Sultanpur Lodhi Gurdwara Firing: (ਅੰਮ੍ਰਿਤਸਰ) ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦਿਨੀਂ ਨਿਹੰਗ ਸਿੰਘ ਜਥੇਬੰਦੀਆਂ ਦੀ ਆਪਸੀ ਟਕਰਾਅ ਦੀ ਵਾਪਰੀ ਘਟਨਾ ਬਹੁਤ ਹੀ ਮੰਦਭਾਗੀ ਹੈ।


ਇਸ ਟਕਰਾਅ ਨਾਲ ਗੁਰਦੁਆਰਾ ਸਾਹਿਬ ਜੀ ਦੀ ਮਾਣ ਮਰਿਆਦਾ ਨੂੰ ਵੀ ਢਾਹ ਲੱਗੀ ਹੈ, ਜੋ ਕੇ ਬਿਲਕੁਲ ਉਚਿੱਤ ਨਹੀਂ।ਗੁਰਦੁਆਰਾ ਸਾਹਿਬ ਜੀ ਦੀ ਮਾਣ ਮਰਿਆਦਾ ਨਾਲ ਸੰਸਾਰ ਭਰ ਵਿੱਚ ਵਸਦੇ ਸਮੂਹ ਸਿੱਖਾਂ ਦੀਆਂ ਭਾਨਾਵਾਂ ਜੁੜੀਆਂ ਹੁੰਦੀਆਂ ਹਨ।


ਸਿੰਘ ਸਾਹਿਬ ਜੀ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇਸ ਮਸਲੇ ਦੀ ਮੁਕੰਮਲ ਘੋਖ ਪੜਤਾਲ ਕਰਕੇ ਰਿਪੋਰਟ ਇਕ ਹਫਤੇ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ।


ਕਪੂਰਥਲਾ ਦੇ ਸੁਲਤਾਨਪੁਰ ਲੋਧੀ 'ਚ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਵੀਰਵਾਰ ਸਵੇਰੇ ਪੁਲਿਸ ਅਤੇ ਨਿਹੰਗਾਂ ਵਿਚਾਲੇ ਗੋਲੀਬਾਰੀ ਹੋਈ। ਜਿਸ 'ਚ ਪੰਜਾਬ ਪੁਲਿਸ ਦਾ ਇੱਕ ਹੋਮਗਾਰਡ ਜਸਪਾਲ ਸਿੰਘ ਦੀ ਮੌਤ ਹੋ ਗਈ ਸੀ। 


 ਦੱਸ ਦਈਏ ਕਿ ਬੁੱਢਾ ਦਲ ਦੇ ਦੋ ਧੜੇ ਬਣੇ ਹੋਏ ਹਨ। ਇਨ੍ਹਾਂ ਵਿੱਚ ਗੁਰਦੁਆਰਾ ਅਕਾਲ ਬੁੰਗਾ ‘ਤੇ ਕਬਜ਼ਾ ਲੈਣ ਨੂੰ ਕੇ ਪਿਛਲੇ ਕਈ ਸਾਲਾਂ ਤੋਂ ਖਿੱਚੋਤਾਣ ਚੱਲਦੀ ਆ ਰਹੀ ਸੀ। ਦੋ-ਤਿੰਨ ਦਿਨ ਤੋਂ ਸੁਲਤਾਨਪੁਰ ਵਿੱਚ ਫਿਰ ਦੋਵੇਂ ਧੜੇ ਸਰਗਰਮ ਸਨ। ਗੁਰਦੁਆਰਾ ਅਕਾਲ ਬੁੰਗਾ ਵਿੱਚ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਸਨ।


 ਉਨ੍ਹਾਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦੀ ਜ਼ਿੰਮੇਵਾਰੀ ਬਾਬਾ ਨਿਰਵੈਰ ਸਿੰਘ ਢਿੱਲੋਂ ਨੂੰ ਸੌਂਪੀ ਸੀ। 21 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 8.30 ਵਜੇ ਬਾਬਾ ਬੁੱਢਾ ਦਲ ਨਾਲੋਂ ਟੁੱਟ ਚੁੱਕੇ ਧੜੇ ਦੇ ਆਗੂ ਸੰਤ ਬਾਬਾ ਮਾਨ ਸਿੰਘ ਆਪਣੇ 15-20 ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿੱਚ ਜ਼ਬਰਦਸਤੀ ਦਾਖ਼ਲ ਹੋ ਗਏ। 


ਇੱਥੇ ਉਨ੍ਹਾਂ ਨੇ ਨਿਰਵੈਰ ਸਿੰਘ ਨੂੰ ਰੱਸੀਆਂ ਨਾਲ ਬੰਨ੍ਹ ਲਿਆ ਅਤੇ  ਜਗਜੀਤ ਸਿੰਘ 'ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੇ ਹਥਿਆਰ, ਮੋਬਾਈਲ ਫੋਨ ਅਤੇ ਪੈਸੇ ਖੋਹ ਕੇ ਗੁਰਦੁਆਰਾ ਸਾਹਿਬ 'ਤੇ ਕਬਜ਼ਾ ਕਰ ਲਿਆ। ਜਗਜੀਤ ਸਿੰਘ ਦੇ ਬਿਆਨਾਂ 'ਤੇ ਬਾਬਾ ਮਾਨ ਸਿੰਘ ਅਤੇ ਉਨ੍ਹਾਂ ਦੇ 15-20 ਸਾਥੀਆਂ ਖਿਲਾਫ ਥਾਣਾ ਸੁਲਤਾਨਪੁਰ ਲੋਧੀ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।


ਕਬਜ਼ੇ ਦਾ ਵਿਵਾਦ ਫਿਲਹਾਲ ਸੁਲਝ ਗਿਆ ਸੀ। ਨਿਹੰਗ ਸਿੰਘਾਂ ਨੇ ਗੁਰੂਘਰ ਤੋਂ ਕਬਜ਼ਾ ਛੱਡ ਦਿੱਤਾ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਤੇ ਨਿਹੰਗ ਸਿੰਘ ਵਿਚਾਲੇ ਲੰਬੀ ਗੱਲਬਾਤ ਤੋਂ ਬਾਅਦ ਸਹਿਮਤੀ ਬਣ ਗਈ ਸੀ। ਗੁਰਪੁਰਬ ਨੂੰ ਮੁੱਖ ਰੱਖਦੇ ਹੋਏ ਨਿਹੰਗ ਸਿੰਘ ਵੀ ਮਸਲੇ ਦੇ ਹੱਲ ਲਈ ਸਹਿਮਤ ਹੋ ਗਏ ਸਨ।