Amritsar News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਮੂਹ ਸਿੱਖ ਜਥੇਬੰਦੀਆਂ ਦੀ 27 ਮਾਰਚ ਨੂੰ ਮੀਟਿੰਗ ਬੁਲਾਉਣ ਮਗਰੋਂ ਪੰਜਾਬ ਸਰਕਾਰ ਅੰਦਰ ਹਿੱਲ਼ਜੁੱਲ ਸ਼ੁਰੂ ਹੋ ਗਈ ਹੈ। ਇਸ ਨੂੰ ਲੈ ਕੇ ਅੱਜ ਆਈਜੀ ਜਸਕਰਨ ਸਿੰਘ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ।
ਦੱਸ ਦਈਏ ਕਿ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੱਖ-ਵੱਖ ਸਿੱਖ ਜਥੇਬੰਦੀਆਂ ਦੀ ਮੀਟਿੰਗ ਸੱਦੀ ਗਈ ਹੈ। ਆਈਜੀ ਜਸਕਰਨ ਸਿੰਘ ਨੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਨਿੱਜੀ ਦੌਰਾ ਹੈ ਪਰ ਇਸ ਨੂੰ 27 ਮਾਰਚ ਨੂੰ ਹੋਣ ਵਾਲੀ ਪੰਥਕ ਮੀਟਿੰਗ ਨਾਲ ਜੋੜਿਆ ਜਾ ਰਿਹਾ ਹੈ। ਉਧਰ, ਆਈਜੀ ਜਸਕਰਨ ਸਿੰਘ ਨੇ ਅੰਮ੍ਰਿਤਪਾਲ ਸਿੰਘ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸੋਸ਼ਲ ਮੀਡੀਆ ’ਤੇ ਸਿੱਖ ਧਰਮ ਤੇ ਸਿੱਖ ਸੰਸਥਾਵਾਂ ਖ਼ਿਲਾਫ਼ ਨਫਰਤ ਭਰਿਆ ਝੂਠਾ ਪ੍ਰਚਾਰ ਰੋਕਿਆ ਜਾਵੇ: ਸ਼੍ਰੋਮਣੀ ਕਮੇਟੀ
ਸ਼੍ਰੋਮਣੀ ਕਮੇਟੀ ਨੇ ਇਲਜ਼ਾਮ ਲਾਇਆ ਹੈ ਕਿ 'ਵਾਰਿਸ ਪੰਜਾਬ ਦੇ' ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਚੱਲ ਰਹੀ ਪੁਲਿਸ ਕਾਰਵਾਈ ਦੌਰਾਨ ਸੋਸ਼ਲ ਮੀਡੀਆ ’ਤੇ ਸਿੱਖ ਧਰਮ ਤੇ ਸਿੱਖ ਸੰਸਥਾਵਾਂ ਖ਼ਿਲਾਫ਼ ਨਫਰਤ ਭਰਿਆ ਝੂਠਾ ਪ੍ਰਚਾਰ ਤੇਜ਼ ਹੋ ਗਿਆ ਹੈ। ਇਸ ਵਿੱਚ ਸਿੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਨੇ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਈਚਾਰਕ ਸਾਂਝ ਵਿੱਚ ਤਰੇੜ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰੇ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਅਜਿਹੀਆਂ ਨਫਰਤ ਭਰੇ ਪ੍ਰਚਾਰ ਵਾਲੀਆਂ ਪੋਸਟਾਂ ਦੀ ਸ਼ਨਾਖਤ ਕੀਤੀ ਹੈ ਜਿਨ੍ਹਾਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਨੂੰ ਅਜਿਹੀਆਂ ਪੋਸਟਾਂ ਪਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਅਜਿਹੀ ਹੀ ਇੱਕ ਪੋਸਟ ਪਾਉਣ ਵਾਲੇ ਨੇ ਗੁਰਬਾਣੀ ਦੀਆਂ ਤੁਕਾਂ ਦੀ ਪ੍ਰਸੰਗ ਤੋਂ ਬਾਹਰ ਜਾ ਕੇ ਤੋੜ ਮਰੋੜ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ। ਅਜਿਹੇ ਸ਼ਰਾਰਤੀ ਅਨਸਰ ਇਨ੍ਹਾਂ ਪੋਸਟਾਂ ਦੇ ਰਾਹੀ ਸਿੱਖ ਭਾਵਨਾਵਾਂ ਨੂੰ ਭੜਕਾਉਣ ਦਾ ਯਤਨ ਕਰ ਰਹੇ ਹਨ। ਇੱਕ ਪੋਸਟ ਵਿੱਚ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ‘ਵਾਇਰਸ ਪੰਜਾਬ ਦੇ’ ਆਖਿਆ ਗਿਆ ਹੈ। ਉਨ੍ਹਾਂ ਕਿਹਾ ਸੀ ਕਿ ਇਹ ਵਰਤਾਰਾ ਵਿਸ਼ਵ ਲਈ ਬੇਹੱਦ ਖਤਰਨਾਕ ਹੈ।