GNDU Zonal Youth Festival : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਢੋਲ ਦੀ ਥਾਪ ਨਾਲ ਭੰਗੜੇ ਦੇ ਮੁਕਾਬਲਿਆਂ ਨਾਲ `ਡੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ ਹੋ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਕਾਲਜਾਂ ਅਤੇ ਵਿਭਾਗਾਂ ਦੇ ਵਿਦਿਆਰਥੀ ਮੌਜੂਦ ਸਨ। ਇਸ 3-ਦਿਨਾਂ ਮੇਲੇ ਵਿਚ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਵਿਦਿਆਰਥੀ-ਕਲਾਕਾਰ ਵੱਖ-ਵੱਖ ਕਲਾ/ਸਭਿਆਚਾਰਕ ਆਈਟਮਾਂ ਵਿਚ ਭਾਗ ਲੈ ਰਹੇ ਹਨ। ਇਹ ਮੇਲਾ 16 ਅਕਤੂਬਰ ਤਕ ਚੱਲੇਗਾ। ਇਸ ਯੁਵਕ ਮੇਲੇ ਦੇ ਵੱਖ-ਵੱਖ ਮੁਕਾਬਲੇ ਦਸਮੇਸ਼ ਆਡੀਟੋਰੀਅਮ ਤੋਂ ਇਲਾਵਾ ਯੂਨੀਵਰਸਿਟੀ ਵਿਖੇ ਵੱਖ-ਵੱਖ ਸਟੇਜਾਂ ਜਿਵੇਂ ਗੁਰੂ ਨਾਨਕ ਭਵਨ, ਕਾਨਫਰੰਸ ਹਾਲ ਅਤੇ ਆਰਕੀਟੈਕਚਰ ਵਿਭਾਗ ਵਿਖੇ ਆਯੋਜਤ ਕੀਤੇ ਜਾ ਰਹੇ ਹਨ।

 

ਮੇਲੇ ਦਾ ਰਸਮੀ ਉਦਘਾਟਨ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ, ਡਿਪਟੀ ਡਾਇਰੈਕਟਰ, ੳੇੁਚੇਰੀ ਸਿਖਿਆ, ਪੰਜਾਬ ਸਰਕਾਰ, ਅਸ਼ਵਨੀ ਭੱਲਾ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ। ਇਸ ਤੋਂ ਪਹਿਲਾਂ ਡੀਨ, ਵਿਦਿਆਰਥੀ ਭਲਾਈ, ਪ੍ਰੋ. ਅਨੀਸ਼ ਦੂਆ ਨੇ ਭੱਲਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਯੂਨੀਵਰਸਿਟੀ ਪੁੱਜਣ `ਤੇ ਸਵਾਗਤ ਕੀਤਾ। ਭੱਲਾ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਉਹ ਯੂਨੀਵਰਸਿਟੀ ਹੈ, ਜਿਥੇ ਮੈਂ ਪੜ੍ਹਿਆ ਅਤੇ ਇਨ੍ਹਾਂ ਯੁਵਕ ਮੇਲਿਆਂ ਵਿਚ ਭਾਗ ਲਿਆ ਤੇ ਇਸ ਅਹੁਦੇ `ਤੇ ਪਹੁੰਚਿਆਂ ਹਾਂ। ਉਨ੍ਹਾਂ ਕਿਹਾ ਕਿ ਵਿਦਿਆਰਥੀ ਨੌਜੁਆਨ ਵਧਾਈ ਦੇ ਪਾਤਰ ਜਿਨ੍ਹਾਂ ਨੇ ਸਾਡੇ ਸਭਿਆਚਾਰ ਨੂੰ ਸਾਂਭ ਕੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਇਹ ਪੀੜ੍ਹੀ ਇਨ੍ਹਾਂ ਸਭਿਆਚਾਰ ਗਤੀਵਿਧੀਆਂ ਰਾਹੀਂ ਸਾਡੇ ਅਲੋਪ ਹੋ ਰਹੇ ਸਭਿਆਚਾਰ ਨੂੰ ਸਾਂਭ ਕੇ ਅੱਗੇ ਵਧਾਅ ਰਹੇ ਹਨ। ਉਨ੍ਹਾਂ ਆਸ ਜਤਾਈ ਕਿ ਪੰਜਾਬ ਦਾ ਸਭਿਆਚਾਰ ਇਨ੍ਹਾਂ ਨੌਜੁਆਨਾਂ ਦੇ ਹੱਥਾਂ ਵਿਚ ਸੁਰਖਿਅਤ ਰਹੇਗਾ।
  

 



ਡਾ. ਤੇਜਵੰਤ ਸਿੰਘ ਕੰਗ, ਕਨਵੀਨਰ ਨੇ ਦੱਸਿਆ ਕਿ ਦਸਮੇਸ਼ ਆਡੀਟੋਰੀਅਮ ਵਿਚ ਭੰਗੜੇ ਤੋਂ ਇਲਾਵਾ ਅੱਜ ਹੋਏ ਮੁਕਾਬਲਿਆਂ ਵਿਚ ਸਮੂਹ ਸ਼ਬਦ/ਭਜਨ, ਸਮੂਹ ਗਾਇਨ (ਭਾਰਤੀ), ਕਲਾਸੀਕਲ ਇੰਸ. (ਪਰਕਸ਼ਨ), ਕਲਾਸੀਕਲ ਇੰਸ. (ਨਾਨ-ਪਰਕਸ਼ਨ), ਕਲਾਸੀਕਲ ਸੰਗੀਤ ਵੋਕਲ ਸੋਲੋ, ਲੋਕ ਸਾਜ਼ ਦੇ ਮੁਕਾਬਲੇ ਹੋਏ। ਆਰਕੀਟੈਕਚਰ ਸਟੇਜ `ਤੇ ਪੇਂਟਿੰਗ ਆਨ ਦ ਸਪਾਟ, ਕਾਰਟੂਨਿੰਗ, ਕੋਲਾਜ਼, ਪੋਸਟਰ ਮੇਕਿੰਗ, ਕਲੇਅ ਮਾਡਲਿੰਗ, ਆਨ ਦ ਸਪਾਟ ਫੋਟੋਗਰਾਫੀ, ਇੰਸਟਾਲੇਸ਼ਨ ਦੇ ਮੁਕਾਬਲੇ ਹੋਏ।


ਉਨ੍ਹਾਂ ਕਿਹਾ ਕਿ 15 ਅਕਤੂਬਰ ਨੂੰ ਦਸਮੇਸ਼ ਆਡੀਟੋਰੀਅਮ ਵਿਚ ਕਾਸਟਿਊਮ ਪਰੇਡ, ਮਾਈਮ, ਮਿਮਕਰੀ, ਸਕਿਟ, ਵਨ ਐਕਟ ਪਲੇਅ ਅਤੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਵਾਰ ਗਾਇਨ, ਕਵਿਸ਼ਰੀ, ਗੀਤ/ਗਜ਼ਲ, ਲੋਕ ਗੀਤ ਦੇ ਮੁਕਾਬਲੇ ਹੋਣਗੇ। ਆਰਕੀਟੈਕਚਰ ਵਿਭਾਗ ਦੀ ਸਟੇਜ `ਤੇ ਰੰਗੋਲੀ, ਫੁਲਕਾਰੀ, ਮਹਿੰਦੀ ਅਤੇ ਕਾਨਫਰੰਸ ਹਾਲ ਵਿਚ ਪੋਇਟੀਕਲ ਸਿੰਪੋਜ਼ੀਅਮ, ਇਲੋਕਿਊਸ਼ਨ, ਡੀਬੇਟ ਦੇ ਮੁਕਾਬਲੇ ਹੋਣਗੇ। 16 ਅਕਤੂਬਰ ਨੂੰ ਦਸਮੇਸ਼ ਆਡੀਟੋਰੀਅਮ ਵਿਚ ਵੈਸਟਰਨ ਵੋਕਲ (ਸੋਲੋ), ਵੈਸਟਰਨ ਗਰੁੱਪ ਸਾਂਗ, ਵੈਸਟਰਨ ਇੰਸਟਰੂਮੈਂਟਲ ਸੋਲੋ, ਜਨਰਲ ਡਾਂਸ ਅਤੇ ਗਿੱਧੇ ਦੇ ਮੁਕਾਬਲਿਆਂ ਤੋਂ ਬਾਅਦ ਇਨਾਮ ਵੰਡ ਸਮਾਗਮ ਹੋਵੇਗਾ। ਫੈਸਟੀਵਲ ਦੇ ਆਯੋਜਨ ਵਿਚ ਵਿਦਿਆਰਥੀ ਦੀ ਟੀਮ ਤੋਂ ਇਲਾਵਾ ਅਧਿਆਪਕ ਪ੍ਰੋ. ਸ਼ਾਲਿਨੀ ਬਹਿਲ, ਡਾ. ਅਮਨਦੀਪ ਸਿੰਘ, ਡਾ. ਸਤਨਾਮ ਸਿੰਘ ਦਿਓਲ, ਡਾ. ਪਰਮਬੀਰ ਸਿੰਘ ਮੱਲ੍ਹੀ, ਡਾ. ਮੁਨੀਸ਼ ਸੈਣੀ ਤੋਂ ਇਲਾਵਾ ਹੋਰ ਵੀ ਸਟਾਫ ਦੇ ਮੈਂਬਰ ਹਾਜ਼ਰ ਸਨ।