿਆਣਾ ਦੇ ਸਿੱਖਾਂ ਦੀ ਆਪਸੀ ਸਹਿਮਤੀ ਵੀ ਨਹੀਂ ਬਣ ਰਹੀ। ਇਸ ਲਈ ਇਹ ਮਾਮਲਾ ਉਲਝਦਾ ਜਾ ਰਿਹਾ ਹੈ। ਉਂਝ ਹਰਿਆਣਾ ਦੇ ਸਿੱਖਾਂ ਵਿੱਚ ਦਰਾੜ੍ਹ ਪੈਣ ਮਗਰੋਂ ਹਰਿਆਣਾ ਦੇ ਆਗੂ ਜਗਦੀਸ਼ ਸਿੰਘ ਝੀਂਡਾ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ। ਉਨ੍ਹਾਂ ਨੇ ਐਤਵਾਰ ਨੂੰ ਆਪਣੀ 41 ਮੈਂਬਰੀ ਕਮੇਟੀ ਦੀ ਸੂਚੀ ਸ੍ਰੀ ਅਕਾਲ ਤਖ਼ਤ ’ਤੇ ਸੌਂਪੀ ਤੇ ਅਪੀਲ ਕੀਤੀ ਹੈ ਕਿ ਉਸ ਦੀ ਕਮੇਟੀ ਨੂੰ ਮਾਨਤਾ ਦਿੱਤੀ ਜਾਵੇ।
ਦੱਸ ਦਈਏ ਕਿ ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੀ ਕਮੇਟੀ ਐਕਟ ਨੂੰ ਮਾਨਤਾ ਦਿੱਤੀ ਗਈ ਹੈ। ਇਸ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿੱਚ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੋਈ ਹੈ। ਦੂਜੇ ਪਾਸੇ, ਹਰਿਆਣਾ ਦੇ ਸਿੱਖਾਂ ਵਿੱਚ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਦੌੜ ਲੱਗੀ ਹੋਈ ਹੈ। ਹਾਲ ਹੀ ਵਿੱਚ ਹਰਿਆਣਾ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਨਾਲ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ, ਜਗਦੀਸ਼ ਸਿੰਘ ਝੀਂਡਾ ਤੇ ਹੋਰ ਸਿੱਖ ਸਹਿਮਤ ਨਹੀਂ ਹਨ।
ਇਸੇ ਕੜੀ ਤਹਿਤ ਹਰਿਆਣਾ ਦੇ ਸਿੱਖ ਆਗੂ ਜਗਦੀਸ਼ ਸਿੰਘ ਝੀਂਡਾ ਐਤਵਾਰ ਨੂੰ ਇੱਥੇ ਅਕਾਲ ਤਖ਼ਤ ’ਤੇ ਪੁੱਜੇ। ਉਨ੍ਹਾਂ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੱਤਰ ਸੌਂਪ ਕੇ ਅਪੀਲ ਕੀਤੀ ਹੈ ਕਿ ਤਖ਼ਤ ਵੱਲੋਂ ਹਰਿਆਣਾ ਦੀ ਸਿੱਖ ਸੰਗਤ ਦਾ ਮਾਰਗ ਦਰਸ਼ਨ ਕੀਤਾ ਜਾਵੇ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਉਹ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੰਗਤ ਨਾਲ ਸਲਾਹ ਮਸ਼ਵਰਾ ਕਰਕੇ ਆਏ ਹਨ। ਇਸ ਦੇ ਆਧਾਰ ’ਤੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ 41 ਮੈਂਬਰਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਉਨ੍ਹਾਂ ਅਕਾਲ ਤਖ਼ਤ ਨੂੰ ਅਪੀਲ ਕੀਤੀ ਹੈ ਕਿ ਹਰਿਆਣਾ ਦੀ ਸੰਗਤ ਵੱਲੋਂ ਬਣਾਈ ਇਸ ਕਮੇਟੀ ਨੂੰ ਮਾਨਤਾ ਦਿੱਤੀ ਜਾਵੇ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇੱਥੇ ਨਾ ਹੋਣ ਕਾਰਨ ਸਕੱਤਰੇਤ ਦੇ ਅਧਿਕਾਰੀਆਂ ਨੇ ਪੱਤਰ ਪ੍ਰਾਪਤ ਕੀਤਾ ਹੈ।