'Guru Nanak Udasi Darpan : ਉੱਘੇ ਸਿੱਖ ਵਿਦਵਾਨ ਅਤੇ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਦੀ ਪੁਸਤਕ ‘ਗੁਰੂ ਨਾਨਕ ਉਦਾਸੀ ਦਰਪਣ’ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸਾਂਝੇ ਤੌਰ ’ਤੇ ਸੰਗਤ ਅਰਪਣ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ। ਪੁਸਤਕ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਚਾਰ ਦੌਰਿਆ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ ਹੈ। ਗਿਆਨੀ ਗੁਲਸ਼ਾਨ ਇਸ ਤੋਂ ਪਹਿਲਾਂ ਵੀ ਚਾਰ ਪੁਸਤਕਾਂ ਪੰਥ ਦੀ ਝੋਲੀ ਪਾ ਚੁੱਕੇ ਹਨ। ਉਨ੍ਹਾਂ ਨੇ ਆਪਣੀ ਇਸ ਵੱਡ-ਅਕਾਰੀ ਪੰਜਵੀਂ ਪੁਸਤਕ ਵਿਚ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀਆਂ ਚਾਰੇ ਵੱਡੀਆਂ ਉਦਾਸੀਆਂ ਦੇ ਨਾਲ-ਨਾਲ ਉਨ੍ਹਾਂ ਦੇ ਹੋਰ ਪ੍ਰਚਾਰ ਦੌਰਿਆਂ, ਗੁਰੂ ਸਾਹਿਬ ਵੱਲੋਂ ਦਿੱਤੇ ਗਏ ਸੰਦੇਸ਼ ਆਦਿ ਨੂੰ ਇਤਿਹਾਸਕ ਗ੍ਰੰਥਾਂ ਦੀ ਰੌਸ਼ਨੀ ਵਿਚ ਪੇਸ਼ ਕੀਤਾ ਹੈ।
ਪੁਸਤਕ ਸੰਗਤ ਅਰਪਣ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਤਖ਼ਤ ਸ੍ਰੀਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਵੱਲੋਂ ਇਕ ਕਥਾਕਾਰ ਦੇ ਨਾਲ-ਨਾਲ ਖੋਜੀ ਵਿਦਵਾਨ ਵਜੋਂ ਸਿੱਖੀ ਪ੍ਰਚਾਰ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।ਇਸ ਮੌਕੇ ਗਿਆਨੀ ਗੁਲਸ਼ਨ ਨੇ ਦੱਸਿਆ ਕਿ ਇਹ ਪੁਸਤਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਚਾਰ ਦੌਰਿਆਂ ਅਤੇ ਇਸ ਦੌਰਾਨ ਕੀਤੀਆਂ ਗੋਸ਼ਟਾਂ ਨਾਲ ਸਬੰਧਤ ਹੈ। ਇਸ ਵਿਚ ਮਹਿਮਾ ਪ੍ਰਕਾਸ਼, ਜਨਮ ਸਾਖੀਆਂ, ਗੁਰਪ੍ਰਤਾਪ ਸੂਰਜ ਗ੍ਰੰਥ, ਪੰਥ ਪ੍ਰਕਾਸ਼ ਅਤੇ ਪ੍ਰੰਪਰਾਵਾਂ ਨੂੰ ਅਧਾਰ ਬਣਾਇਆ ਗਿਆ ਹੈ।
ਪੁਸਤਕ ਸੰਗਤ ਅਰਪਣ ਕਰਨ ਮੌਕੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ, ਗਿਆਨੀ ਮਲਕੀਤ ਸਿੰਘ, ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਜੱਸਾ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਮਨਮੋਹਨ ਸਿੰਘ ਬਾਰਨੇ ਵਾਲੇ, ਦਿਲਜੀਤ ਸਿੰਘ ਬੇਦੀ, ਬਾਬਾ ਗੁਰਦੇਵ ਸਿੰਘ ਕੁਲੀ ਵਾਲੇ, ਦਯਾਪਾਲ ਸਿੰਘ ਲੰਡਨ, ਗਿਆਨੀ ਕੁਲਵਿੰਦਰ ਸਿੰਘ ਜਲੰਧਰ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸੁਲਖਣ ਸਿੰਘ ਭੰਗਾਲੀ, ਜਸਪਾਲ ਸਿੰਘ, ਰਾਜਿੰਦਰ ਸਿੰਘ ਰੂਬੀ ਅਤੇ ਰਣਜੀਤ ਸਿੰਘ ਆਦਿ ਮੌਜੂਦ ਸਨ।