Amritsar News: ਤਰਨ ਤਾਰਨ 'ਚ ਸ਼ਨੀਵਾਰ ਨੂੰ ਦਿਨ-ਦਿਹਾੜੇ ਖੇਤਾਂ 'ਚ 35 ਸਾਲਾ ਸੁਖਪ੍ਰੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਪੁਲਿਸ ਨੇ ਅਹਿਮ ਖੁਲਾਸਾ ਕੀਤਾ ਹੈ। ਤਰਨ ਤਾਰਨ ਪੁਲਿਸ ਨੇ ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਸਮੇਤ 5 ਦੋਸ਼ੀਆਂ ਖਿਲਾਫ ਕਤਲ ਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕੇਸ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਚਰਨ ਸਿੰਘ ਵਾਸੀ ਪਿੰਡ ਹਰੀਕੇ ਦੇ ਬਿਆਨਾਂ ’ਤੇ ਦਰਜ ਕੀਤਾ ਹੈ।


ਸੂਤਰਾਂ ਅਨੁਸਾਰ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਵਿਦੇਸ਼ ਬੈਠੇ ਲਖਬੀਰ ਸਿੰਘ ਉਰਫ ਲੰਡਾ ਹਰੀਕੇ, ਉਸ ਦੇ ਸਾਥੀ ਮਹਿਕ ਵਾਸੀ ਹਰੀਕੇ, ਗੁਰਪ੍ਰੀਤ ਸਿੰਘ ਵਾਸੀ ਮੱਖੂ, ਮਿੱਠੂ ਮਰਾੜੀ ਸਿੰਘ ਵਾਸੀ ਸ਼ਬਾਜਪੁਰ ਤੇ ਸੁਖਮਨਪ੍ਰੀਤ ਸਿੰਘ ਉਰਫ ਕਾਲੂ ਵਾਸੀ ਸ਼ਬਾਜਪੁਰ ਨੂੰ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਪੂਰਥਲਾ ਤੋਂ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ ਪਰ ਫਿਲਹਾਲ ਕਿਸੇ ਨੂੰ ਹਿਰਾਸਤ ਵਿੱਚ ਲੈਣ ਬਾਰੇ ਚੁੱਪ ਹੈ।


ਹਾਸਲ ਜਾਣਕਾਰੀ ਅਨੁਸਾਰ ਸੁਖਪ੍ਰੀਤ ਸਿੰਘ ਛੇ ਮਹੀਨਿਆਂ ਤੋਂ ਆਪਣੀ ਮਾਸੀ ਦੇ ਘਰ ਰਹਿ ਰਿਹਾ ਸੀ। ਸ਼ਨੀਵਾਰ ਨੂੰ ਉਹ ਖੇਤਾਂ 'ਚ ਸੀ ਜਦੋਂ ਕੁਝ ਅਣਪਛਾਤੇ ਵਿਅਕਤੀ ਉਥੇ ਪਹੁੰਚ ਗਏ। ਉਨ੍ਹਾਂ ਨੇ ਸੁਖਪ੍ਰੀਤ ਨੂੰ ਖੇਤਾਂ ਵਿੱਚ ਤਿੰਨ ਗੋਲੀਆਂ ਮਾਰੀਆਂ ਤੇ ਉਥੋਂ ਫ਼ਰਾਰ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ।


ਪਰਿਵਾਰ ਨੇ ਦੱਸਿਆ ਕਿ ਸੁਖਪ੍ਰੀਤ ਦੀ ਕੁਝ ਲੋਕਾਂ ਨਾਲ ਪੁਰਾਣੀ ਰੰਜਿਸ਼ ਸੀ। ਇਸ ਕਾਰਨ ਉਸ ਦਾ ਕਤਲ ਕਰ ਦਿੱਤਾ ਗਿਆ। ਜਦੋਂ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਇਸ ਕਤਲ ਪਿੱਛੇ ਲਖਬੀਰ ਲੰਡਾ ਦਾ ਹੱਥ ਹੈ। ਪੁਲਿਸ ਨੇ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।


ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਦੇ ਮੋਸਟ ਵਾਂਟੇਡ ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ ਲੰਡਾ 'ਤੇ 15 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਲਖਬੀਰ ਸਿੰਘ 'ਤੇ ਪੰਜਾਬ 'ਚ ਦਹਿਸ਼ਤ ਫੈਲਾਉਣ ਦਾ ਦੋਸ਼ ਹੈ। ਉਹ 2017 ਵਿੱਚ ਵਿਦੇਸ਼ ਭੱਜ ਗਿਆ ਸੀ। ਉਦੋਂ ਤੋਂ NIA ਉਸ ਦੀ ਭਾਲ ਕਰ ਰਹੀ ਹੈ। ਲਖਬੀਰ ਸਿੰਘ ਪੰਜਾਬ ਵਿੱਚ ਕਈ ਅੱਤਵਾਦੀ ਘਟਨਾਵਾਂ ਤੇ ਪਾਕਿਸਤਾਨ ਤੋਂ ਹਥਿਆਰਾਂ ਦੀ ਸਪਲਾਈ ਵਿੱਚ ਵੀ ਸ਼ਾਮਲ ਰਿਹਾ ਹੈ।