Gurpurab Guru Gobind Singh Ji: ਮਾਨਵ ਜਾਤੀ ਦੇ ਕਲਿਆਣ ਵਾਸਤੇ ਪੂਰਾ ਪਰਿਵਾਰ ਕੁਰਬਾਨ ਕਰਨ ਵਾਲੇ ਸਿਰਫ ਤੇ ਸਿਰਫ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹੀ ਹੋਏ...
Guru Gobind Singh Jayanti 2024, Amritsar News: ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਵਿੱਚ ਬੜੀ ਸ਼ਰਧਾ ਨਾ ਮਨਾਇਆ ਜਾ ਰਿਹਾ ਹੈ। ਗੁਰੂ ਘਰਾਂ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।
Guru Gobind Singh Jayanti 2024, Amritsar News: ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਵਿੱਚ ਬੜੀ ਸ਼ਰਧਾ ਨਾ ਮਨਾਇਆ ਜਾ ਰਿਹਾ ਹੈ। ਗੁਰੂ ਘਰਾਂ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਅੱਜ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਸਾਰਾ ਦਿਨ ਕੀਰਤਨ ਚੱਲਣਗੇ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਵੀ ਪ੍ਰਕਾਸ਼ ਪੁਰਬ ਦੀ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਸ੍ਰੀ ਪੁਰੋਹਿਤ ਨੇ ਸਾਰਿਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਆਦਰਸ਼ਾਂ ਪ੍ਰਤੀ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਸੱਦਾ ਦਿੱਤਾ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਰਬੰਸਦਾਨੀ ਤੇ ਦਸਮ ਪਾਤਸ਼ਾਹ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਦੇ ਇਤਿਹਾਸ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੀਵਨ ਲਾਸਾਨੀ ਤੇ ਪ੍ਰੇਰਨਾਦਾਇਕ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਕੇ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਦੁਨੀਆ ਵਿੱਚ ਕ੍ਰਾਂਤੀਕਾਰੀ, ਵਿਦਵਾਨ, ਧਾਰਮਿਕ ਤੇ ਰਾਜਨੀਤਕ ਰਾਹ-ਦਸੇਰੇ ਤਾਂ ਲੱਖਾਂ ਹੋਣਗੇ ਪਰ ਮਾਨਵ ਜਾਤੀ ਦੇ ਕਲਿਆਣ ਵਾਸਤੇ ਪੂਰਾ ਪਰਿਵਾਰ ਕੁਰਬਾਨ ਕਰ ਦੇਣ ਵਾਲੇ ਸਿਰਫ ਤੇ ਸਿਰਫ ਗੁਰੂ ਗੋਬਿੰਦ ਸਿੰਘ ਜੀ ਹੀ ਹੋਏ ਹਨ। ਗੁਰੂ ਸਾਹਿਬ ਨੇ ਸੰਸਾਰੀ ਜਾਮੇ ਵਿਚ ਵਿਚਰਦਿਆਂ ਮਨੁੱਖੀ ਅਧਿਕਾਰਾਂ, ਸਰਬ-ਸਾਂਝੀਵਾਲਤਾ, ਮਨੁੱਖੀ ਬਰਾਬਰੀ ਤੇ ਧਰਮ ਦੀ ਆਜ਼ਾਦੀ ਲਈ ਸੰਘਰਸ਼ ਕੀਤਾ ਜੋ ਰਹਿੰਦੀ ਦੁਨੀਆ ਤੱਕ ਮਨੁੱਖਤਾ ਲਈ ਪ੍ਰੇਰਨਾ-ਸਰੋਤ ਰਹੇਗਾ।
ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਤੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਾਵਨ ਸਰੂਪ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗਤਕੇ ਦੇ ਜੌਹਰ ਦਿਖਾਏ ਗਏ ਅਤੇ ਬੈਂਡ ਪਾਰਟੀਆਂ ਨੇ ਸ਼ਬਦ ਗਾਇਨ ਕੀਤਾ।