Amritsar News: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਸਮੇਂ ਦੀਆਂ ਸਰਕਾਰਾਂ ਤੇ ਪੁਲਿਸ 'ਤੇ ਸਖ਼ਤ ਬਿਆਨ ਦਿੰਦਿਆਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਉਸ ਸਮੇਂ ਦੇ ਪੁਲਿਸ ਅਧਿਕਾਰੀਆਂ ਨੇ ਬਹੁਤ ਤਸ਼ੱਦਦ ਸਹਿਣ ਤੋਂ ਬਾਅਦ ਸ਼ਹੀਦ ਕਰ ਦਿੱਤਾ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬੰਦੀ ਸਿੱਖਾਂ ਬਾਰੇ ਦਿੱਤੇ ਬਿਆਨ 'ਤੇ ਉਨ੍ਹਾਂ ਕਿਹਾ ਕਿ ਅਜਿਹਾ ਬਿਆਨ ਦੇਣਾ ਸ਼ੋਭਾ ਨਹੀਂ ਦਿੰਦਾ।



ਉਨ੍ਹਾਂ ਨੇ ਕਿਹਾ ਕਿ 25 ਸਾਲ ਤੱਕ ਹਰ ਸਰਕਾਰ ਦੌਰਾਨ ਜਥੇਦਾਰ ਕਾਉਂਕੇ ਦੀ ਮੌਤ ਦੀ ਰਿਪੋਰਟ ਮਿੱਟੀ ਵਿੱਚ ਹੀ ਪਈ ਰਹੀ। ਸਰਕਾਰਾਂ ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਭੁੱਲ ਗਈਆਂ। ਕਿਸੇ ਨੇ ਇਸ ਰਿਪੋਰਟ ਨੂੰ ਘੋਖਣ ਦੀ ਕੋਸ਼ਿਸ਼ ਤੱਕ ਨਹੀਂ ਕੀਤੀ। ਇਸ ਲਈ ਮੌਜੂਦਾ ਸਰਕਾਰ ਨੂੰ ਉਸ ਰਿਪੋਰਟ ਦੇ ਆਧਾਰ 'ਤੇ ਕਾਰਵਾਈ ਕਰਨੀ ਚਾਹੀਦੀ ਹੈ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ।



ਉਨ੍ਹਾਂ ਕਿਹਾ ਕਿ ਇੱਕ ਲੱਖ ਦੇ ਕਰੀਬ ਸਿੱਖ ਨੌਜਵਾਨਾਂ ਨੂੰ ਪੁਲਿਸ ਨੇ ਸ਼ਹੀਦ ਕਰ ਦਿੱਤਾ। ਇਸ ਲਈ ਇੱਕ ਜਾਂਚ ਕਮਿਸ਼ਨ ਬਣਨਾ ਚਾਹੀਦਾ ਸੀ। ਸਭ ਤੋਂ ਘਿਨਾਉਣਾ ਅੱਤਵਾਦ ਸਰਕਾਰੀ ਅੱਤਵਾਦ ਹੈ ਜਿਸ ਨੇ ਇੱਕ ਲੱਖ ਨੌਜਵਾਨਾਂ ਦੀ ਜਾਨ ਲੈ ਲਈ ਹੈ ਤੇ ਕਿਸੇ ਵੀ ਸਰਕਾਰ ਨੇ ਸੱਚਾਈ ਸਾਹਮਣੇ ਲਿਆਉਣ ਦੀ ਕੋਸ਼ਿਸ਼ ਨਹੀਂ ਕੀਤੀ। 


ਦੱਸ ਦਈਏ ਕਿ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਮਾਮਲੇ ਵਿੱਚ ਸਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਬਾਦਲ ਵੀ ਘਿਰਦੇ ਜਾ ਰਹੇ ਹਨ। ਵੱਖ-ਵੱਖ ਸਿੱਖ ਆਗੂਆਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਕਾਉਂਕੇ ਮਾਮਲੇ ਵਿੱਚ ਬੀਪੀ ਤਿਵਾੜੀ ਦੀ ਜਾਂਚ ਰਿਪੋਰਟ ’ਤੇ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਹੇਠ ਕੈਪਟਨ ਤੇ ਸੁਖਬੀਰ ਬਾਦਲ ਖ਼ਿਲਾਫ਼ ਪੰਥਕ ਮਰਿਆਦਾ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੇ ਗਏ ਪੰਥ ਰਤਨ ਤੇ ਫ਼ਖਰੇ ਕੌਮ ਐਵਾਰਡ ਵਾਪਸ ਲੈਣ ਦੀ ਵੀ ਅਪੀਲ ਕੀਤੀ। 


ਇਹ ਪੱਤਰ ਸਿੱਖ ਆਗੂ ਭਾਈ ਮੋਹਕਮ ਸਿੰਘ, ਭਾਈ ਮਨਜੀਤ ਸਿੰਘ ਭੋਮਾ, ਭਾਈ ਗੁਰਦੀਪ ਸਿੰਘ ਬਠਿੰਡਾ ਤੇ ਹੋਰਨਾਂ ਵੱਲੋਂ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਸੌਂਪਿਆ ਗਿਆ ਹੈ। ਇਸ ਪੱਤਰ ਵਿੱਚ ਅਕਾਲ ਤਖ਼ਤ ਦੇ ਸਾਬਕਾ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਥਿਤ ਕਤਲ ਦਾ ਹਵਾਲਾ ਦਿੰਦਿਆਂ ਕਿਹਾ ਕਿ 1997 ਵਿੱਚ ਬਾਦਲ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪੁਲਿਸ ਅਧਿਕਾਰੀ ਬੀਪੀ ਤਿਵਾੜੀ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਸੀ।