Amritsar News: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਦੇ ਤੌਰ ’ਤੇ 1,97,120 ਵੋਟਾਂ ਦੇ ਭਾਰੀ ਫ਼ਰਕ ਨਾਲ ਜੇਤੂ ਰਹੇ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਦੇ ਨਤੀਜੇ ਵਿੱਚ ਸ਼ਾਨਦਾਰ ਇਤਿਹਾਸ ਰਚਿਆ ਹੈ। ਅੰਮ੍ਰਿਤਪਾਲ ਸਿੰਘ ਨੇ ਕੁੱਲ 4,04,430 ਵੋਟਾਂ ਹਾਸਲ ਕੀਤੀਆਂ ਜਦੋਂਕਿ ਉਨ੍ਹਾਂ ਦੇ ਨੇੜੇ ਦੇ ਵਿਰੋਧੀ ਕਾਂਗਰਸ ਪਾਰਟੀ ਦੇ ਕੁਲਬੀਰ ਸਿੰਘ ਜ਼ੀਰਾ ਨੂੰ 2,07,310 ਵੋਟਾਂ ਮਿਲੀਆਂ ਹਨ।


ਇੰਨਾ ਹੀ ਨਹੀਂ, ਅੰਮ੍ਰਿਤਪਾਲ ਸਿੰਘ ਨੇ ਉਮੀਦਵਾਰਾਂ ਨੂੰ ਉਨ੍ਹਾਂ ਦੇ ਜੱਦੀ ਹਲਕਿਆਂ ਤੋਂ ਵੀ ਵਧੇਰੇ ਵੋਟਾਂ ਲੈ ਕੇ ਚਿੱਤ ਕੀਤਾ ਹੈ। ਉਨ੍ਹਾਂ ਦੇ ਵਿਰੋਧੀਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਹਾਲੇ ਦੋ ਸਾਲ ਪਹਿਲਾਂ ਹੀ ਪੱਟੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤ ਕੇ ਕੈਬਨਿਟ ਮੰਤਰੀ ਦੇ ਅਹੁਦੇ ਤੱਕ ਪਹੁੰਚੇ ਹਨ। ਕਾਂਗਰਸੀ ਉਮੀਦਵਾਰ ਕੁਲਬੀਰ ਜ਼ੀਰਾ ਵਿਧਾਨ ਸਭਾ ਦੀ 2017 ਦੀ ਚੋਣ ਜਿੱਤ ਕੇ ਵਿਧਾਇਕ ਬਣੇ ਸਨ।



ਉਧਰ, ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਣ ਵਾਲੇ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੇ ਜ਼ੋਰ ਫੜ ਲਿਆ ਹੈ। ਉਹ ਐਨਐਸਏ ਕਾਨੂੰਨ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ। ਬਦਲੀ ਹਵਾ ਨੂੰ ਵੇਖ ਅਕਾਲੀ ਲੀਡਰ ਵੀ ਸੁਰ ਬਦਲਣ ਲੱਗੇ ਹਨ।


ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੋਕ ਸਭਾ ਚੋਣਾਂ ਵਿੱਚ ਇਸ ਸਿੱਖ ਨੌਜਵਾਨ ਨੂੰ ਮਿਲੇ ਲੋਕ ਫ਼ਤਵੇ ਦਾ ਸਤਿਕਾਰ ਕਰਦਿਆਂ ਉਸ ਖ਼ਿਲਾਫ਼ ਐਨਐਸਏ ਕਾਨੂੰਨ ਤਹਿਤ ਦਰਜ ਕੀਤਾ ਕੇਸ ਫੌਰੀ ਰੱਦ ਕੀਤਾ ਜਾਵੇ ਤੇ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ।