Amritsar News: ਸ੍ਰੀ ਹਰਿਮੰਦਰ ਸਾਹਿਬ ਦਾ ਆਲਾ-ਦੁਆਲਾ ਹੋਏਗਾ ਕੂੜਾ ਮੁਕਤ, ਕੈਬਨਿਟ ਮੰਤਰੀ ਗੁਰਮੀਤ ਹੇਅਰ ਦਾ ਐਲਾਨ
Punjab news: ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਕਿਹਾ ਕਿ ਦੋ ਮਹੀਨਿਆਂ ਵਿੱਚ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਨੂੰ ਕੂੜਾ ਮੁਕਤ ਖੇਤਰ ਬਣਾ ਦਿੱਤਾ ਜਾਵੇਗਾ। ਉਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ਦੀ
Amritsar News: ਕੈਬਨਿਟ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਕਿਹਾ ਕਿ ਦੋ ਮਹੀਨਿਆਂ ਵਿੱਚ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਨੂੰ ਕੂੜਾ ਮੁਕਤ ਖੇਤਰ ਬਣਾ ਦਿੱਤਾ ਜਾਵੇਗਾ। ਉਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਤਹਿਤ ਉਨ੍ਹਾਂ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ।
ਕੈਬਨਿਟ ਮੰਤਰੀ ਹੇਅਰ ਨੇ ਮੀਟਿੰਗ ਵਿਚ ਜ਼ਿਲ੍ਹਾ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਡੀ ਜਾਵੇ ਜਿਸ ਤਹਿਤ ਸਭ ਤੋਂ ਪਹਿਲਾਂ ਦਰਬਾਰ ਸਾਹਿਬ ਦੇ ਆਲੇ-ਦੁਆਲੇ ਨੂੰ ਕੂੜੇ ਤੋਂ ਮੁਕਤ ਕੀਤਾ ਜਾਵੇ। ਇਸ ਇਲਾਕੇ ਦੇ ਕੂੜੇ ਨੂੰ ਗਿੱਲਾ ਤੇ ਸੁੱਕਾ ਦੋ ਹਿੱਸਿਆਂ ਵਿੱਚ ਚੁੱਕਣ ਦਾ ਪ੍ਰਬੰਧ ਦੋ ਮਹੀਨਿਆਂ ਵਿੱਚ ਪੂਰਾ ਕਰ ਲਿਆ ਜਾਵੇ।
ਦੱਸ ਦਈਏ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੈਲਾਨੀ ਤੇ ਸ਼ਰਧਾਲੂ ਆਉਂਦੇ ਹਨ ਪਰ ਇਸ ਖੇਤਰ ਵਿੱਚ ਸਫ਼ਾਈ ਉਸ ਪੱਧਰ ਦੀ ਨਹੀਂ ਹੈ। ਸ਼੍ਰੋਮਣੀ ਕਮੇਟੀ, ਕਾਰ ਸੇਵਾ ਸੰਪਰਦਾ ਤੇ ਸ਼ਰਧਾਲੂ ਜਥੇਬੰਦੀਆਂ ਵੱਲੋਂ ਆਪਣੇ ਪੱਧਰ ’ਤੇ ਸਫ਼ਾਈ ਦੀ ਸੇਵਾ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਕਾਰਪੋਰੇਸ਼ਨ ਅਧਿਕਾਰੀਆਂ ਨੂੰ ਅਗਲੀ ਮੀਟਿੰਗ ਤੱਕ ਵਿਸਥਾਰਤ ਰਿਪੋਰਟ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਸਿਰਜਣ ਦਾ ਜ਼ਿੰਮਾ ਸਾਡੇ ਸਾਰਿਆਂ ’ਤੇ ਹੈ ਤੇ ਇਹ ਚੰਗੇ ਭਵਿੱਖ ਲਈ ਜ਼ਰੂਰੀ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਨਾ ਹੋਵੇ ਅਤੇ ਲੋਕਾਂ ਦੇ ਕੰਮ ਸਮੇਂ ਸਿਰ ਹੋਣ ਇਸ ਗੱਲ ਉੱਤੇ ਧਿਆਨ ਕੇਂਦਰਤ ਕੀਤਾ ਜਾਵੇ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਟਾਰੀ ਸਰਹੱਦ ਵਿੱਚ ਰੋਜ਼ਾਨਾ ਆਉਂਦੇ ਹਜ਼ਾਰਾਂ ਸੈਲਾਨੀਆਂ ਦੀ ਸਹੂਲਤ ਲਈ ਵਧੀਆ ਬੁਨਿਆਦੀ ਢਾਂਚਾ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਪਿੰਡਾਂ ਵਿੱਚ ਮਨਰੇਗਾ ਅਧੀਨ ਵੱਧ ਤੋਂ ਵੱਧ ਕੰਮ ਕਰਵਾ ਕੇ ਜਿੱਥੇ ਪਿੰਡਾਂ ਨੂੰ ਵਿਕਸਿਤ ਕੀਤਾ ਜਾਵੇ, ਉੱਥੇ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਜੋ ਵੀ ਆਦੇਸ਼ ਪ੍ਰਾਪਤ ਹੋਣਗੇ, ਸਾਰੇ ਅਧਿਕਾਰੀ ਉਸ ਉੱਤੇ ਇਮਾਨਦਾਰੀ ਨਾਲ ਕੰਮ ਕਰਨਗੇ।