Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਇਸ ਦੇ ਨਾਲ ਹੀ ਜਥੇਦਾਰ ਨੇ ਕਿਹਾ ਹੈ ਕਿ ਜੇਕਰ ਸਰਕਾਰ ਸਿੱਖ ਨੌਜਵਾਨਾਂ ਰਿਹਾਅ ਨਹੀਂ ਕਰਦੀ ਤਾਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਵਹੀਰ ਕੱਢ ਕੇ ਪੂਰੀ ਦੁਨੀਆ ਨੂੰ ਦੱਸਿਆ ਜਾਏਗਾ ਕਿ ਸਿੱਖਾਂ ਨਾਲ ਵਧੀਕੀਆਂ ਹੋ ਰਹੀਆਂ ਹਨ।


ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ 29 ਮਾਰਚ ਨੂੰ ਦੇਸ਼-ਵਿਦੇਸ਼ ਦੇ ਸਿੱਖ ਆਪਣੇ ਵਾਹਨਾਂ ਉੱਪਰ ਮਹਾਰਾਜਾ ਰਣਜੀਤ ਸਿੰਘ ਵੇਲੇ ਦਾ ਕੇਸਰੀ ਨਿਸ਼ਾਨ ਲਾਉਣ। ਇਸ ਤੋਂ ਇਲਾਵਾ ਪਿਛਲੇ ਦਿਨਾਂ ਵਿੱਚ ਜਿਹੜੇ ਨਿਊਜ਼ ਚੈਨਲਾਂ ਨੇ ਸਿੱਖ ਕੌਮ ਬਾਰੇ ਗਲਤ ਖਬਰਾਂ ਨਸ਼ਰ ਕੀਤੀਆਂ, ਉਨ੍ਹਾਂ ਖਿਲਾਫ ਕੇਸ ਕੀਤਾ ਜਾਏਗਾ।


ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ 60 ਤੋਂ 70 ਸਿੱਖ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ। ਇਸ ਵਿੱਚ ਜਥੇਬੰਦੀਆਂ ਦੇ ਮੈਂਬਰਾਂ ਦੇ ਨਾਲ-ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੇ ਮੈਂਬਰ ਵੀ ਪੁੱਜੇ ਹਨ।


 


27 ਮਾਰਚ ਨੂੰ ਬੁਲਾਈ ਗਈ ਸੀ ਮੀਟਿੰਗ


ਜ਼ਿਕਰ ਕਰ ਦਈਏ ਕਿ ਇਸ ਮੀਟਿੰਗ ਵਿੱਚ ਕੋਈ ਵੀ ਸਿਆਸੀ ਜਮਾਤ ਦਾ ਪ੍ਰਤੀਨਿਧ ਨਹੀਂ ਸੱਦਿਆ ਗਿਆ ਸੀ। ਉਨ੍ਹਾਂ ਇਸ ਸਬੰਧ ਵਿੱਚ ਸਿੱਖ ਸੰਗਤ ਕੋਲੋਂ ਵੀ ਸੁਝਾਅ ਮੰਗੇ ਸੀ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਉਪਰ ਸਭ ਦੀਆਂ ਨਜ਼ਰਾਂ ਸਨ। ਸਰਕਾਰ ਵੀ ਇਸ ਮੀਟਿੰਗ ਉੱਪਰ ਨਜ਼ਰ ਰਹੀ ਸੀ। ਬੀਤੇ ਦਿਨ ਪੰਜਾਬ ਪੁਲਿਸ ਦੇ ਖੁਫੀਆ ਵਿੰਗ ਦੇ ਆਈਜੀ ਜਸਕਰਨ ਸਿੰਘ ਨੇ ਵੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਸੀ। ਬੇਸ਼ੱਕ ਆਈਜੀ ਨੇ ਇਸ ਨੂੰ ਰਸਮੀ ਮੀਟਿੰਗ ਕਿਹਾ ਸੀ ਪਰ ਇਸ ਨੂੰ 27 ਮਾਰਚ ਨੂੰ ਵਾਲੀ ਮੀਟਿੰਗ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।


ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ  ਕਿ ਪੁਲਿਸ ਵੱਲੋਂ ਨੌਜਵਾਨਾਂ ’ਤੇ ਲੋੜੋਂ ਵੱਧ ਸੰਗੀਨ ਜੁਰਮਾਂ ਤਹਿਤ ਕੇਸ ਦਰਜ ਕੀਤੇ ਜਾ ਰਹੇ ਹਨ ਜਦਕਿ ਇਨ੍ਹਾਂ ਨੌਜਵਾਨਾਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ। ਜਥੇਦਾਰ ਨੇ ਕਿਹਾ ਕਿ ਪੁਲਿਸ ਅੰਮ੍ਰਿਤਪਾਲ ਬਾਰੇ ਸੋਸ਼ਲ ਮੀਡੀਆ ’ਤੇ ਕੁਝ ਵੀ ਸਾਂਝਾ ਕਰਨ ਵਾਲਿਆਂ ਦੇ ਘਰਾਂ ਵਿੱਚ ਵੀ ਜਾ ਰਹੀ ਹੈ ਜੋ ਵਿਚਾਰਾਂ ਦੀ ਆਜ਼ਾਦੀ ’ਤੇ ਹਮਲਾ ਹੈ। ਉਨ੍ਹਾਂ ਕਿਹਾ  ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੁਲਿਸ ਨੂੰ ਅਜਿਹੀ ਕਾਰਵਾਈ ਕਰਨ ਤੋਂ ਰੋਕੇ।




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।