Punjab News: ਪੰਜਾਬ ਵਿੱਚ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (Gurjeet Singh Aujla ) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੂੰ ਪੱਤਰ ਲਿਖਿਆ ਹੈ। ਸੰਸਦ ਮੈਂਬਰ ਔਜਲਾ ਨੇ ਅਮਿਤ ਸ਼ਾਹ ਨੂੰ ਪੰਜਾਬ ਦੇ ਹਾਲਾਤ 'ਤੇ ਨਿੱਜੀ ਤੌਰ 'ਤੇ ਦਖਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸੂਬਾ ਸਰਕਾਰ 'ਤੇ ਦੋਸ਼ ਲਾਇਆ ਹੈ ਕਿ ਸਥਾਨਕ ਕਾਨੂੰਨ ਵਿਵਸਥਾ ਪੰਜਾਬ ਦੇ ਹਾਲਾਤ ਨੂੰ ਕਾਬੂ ਕਰਨ 'ਚ ਨਾਕਾਮ ਹੋ ਰਹੀ ਹੈ। ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਹਿੰਸਾ ਅਤੇ ਅਸ਼ਾਂਤੀ ਬਰਦਾਸ਼ਤ ਨਹੀਂ ਕਰ ਸਕਦਾ।


ਔਜਲਾ ਨੇ ਕਿਹਾ ਕਿ ਪੰਜਾਬ ਵਿੱਚ ਥਾਣਿਆਂ ਵਿੱਚ ਲਗਾਤਾਰ ਹੋ ਰਹੇ ਧਮਾਕਿਆਂ ਨੂੰ ਰੋਕਣ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਰਕੇ ਹੁਣ ਉਨ੍ਹਾਂ ਨੂੰ ਹਾਰ ਮੰਨ ਲੈਣੀ ਚਾਹੀਦੀ ਹੈ। ਗ੍ਰੇਨੇਡ ਹਮਲੇ ਤੇ ਹੋਰ ਹਿੰਸਕ ਘਟਨਾਵਾਂ ਨੇ ਵਸਨੀਕਾਂ ਵਿੱਚ ਡਰ ਪੈਦਾ ਕਰ ਦਿੱਤਾ ਹੈ।  ਪੰਜਾਬ ਵਿੱਚ ਪਿਛਲੇ ਇੱਕ ਮਹੀਨੇ ਵਿੱਚ ਪੰਜ-ਛੇ ਗ੍ਰਨੇਡ ਹਮਲੇ ਹੋਏ ਹਨ, ਜਿਨ੍ਹਾਂ ਵਿੱਚੋਂ ਚਾਰ ਇਕੱਲੇ ਅੰਮ੍ਰਿਤਸਰ ਵਿੱਚ ਹੋਏ ਹਨ।



ਗੁਰਜੀਤ ਔਜਲਾ ਨੇ ਕਿਹਾ ਕਿ ਇਸ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸੂਚਨਾ ਦੇ ਦਿੱਤੀ ਗਈ ਹੈ। ਹਿੰਸਾ ਦੀਆਂ ਅਜਿਹੀਆਂ ਕਾਰਵਾਈਆਂ ਨਾ ਸਿਰਫ਼ ਆਮ ਨਾਗਰਿਕਾਂ ਦੀਆਂ ਜਾਨਾਂ ਨੂੰ ਖਤਰੇ ਵਿੱਚ ਪਾਉਂਦੀਆਂ ਹਨ ਬਲਕਿ ਸਾਡੇ ਦੇਸ਼ ਦੀ ਅਖੰਡਤਾ ਅਤੇ ਪ੍ਰਭੂਸੱਤਾ ਨਾਲ ਸਮਝੌਤਾ ਕਰਦੀਆਂ ਹਨ।






ਸੰਸਦ ਮੈਂਬਰ ਔਜਲਾ ਨੇ ਗ੍ਰਹਿ ਮੰਤਰਾਲੇ ਨੂੰ ਤੁਰੰਤ ਸਥਿਤੀ ਦਾ ਜਾਇਜ਼ਾ ਲੈਣ ਅਤੇ ਅਜਿਹੀਆਂ ਘਟਨਾਵਾਂ ਦੀ ਜਾਂਚ ਅਤੇ ਰੋਕਥਾਮ ਲਈ ਕੇਂਦਰੀ ਖੁਫੀਆ ਅਤੇ ਸੁਰੱਖਿਆ ਏਜੰਸੀਆਂ ਨੂੰ ਤਾਇਨਾਤ ਕਰਨ ਦੀ ਅਪੀਲ ਕੀਤੀ। 



ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਅਤੇ ਸਮੀਖਿਆ ਕਰੋ, ਖਾਸ ਕਰਕੇ ਅੰਮ੍ਰਿਤਸਰ ਵਰਗੇ ਸੰਵੇਦਨਸ਼ੀਲ ਖੇਤਰਾਂ ਵਿੱਚ। ਇਨ੍ਹਾਂ ਹਮਲਿਆਂ ਪਿੱਛੇ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਸੂਬਾ ਸਰਕਾਰ ਨਾਲ ਤਾਲਮੇਲ ਬਣਾ ਕੇ ਕੰਮ ਕਰੋ ਤਾਂ ਜੋ ਬਿਨਾਂ ਦੇਰੀ ਕਾਨੂੰਨ ਵਿਵਸਥਾ ਬਹਾਲ ਹੋ ਸਕੇ।