Akal Takht Sahib: ਸ਼੍ਰੋਮਣੀ ਕਮੇਟੀ ਨੇ ਥਾਪੇ ਤਖਤਾਂ ਦੇ ਨਵੇਂ ਜਥੇਦਾਰ, ਕੁਲਦੀਪ ਸਿੰਘ ਗੜਗੱਜ ਨੂੰ ਸੌਂਪੀ ਕਮਾਨ
Akal Takht Sahib: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਮਗਰੋਂ ਨਵੇਂ ਜਥੇਦਾਰ ਥਾਪ ਦਿੱਤੇ ਹਨ।

Akal Takht Sahib: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਮਗਰੋਂ ਨਵੇਂ ਜਥੇਦਾਰ ਥਾਪ ਦਿੱਤੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਜ਼ਿੰਮੇਵਾਰੀ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕੋਲ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਵੀ ਹੋਵੇਗਾ। ਇਸੇ ਤਰ੍ਹਾਂ ਬਾਬਾ ਟੇਕ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਏ ਜਾਣ ਮਗਰੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਅਹੁਦਾ ਖਾਲੀ ਸੀ।
ਦੱਸ ਦਈਏ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਤੇਜਾ ਸਿੰਘ ਸਮੁੰਦਰ ਹਾਲ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ। ਅਹਿਮ ਗੱਲ ਹੈ ਕਿ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਸਬੰਧੀ ਕੋਈ ਚਰਚਾ ਨਹੀਂ ਹੋਈ। ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਹਟਾ ਦਿੱਤਾ ਗਿਆ ਸੀ।
ਇਹ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੂੜੈਣ ਨੇ ਦੱਸਿਆ ਕਿ 2 ਦਸੰਬਰ ਦੇ ਫੈਸਲੇ ਕਾਰਨ ਦੋਵਾਂ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾ ਦਿੱਤਾ ਗਿਆ ਹੈ। ਪੂੜੈਣ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਬਿਨਾਂ ਦੱਸੇ ਫੈਸਲੇ ਲੈ ਰਹੇ ਸਨ। ਉਹ ਕਿਸੇ ਨੂੰ ਦੱਸੇ ਬਿਨਾਂ ਵਿਦੇਸ਼ ਵੀ ਜਾ ਰਹੇ ਸੀ। ਇਸ ਕਾਰਨ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਗਿਆਨੀ ਰਘਬੀਰ ਸਿੰਘ ਨੂੰ ਹਟਾਏ ਜਾਣ ਮਗਰੋਂ ਸੰਗਤਾਂ ਅੰਦਰ ਰੋਸ ਵਧ ਗਿਆ ਹੈ।
ਦਰਅਸਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੋ ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਨਵੇਂ ਸਿਰਿਓਂ ਭਰਤੀ ਤੇ ਅਹੁਦੇਦਾਰਾਂ ਦੀ ਚੋਣ ਦਾ ਹੁਕਮ ਦਿੱਤਾ ਸੀ। ਇਸ ਦੀ ਨਿਗਰਾਨੀ ਲਈ 7 ਮੈਂਬਰੀ ਕਮੇਟੀ ਬਣਾਈ ਗਈ ਸੀ। ਬਾਦਲ ਧੜੇ ਨੇ ਇਸ ਕਮੇਟੀ ਨੂੰ ਮਾਨਤਾ ਨਾ ਦਿੰਦਿਆਂ ਖੁਦ ਹੀ ਭਰਤੀ ਮੁਹਿੰਮ ਵਿੱਢ ਦਿੱਤੀ ਸੀ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੋ ਦਸੰਬਰ ਦੇ ਫੈਸਲੇ ਨੂੰ ਇੰਨ-ਬਿੰਨ ਕਰਾਉਣ ਉਪਰ ਅੜੇ ਹੋਏ ਸਨ।
ਇਸ ਲਈ ਹੀ ਭਰਤੀ ਕਮੇਟੀ ਲੰਘੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੀ ਤੇ ਅਰਦਾਸ ਕੀਤੀ। ਪੰਜ ਐਕਟਿਵ ਮੈਂਬਰਾਂ ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਝੂੰਦਾਂ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ ਤੇ ਬੀਬੀ ਸਤਵੰਤ ਕੌਰ ਨੇ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਰਸਮੀ ਐਲਾਨ ਕੀਤਾ। ਭਰਤੀ ਕਮੇਟੀ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ 18 ਮਾਰਚ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ੁਰੂ ਹੋਵੇਗੀ। ਇਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਲਈ, ਸਿੱਖ ਸੰਗਤ ਤੇ ਅਕਾਲੀ ਵਿਚਾਰਧਾਰਾ ਨਾਲ ਜੁੜੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਪੰਜਾਬ ਦੇ ਲੋਕਾਂ ਤੋਂ ਸਹਿਯੋਗ ਮੰਗਿਆ ਜਾਵੇਗਾ।
ਕਮੇਟੀ ਮੈਂਬਰਾਂ ਨੇ ਕਿਹਾ ਕਿ ਇਹ ਭਰਤੀ ਮੁਹਿੰਮ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਰਹੇਗੀ ਸਗੋਂ ਦੇਸ਼ ਦੀ ਰਾਜਧਾਨੀ ਸਮੇਤ ਹੋਰ ਰਾਜਾਂ ਵਿੱਚ ਵੀ ਵੱਡੇ ਪੱਧਰ 'ਤੇ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇਗੀ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਕਮੇਟੀ ਇਸ ਸਬੰਧ ਵਿੱਚ ਇੱਕ ਵਿਸਤ੍ਰਿਤ ਪ੍ਰੋਗਰਾਮ ਦਾ ਐਲਾਨ ਕਰੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਿੱਚ ਹਿੱਸਾ ਲੈ ਸਕਣ। ਇਸ ਤੋਂ ਪਹਿਲਾਂ ਹੀ ਅੱਜ ਸ਼੍ਰੋਮਣੀ ਕਮੇਟੀ ਨੇ ਵੱਡਾ ਐਕਸ਼ਨ ਲੈ ਕੇ ਸਾਰੇ ਸਮੀਕਰਨ ਬਦਲ ਦਿੱਤੇ ਹਨ।




















