Amritsar News: 'ਵਾਰਿਸ ਪੰਜਾਬ ਦੇ' ਜਥੇਬੰਦੀ ਵੱਲੋਂ ਅਜਨਾਲਾ ਵਿੱਚ ਰੋਸ ਪ੍ਰਦਰਸ਼ਨ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨਾਲ ਲੈ ਕੇ ਜਾਣ ਮਗਰੋਂ ਵੱਡਾ ਸਵਾਲ ਉੱਠਿਆ ਹੈ ਕਿ ਕੀ ਅਜਿਹਾ ਕਰਨਾ ਜਾਇਜ਼ ਹੈ। ਇੱਕ ਪਾਸੇ ਸਿਆਸੀ ਪਾਰਟੀਆਂ ਇਸ ਉਪਰ ਸਵਾਲ ਉਠਾ ਰਹੀਆਂ ਹਨ, ਦੂਜੇ ਪਾਸੇ ਧਾਰਮਿਕ ਹਲਕਿਆਂ ਵਿੱਚ ਵੀ ਇਸ ਲੈ ਕੇ ਕਾਫੀ ਚਰਚਾ ਹੈ। 



ਇਸ ਸਭ ਦੇ ਵਿਚਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੱਡਾ ਕਦਮ ਉਠਾਇਆ ਗਿਆ ਹੈ। ਉਨ੍ਹਾਂ ਨੇ ਰੋਸ ਪ੍ਰਦਰਸ਼ਨ ਤੇ ਧਰਨੇ ਵਾਲੀਆਂ ਥਾਵਾਂ ’ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਦਾ ਮਾਮਲਾ ਵਿਚਾਰਨ ਲਈ ਸਿੱਖ  ਸੰਪਰਦਾਵਾਂ, ਸਿੱਖ ਜਥੇਬੰਦੀਆਂ ਤੇ ਸਿੱਖ ਵਿਦਵਾਨਾਂ ’ਤੇ ਆਧਾਰਤ ਸਬ-ਕਮੇਟੀ ਬਣਾਈ ਗਈ ਹੈ। 


ਉਂਝ ਇਸ ਮਾਮਲੇ ਵਿੱਚ ਹੁਣ ਤੱਕ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਕੁਝ ਵੀ ਕਹਿਣ ਤੋਂ ਸੰਕੋਚ ਕੀਤਾ ਜਾ ਰਿਹਾ ਹੈ। ਉਂਝ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਦੀ ਅਲੋਚਨਾ ਕੀਤੀ ਹੈ। ਪੰਜਾਬ ਪੁਲਿਸ ਦੇ ਮੁਖੀ ਨੇ ਵੀ ਇਸ ਨੂੰ ਗਲਤ ਕਰਾਰ ਦਿੱਤਾ ਹੈ। ਸੋਸ਼ਲ ਮੀਡੀਆ ਉੱਪਰ ਵੀ ਇਸ ਨੂੰ ਲੈ ਕੇ ਚਰਚਾ ਹੋ ਰਹੀ ਹੈ। 


ਉਧਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਰੋਸ ਪ੍ਰਦਰਸ਼ਨਾਂ, ਧਰਨਿਆਂ ਤੇ ਕਬਜ਼ੇ ਵਾਲੀਆਂ ਥਾਵਾਂ ’ਤੇ, ਜਿੱਥੇ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਨ ਨਾਲ ਗੁਰੂ ਸਾਹਿਬ ਦੇ ਮਾਣ-ਸਨਮਾਨ ਨੂੰ ਠੇਸ ਪੁੱਜਣ ਦਾ ਖ਼ਦਸ਼ਾ ਹੋਵੇ, ਅਜਿਹੇ ਸਥਾਨਾਂ ’ਤੇ  ਪਾਵਨ ਸਰੂਪ  ਲੈ ਕੇ ਜਾਣਾ ਤੇ ਪ੍ਰਕਾਸ਼ ਕਰਨ ਦਾ ਗੰਭੀਰ ਮਾਮਲਾ ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰਿਆ ਜਾਵੇਗਾ ਤੇ ਇਸ ਸਬੰਧੀ ਫੈਸਲਾ ਲਿਆ ਜਾਵੇਗਾ।


ਇਸ ਤੋਂ ਪਹਿਲਾਂ ਉਨ੍ਹਾਂ ਇਸ ਮਾਮਲੇ ਨੂੰ ਵਿਚਾਰਨ ਲਈ ਸਮੂਹ ਸਿੱਖ ਸੰਪਰਦਾਵਾਂ, ਸਿੱਖ ਜਥੇਬੰਦੀਆਂ ਤੇ ਸਿੱਖ ਵਿਦਵਾਨਾਂ ਦੇ ਆਧਾਰ ’ਤੇ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਸ ਸਬ ਕਮੇਟੀ ਨੂੰ 15 ਦਿਨਾਂ ਵਿੱਚ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਵਿਖੇ ਭੇਜਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ  ਸਿੱਖ ਵਿਦਵਾਨਾਂ ਦੀ ਇਸ ਰਿਪੋਰਟ ’ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਵਿਚਾਰ ਕੀਤਾ ਜਾਵੇਗਾ ਤੇ ਇਸ ਸਬੰਧੀ ਅੰਤਿਮ ਫੈਸਲਾ ਲਿਆ ਜਾਵੇਗਾ।


ਦੱਸ ਦਈਏ ਕਿ ਸਿੱਖ ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਤੇ ਹੋਰ ਕਾਰਕੁਨਾਂ ਵੱਲੋਂ ਬੀਤੇ ਦਿਨ ਅਜਨਾਲਾ ਥਾਣੇ ਦਾ ਘਿਰਾਓ ਕਰਨ ਸਮੇਂ ਪਾਵਨ ਸਰੂਪ ਵਾਲੇ ਵਾਹਨ ਨੂੰ ਨਾਲ ਲਿਜਾਇਆ ਗਿਆ ਸੀ। ਪਾਲਕੀ ਵਾਲੇ ਵਾਹਨ ਨੂੰ ਥਾਣੇ ਦੇ ਅੰਦਰ  ਤੱਕ ਲਿਜਾਇਆ ਗਿਆ। ਇਸ ਘਟਨਾ ਦੌਰਾਨ ਜਥੇਬੰਦੀ ਦੇ ਕਾਰਕੁਨਾਂ ਤੇ ਪੁਲੀਸ ਵਿਚਾਲੇ ਹਿੰਸਕ ਝੜਪ ਵੀ ਹੋਈ ਸੀ। ਸਿੱਖ ਜਥੇਬੰਦੀਆਂ ਵੱਲੋਂ ਇਹ ਕਾਰਵਾਈ ਆਪਣੇ ਇਕ ਸਾਥੀ ਨੂੰ ਪੁਲੀਸ ਤੋਂ ਰਿਹਾਅ ਕਰਵਾਉਣ ਤੇ ਦਰਜ ਕੀਤੇ ਕੇਸ ਨੂੰ ਰੱਦ ਕਰਵਾਉਣ ਦੀ ਮੰਗ ਲਈ ਕੀਤੀ ਗਈ ਸੀ।