Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚਾਲੇ ਸਾਲਾਂ ਤੋਂ ਚੱਲ ਰਿਹਾ ਵਿਵਾਦ ਹੁਣ ਖਤਮ ਹੋ ਗਿਆ ਹੈ। ਦੋਵਾਂ ਤਖ਼ਤਾਂ ਦੇ ਪੰਜ ਸਿੰਘ ਸਾਹਿਬਾਨ ਨੇ ਆਪਸੀ ਸਹਿਮਤੀ ਨਾਲ ਇੱਕ ਦੂਜੇ ਵਿਰੁੱਧ ਪਹਿਲਾਂ ਜਾਰੀ ਕੀਤੇ ਗਏ ਸਾਰੇ ਹੁਕਮਨਾਮੇ ਰੱਦ ਕਰ ਦਿੱਤੇ ਹਨ। ਇਹ ਫੈਸਲਾ ਸਿੱਖ ਪੰਥ ਵਿੱਚ ਏਕਤਾ, ਮਾਣ ਅਤੇ ਉੱਚ ਧਾਰਮਿਕ ਕਦਰਾਂ-ਕੀਮਤਾਂ ਨੂੰ ਬਣਾਈ ਰੱਖਣ ਲਈ ਲਿਆ ਗਿਆ ਹੈ।
ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇੱਕ ਪੱਤਰ ਲਿਖ ਕੇ ਮੁਆਫ਼ੀ ਮੰਗੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਹੈ। ਇਸ ਦੇ ਨਾਲ ਹੀ ਪਟਨਾ ਸਾਹਿਬ ਵੱਲੋਂ ਗਿਆਨੀ ਰਣਜੀਤ ਸਿੰਘ ਗੌਹਰ ਵਿਰੁੱਧ ਅਦਾਲਤ ਵਿੱਚ ਦਾਇਰ ਕੇਸ ਵਾਪਸ ਲੈਣ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਧਾਰਮਿਕ ਅਧਿਕਾਰ ਦੇਣ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ।
ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਤਨਖਾਹੀਆ ਐਲਾਨੇ ਗਏ ਗਿਆਨੀ ਕੁਲਦੀਪ ਸਿੰਘ ਗੜਗੱਜ, ਬਾਬਾ ਟੇਕ ਸਿੰਘ ਧਨੌਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਐਲਾਨੇ ਗਏ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਵੀ ਮੁਆਫ਼ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਮੁਆਫ਼ੀਨਾਮਾ ਭੇਜਿਆ ਗਿਆ।
ਜ਼ਿਕਰ ਕਰ ਦਈਏ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਦੱਸਿਆ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਾਹਿਬਾਨ ਦੀ ਮੀਟਿੰਗ ਹੋਈ, ਜਿਸ ਵਿੱਚ 21 ਮਈ 2025 ਅਤੇ 5 ਜੁਲਾਈ 2025 ਨੂੰ ਪਾਸ ਕੀਤੇ ਗਏ ਪਿਛਲੇ ਮਤਿਆਂ 'ਤੇ ਮੁੜ ਵਿਚਾਰ ਅਤੇ ਸੋਧ ਕੀਤੀ ਗਈ।
ਇਸੇ ਤਰ੍ਹਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ 5 ਪਿਆਰੇ ਸਿੰਘ ਸਾਹਿਬਾਨ ਨੇ ਵੀ ਅੱਜ ਮੀਟਿੰਗ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਸਵੀਕਾਰ ਕੀਤਾ ਅਤੇ ਪਿਛਲੇ ਸਮੇਂ ਵਿੱਚ ਪਾਸ ਕੀਤੇ ਗਏ ਮਤਿਆਂ ਨੂੰ ਲਿਖਤੀ ਰੂਪ ਵਿੱਚ ਵਾਪਸ ਲੈ ਲਿਆ, ਜਿਸ ਦੀ ਜਾਣਕਾਰੀ ਸਕੱਤਰੇਤ ਨੂੰ ਭੇਜ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।