Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ।
ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇ ਸਰਵਣ ਕਰਵਾਇਆ।
ਉਨ੍ਹਾ ਸੰਗਤ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿੱਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਉਨ੍ਹਾ ਦੇ ਰਾਜ ਅੰਦਰ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਇਹੀ ਕਾਰਨ ਹੈ ਕਿ ਮਹਾਰਾਜਾ ਰਣਜੀਤ ਸਿੰਘ ਵੱਲੋਂ ਕੀਤੇ ਕਾਰਜਾਂ ਨੂੰ ਅੱਜ ਵੀ ਦੁਨੀਆ ਯਾਦ ਕਰਦੀ ਹੈ।
ਸਮਾਗਮ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਖਰਾਜ ਸਿੰਘ, ਬਘੇਲ ਸਿੰਘ, ਸਤਨਾਮ ਸਿੰਘ ਰਿਆੜ, ਨਿਸ਼ਾਨ ਸਿੰਘ ਜਫਰਵਾਲ, ਇਕਬਾਲ ਸਿੰਘ ਮੁੱਖੀ, ਨਿਸ਼ਾਨ ਸਿੰਘ, ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ: Sangrur News: ਮਹਾਰਾਜਾ ਰਣਜੀਤ ਸਿੰਘ ਦੇ ਨਾਨਕਾ ਪਿੰਡ 'ਚ ਸੂਬਾ ਪੱਧਰੀ ਸਮਾਗਮ, 1 ਕਰੋੜ ਦੀ ਗ੍ਰਾਂਟ ਦੇਣ ਦਾ ਐਲਾਨ
ਜ਼ਿਕਰ ਕਰ ਦਈਏ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾ ਦੇ ਫ਼ੁੱਲ ਤੇ ਸਤਿਕਾਰ ਭੇਂਟ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਨਾਨਕਾ ਪਿੰਡ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਬਡਰੁੱਖਾਂ ਵਿਖੇ ਸਥਾਪਤ ਕਰਵਾਏ ਗਏ ਮਹਾਰਾਜਾ ਰਣਜੀਤ ਸਿੰਘ ਜੀ ਦੇ ਬੁੱਤ ਉੱਪਰ ਫੁੱਲ ਮਾਲਾਵਾਂ ਪਾ ਕੇ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਪੈੜਾਂ ਬਹੁਤ ਡੂੰਘੀਆਂ, ਮਜ਼ਬੂਤ ਤੇ ਪਵਿੱਤਰ ਹਨ ਜਿਸਦਾ ਅੰਦਾਜ਼ਾ ਉਨ੍ਹਾਂ ਦੇ ਰਾਜ ਕਰਨ ਦੇ ਢੰਗ ਤੋਂ ਲਾਇਆ ਜਾ ਸਕਦਾ ਹੈ ਤੇ ਮਾਨ ਸਰਕਾਰ ਉਨ੍ਹਾਂ ਦਾ ਹਰ ਮੌਕੇ ਉੱਪਰ ਸਨਮਾਨ ਕਰਦੀ ਹੈ।