Amritsar News: ਸ੍ਰੀ ਦਰਬਾਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈਬ ਚੈਨਲ ਅੱਜ ਰਸਮੀ ਤੌਰ ’ਤੇ ਲਾਂਚ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਘਰ ਦਾ ਅਸ਼ੀਰਵਾਦ ਲੈਣ ਵਾਸਤੇ ਅਖੰਡ ਪਾਠ ਸ਼ੁਰੂ ਕੀਤਾ ਗਿਆ ਸੀ, ਜਿਸ ਦਾ ਭੋਗ ਅੱਜ ਪਵੇਗਾ। ਬਾਅਦ ਵਿੱਚ ਇਸ ਸਬੰਧੀ ਮੁੱਖ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਹੋਵੇਗਾ, ਜਿੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਰਸਮੀ ਤੌਰ ’ਤੇ ਵੈੱਬ ਚੈਨਲ ਦੀ ਸ਼ੁਰੂਆਤ ਕੀਤੀ ਜਾਵੇਗੀ। 



ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਤਖਤਾਂ ਦੇ ਜਥੇਦਾਰਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ ਸੰਪਰਦਾਵਾਂ ਦੇ ਪ੍ਰਤੀਨਿਧਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਇਸ ਸਮਾਗਮ ਦੌਰਾਨ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਵੈੱਬ ਚੈਨਲ ਦੀ ਸ਼ੁਰੂਆਤ ਦਾ ਐਲਾਨ ਤੇ ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਵੇਗੀ।


ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੈੱਬ ਚੈਨਲ ਸ਼ੁਰੂ ਕਰਨ ਲਈ ਇੱਕ ਨਿੱਜੀ ਕੰਪਨੀ ਦੀਆਂ ਸੇਵਾਵਾਂ ਲਈਆਂ ਗਈਆਂ ਹਨ, ਜਿਸ ਵੱਲੋਂ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਲਈ ਟ੍ਰਾਇਲ ਕੀਤੇ ਗਏ ਹਨ ਤੇ ਇਹ ਸਫ਼ਲ ਰਹੇ ਹਨ। ਅੱਜ ਰਸਮੀ ਤੌਰ ’ਤੇ ਵੈੱਬ ਚੈਨਲ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ।


ਹਾਸਲ ਜਾਣਕਾਰੀ ਅਨੁਸਾਰ ਸਮਾਗਮ ਵਿੱਚ ਵੈੱਬ ਚੈਨਲ ਵੱਲੋਂ ਸਮਾਗਮ ਦਾ ਸਿੱਧਾ ਪ੍ਰਸਾਰਨ ਵੀ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 24 ਜੁਲਾਈ ਤੜਕੇ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਨ ਆਰੰਭ ਕੀਤਾ ਜਾਵੇਗਾ। ਕੀਰਤਨ ਦਾ ਪ੍ਰਸਾਰਨ ਤੜਕੇ ਤੇ ਸ਼ਾਮ ਵੇਲੇ ਕੀਤਾ ਜਾਵੇਗਾ। ਇਸ ਸਬੰਧੀ ਵੈੱਬ ਚੈਨਲ ਦੇ ਲਿੰਕ ਵੀ ਜਾਰੀ ਕੀਤੇ ਜਾਣਗੇ, ਜਿਸ ਰਾਹੀਂ ਸੰਗਤ ਇਸ ਵੈਬ ਚੈਨਲ ਨਾਲ ਸਿੱਧੇ ਤੌਰ ’ਤੇ ਜੁੜ ਸਕੇਗੀ। 


ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਕਰ ਰਹੇ ਨਿੱਜੀ ਚੈਨਲ ਨੂੰ ਅਪੀਲ ਕੀਤੀ ਗਈ ਹੈ ਕਿ ਜਦੋਂ ਤੱਕ ਸ਼੍ਰੋਮਣੀ ਕਮੇਟੀ ਦਾ ਆਪਣਾ ਸੈਟੇਲਾਈਟ ਚੈਨਲ ਆਰੰਭ ਨਹੀਂ ਹੁੰਦਾ, ਉਦੋਂ ਤੱਕ ਉਸ ਵੱਲੋਂ ਚੱਲ ਰਹੀਆਂ ਕੀਰਤਨ ਪ੍ਰਸਾਰਨ ਦੀਆਂ ਸੇਵਾਵਾਂ ਜਾਰੀ ਰੱਖੀਆਂ ਜਾਣ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਵੱਲੋਂ ਚੈਨਲ ਦੇ ਪ੍ਰਬੰਧਕਾਂ ਨੂੰ ਇੱਕ ਪੱਤਰ ਵੀ ਭੇਜਿਆ ਗਿਆ ਹੈ ਪਰ ਹੁਣ ਤੱਕ ਨਿੱਜੀ ਚੈਨਲ ਦੇ ਪ੍ਰਬੰਧਕਾਂ ਵੱਲੋਂ ਇਸ ਅਪੀਲ ਬਾਰੇ ਸ਼੍ਰੋਮਣੀ ਕਮੇਟੀ ਨੂੰ ਕੋਈ ਹੁੰਗਾਰਾ ਨਹੀਂ ਮਿਲਿਆ। ਇਸ ਨਿੱਜੀ ਚੈਨਲ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਮਝੌਤਾ ਅੱਜ ਖ਼ਤਮ ਹੋ ਰਿਹਾ ਹੈ।