Amritsar News: ਭਿੱਖੀਵਿੰਡ ਪਿੰਡ ਦੀ 15 ਸਾਲਾ ਲੜਕੀ ਨੇ ਹਜੇ 17 ਦਿਨ ਪਹਿਲਾਂ ਹੀ ਲਵ ਮੈਰਿਜ ਕਰਵਾਈ ਸੀ ਕਿ ਉਸ ਦੇ ਪਤੀ ਵੱਲੋਂ ਬੀਤੀ ਰਾਤ ਉਸ ਨੂੰ ਫਾਹ ਦੇ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਇਸ ਸੰਬੰਧੀ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਲੜਕੀ ਸਿਮਰਨਜੀਤ ਕੌਰ ਦੇ ਪਿਤਾ ਗੁਰਲਾਲ ਸਿੰਘ ਵਾਸੀ ਭਿੱਖੀਵਿੰਡ ਨੇ ਦੱਸਿਆ ਕਿ ਉਹ ਭਿੱਖੀਵਿੰਡ ਵਿਖੇ ਕਲਸੀ ਸੀਮੇਟ ਸਟੋਰ ਤੇ ਕੰਮ ਕਰਦਾ ਹੈ ਅਤੇ ਮਜ਼੍ਹਬੀ ਸਿੱਖ ਜਾਤੀ ਨਾਲ ਸੰਬੰਧ ਰੱਖਦਾ ਹੈ ਤੇ ਉਸਦੀਆਂ ਦੋ ਲੜਕੀਆਂ ਅਤੇ ਇੱਕ ਲੜਕਾ ਹੈ ਜਿੰਨਾ ਵਿੱਚ 15 ਸਾਲਾਂ ਲੜਕੀ ਸਿਮਰਨਜੀਤ ਕੌਰ ਨੇ ਆਪਣੀ ਮਰਜ਼ੀ ਨਾਲ ਪਿੰਡ ਦੇ ਹੀ ਨੌਜਵਾਨ ਪਵਨਦੀਪ ਸਿੰਘ ਨਾਲ ਲਵ ਮੈਰਿਜ ਕਰਵਾਈ ਸੀ।
ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਵਿਆਹ ਬੀਤੀ 21 ਜਨਵਰੀ ਨੂੰ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਭਿੱਖੀਵਿੰਡ ਵਿਖੇ ਪੂਰੇ ਸਿੱਖ ਰੀਤੀ ਰਿਵਾਜ਼ਾਂ ਅਨੁਸਾਰ ਕੀਤਾ ਗਿਆ ਸੀ । ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਭਿੱਖੀਵਿੰਡ ਦੇ ਸਰਪੰਚ ਮਨਦੀਪ ਸਿੰਘ ਦਾ ਫੋਨ ਆਇਆ ਕਿ ਉਸਦੀ ਲੜਕੀ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ ਤਾਂ ਜਦ ਉਹ ਲੜਕੀ ਦੇ ਸਹੁਰੇ ਘਰ ਪੁੱਜੇ ਤਾਂ ਉਨਾ ਦੇਖਿਆ ਕਿ ਲੜਕੀ ਦੇ ਗਲ ਤੇ ਨਿਸ਼ਾਨ ਹਨ ਜਿਸ ਤੋਂ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਲੜਕੀ ਦਾ ਕਤਲ ਕੀਤਾ ਗਿਆ ਹੈ।
ਗੁਰਲਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਮਾਮਲੇ ਦੀ ਜਾਣਕਾਰੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੂੰ ਦਿੱਤੀ ਹੇ ਜਿਸ 'ਤੇ ਮੌਕੇ ਤੇ ਪੁੱਜੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਚ ਲੈ ਕਾਰਵਾਈ ਆਰੰਭ ਕਰ ਦਿੱਤੀ ਹੈ।ਲੜਕੀ ਦੇ ਪਿਤਾ ਨੇ ਮੰਗ ਕੀਤੀ ਕਿ ਉਸਦੀ ਲੜਕੀ ਦਾ ਕਤਲ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇ ।
ਉਧਰ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਿੱਖੀਵਿੰਡ ਦੇ ਐੱਸ.ਐੱਚ.ਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲੜਕੇ ਤੇ ਲੜਕੀ ਦਾ ਆਪਸੀ ਝਗੜਾ ਹੋਇਆ ਸੀ ਜਿਸ ਤੇ ਲੜਕੇ ਨੇ ਤਹਿਸ਼ ਵਿੱਚ ਆਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ । ਜਿਸ ਤੇ ਭਿੱਖੀਵਿੰਡ ਪੁਲਿਸ ਵੱਲੋਂ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾ ਦੇ ਅਧਾਰ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ।