ਸ੍ਰੀ ਹਰਿੰਮਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੀ ਧੁਆਈ, ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਸੇਵਾ
ਸ੍ਰੀ ਹਰਿੰਮਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਤੇ ਸਾਫ-ਸਫਾਈ ਦੀ ਸੇਵਾ ਸ਼ੁਰੂ ਕੀਤੀ ਗਈ ਹੈ। ਇਹ ਸੇਵਾ ਵੀਰਵਾਰ ਤੋਂ ਸ਼ੁਰੂ ਹੋਈ ਹੈ ਜੋ ਲਗਪਗ 10 ਦਿਨ ਚੱਲੇਗੀ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ...
Amritsar News: ਸ੍ਰੀ ਹਰਿੰਮਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਤੇ ਸਾਫ-ਸਫਾਈ ਦੀ ਸੇਵਾ ਸ਼ੁਰੂ ਕੀਤੀ ਗਈ ਹੈ। ਇਹ ਸੇਵਾ ਵੀਰਵਾਰ ਤੋਂ ਸ਼ੁਰੂ ਹੋਈ ਹੈ ਜੋ ਲਗਪਗ 10 ਦਿਨ ਚੱਲੇਗੀ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਇਹ ਸੇਵਾ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਨਾਲ ਸ਼ੁਰੂ ਕੀਤੀ ਗਈ।
ਸੇਵਾ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ਇਸ ਦੀ ਧੁਆਈ ਦਾ ਕੰਮ ਲਗਾਤਾਰ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਬਾਰਿਸ਼ ਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘਟ ਜਾਂਦੀ ਹੈ, ਜਿਸ ਦੀ ਸਾਫ-ਸਫਾਈ ਅਤੇ ਧੁਆਈ ਆਦਿ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਨਿਸ਼ਕਾਮ ਰੂਪ ਵਿਚ ਕਰਦਾ ਹੈ। ਸੇਵਕ ਜਥੇ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਲੱਗੇ ਸੁਨਹਿਰੀ ਪੱਤਰਿਆਂ ਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਆਰੰਭਿਆ ਗਿਆ ਹੈ, ਜੋ ਨਿਰੰਤਰ ਚੱਲ ਰਿਹਾ ਹੈ।
ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਨੇ ਦੱਸਿਆ ਕਿ ਜਥੇ ਵੱਲੋਂ ਹਰ ਸਾਲ ਸੋਨੇ ਦੀ ਧੁਆਈ ਦੀ ਸੇਵਾ ਕੀਤਾ ਜਾਂਦੀ ਹੈ। ਇਸੇ ਤਹਿਤ ਹੀ ਇਸ ਵਾਰ ਵੀ ਸੰਗਤਾਂ ਸੋਨੇ ਦੀ ਧੁਆਈ ਦੀ ਸੇਵਾ ਵਾਸਤੇ ਵਿਸ਼ੇਸ਼ ਤੌਰ ’ਤੇ ਆਈਆਂ ਹਨ।
ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।