Amritsar News: ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕੀਤੇ ਗਏ ਵਿਸ਼ਾਲ ਸਮਾਗਮ ਦੌਰਾਨ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਸ਼ਤਾਬਦੀ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਥਕ ਸੰਸਥਾਵਾਂ ਦੀ ਮਜਬੂਤੀ ਲਈ ਸਾਰੀਆਂ ਧਿਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਗਵਾਈ ਵਿਚ ਇਕੱਠੇ ਹੋਣ ਦਾ ਸੱਦਾ ਦਿੱਤਾ।


ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਿੱਖ ਜਥੇਬੰਦੀਆਂ ਦੇ ਆਗੂ ਮੌਜੂਦ ਸਨ। ਸ਼ਤਾਬਦੀ ਸਮਾਗਮ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸਾਕਾ ਸ੍ਰੀ ਪੰਜਾ ਸਾਹਿਬ ਇਤਿਹਾਸ ਬਾਰੇ ਵਿਸਥਾਰ ਪੂਰਵਕ ਵਿਚਾਰ ਸਾਂਝੇ ਕੀਤੇ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼ਹੀਦੀ ਸਾਕੇ ਦੇ ਸਮੂਹ ਸ਼ਹੀਦਾਂ ਸਬੰਧੀ ਅਰਦਾਸ ਕੀਤੀ ਗਈ।


ਸਮਾਗਮ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ ਇਹ ਮਾਣ ਹਾਸਲ ਹੈ ਕਿ ਇਸ ਦੀਆਂ ਸੰਸਥਾਵਾਂ ਗੁਰੂ ਸਾਹਿਬਾਨ ਨੇ ਆਪ ਸਥਾਪਤ ਕੀਤੀਆਂ। ਉਨ੍ਹਾਂ ਆਖਿਆ ਕਿ ਗੁਰਦੁਆਰਾ, ਸੰਗਤ, ਪੰਗਤ ਅਤੇ ਸਿੱਖਾਂ ਨੂੰ ਕੇਂਦਰੀ ਧੁਰੇ ਨਾਲ ਜੋੜਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸਿੱਖ ਇਤਿਹਾਸ ਦਾ ਹਾਸਲ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੁਝ ਸੰਸਥਾਵਾਂ ਖਾਲਸਾ ਪੰਥ ਨੇ ਬਣਾਈਆਂ ਜਿਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਅਹਿਮ ਹੈ, ਜਿਸ ਦੀ ਸਥਾਪਨਾ ਲਈ 500 ਤੋਂ ਵੱਧ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ। ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਹੀਦ ਭਾਈ ਕਰਮ ਸਿੰਘ ਤੇ ਭਾਈ ਪ੍ਰਤਾਪ ਸਿੰਘ ਦੀਆਂ ਸ਼ਹਾਦਤਾਂ ਵੀ ਸ਼੍ਰੋਮਣੀ ਕਮੇਟੀ ਦੀ ਕਾਇਮੀ ਤੇ ਮਜਬੂਤੀ ਲਈ ਸਨ।


ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਇਨ੍ਹਾਂ ਸੰਸਥਾਵਾਂ ਨੂੰ ਸਰਕਾਰੀ ਸ਼ਹਿ ’ਤੇ ਚੁਣੌਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਭਾਵੇਂ ਮੁਗਲ ਜਾਂ ਅੰਗਰੇਜ਼ ਸਰਕਾਰਾਂ ਹੋਣ ਜਾਂ ਮੌਜੂਦਾ ਸਰਕਾਰਾਂ ਹੋਣ, ਇਹ ਕਦੇ ਵੀ ਪੰਥ ਹਿਤੈਸ਼ੀ ਨਹੀਂ ਰਹੀਆਂ। ਇਸ ਲਈ ਸਿੱਖ ਕੌਮ ਨੂੰ ਆਪਣੀਆਂ ਸੰਸਥਾਵਾਂ ਮਜਬੂਤ ਕਰਨ ਲਈ ਆਪ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸ਼੍ਰੋਮਣੀ ਕਮੇਟੀ ਤੇ ਹੋਰ ਸੰਸਥਾਵਾਂ ਨੂੰ ਅਜ਼ਾਦ ਕਰਵਾਉਣ ਦੀ ਗੱਲ ਕਰ ਰਹੇ ਹਨ ਕੀ ਉਹ ਦੱਸ ਸਕਦੇ ਹਨ ਕਿ ਸਰਕਾਰੀ ਦਖਲ ਨਾਲ ਲਿਆ ਪ੍ਰਬੰਧ ਉਨ੍ਹਾਂ ਪਾਸ ਰਹੇਗਾ।


ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਕਿਧਰੇ ਸੰਸਥਾਵਾਂ ਨੂੰ ਆਜ਼ਾਦ ਕਰਵਾਉਣ ਦੇ ਨਾਅਰੇ ਹੇਠ ਇਨ੍ਹਾਂ ਦਾ ਪ੍ਰਬੰਧ ਸਰਕਾਰੀ ਹੱਥਾਂ ਵਿਚ ਨਾ ਚਲਾ ਜਾਵੇ। ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਕਮੇਟੀ, ਸ੍ਰੀ ਪਟਨਾ ਸਾਹਿਬ ਕਮੇਟੀ ਅਤੇ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਹਵਾਲਾ ਦਿੱਤਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਅੱਜ ਪੰਥ ਨੂੰ ਆਪਣੀਆਂ ਸੰਸਥਾਵਾਂ ਬਾਰੇ ਸੰਜੀਦਾ ਪਹੁੰਚ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੰਥ ਦਾ ਸਰਵਉੱਚ ਸਥਾਨ ਹੈ ਜਿਸ ਦੀ ਮਜਬੂਤੀ ਲਈ ਹਰ ਸਿੱਖ ਅੱਗੇ ਆਵੇ।


ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਵੀ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਿੱਖ ਸੰਸਥਾਵਾਂ ਨੂੰ ਮਜਬੂਤ ਕਰਨ ਲਈ ਕਾਰਜ ਕਰਨ। ਉਨ੍ਹਾਂ ਆਖਿਆ ਕਿ ਪੰਥਕ ਸੇਵਾ ਲਈ ਸਿੱਖੀ ਜ਼ਜਬਾ ਬੇਹੱਦ ਲਾਜਮੀ ਹੈ ਅਤੇ ਪੰਥਕ ਜਥੇਬੰਦੀਆਂ ਦੇ ਹਰ ਆਗੂ ਅੰਦਰ ਟ੍ਰੇਨਿੰਗ ਕੈਂਪਾਂ ਰਾਹੀਂ ਅੰਦਰ ਪੰਥਕ ਜ਼ਜਬਾ ਪ੍ਰਚੰਡ ਕੀਤਾ ਜਾਵੇ। ਉਨ੍ਹਾਂ ਸਿੱਖ ਸੰਗਤ ਨੂੰ ਵੀ ਪੰਥ ਵਿਰੋਧੀ ਸ਼ਕਤੀਆਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ।


ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਿੱਖ ਇਤਿਹਾਸ ਦੇ ਸਾਕੇ ਅਤੇ ਮੋਰਚੇ ਸਿੱਖੀ ਪ੍ਰਤੀ ਦ੍ਰਿੜ੍ਹਤਾ ਲਈ ਪ੍ਰੇਰਨਾ ਸਰੋਤ ਹਨ ਅਤੇ ਇਨ੍ਹਾਂ ਵਿਚ ਸ੍ਰੀ ਪੰਜਾ ਸਾਹਿਬ ਦਾ ਸਾਕਾ ਅਤਿ ਅਹਿਮ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਸਿੱਖਾਂ ਨੇ ਇਨ੍ਹਾਂ ਸਾਕਿਆਂ ਦੌਰਾਨ ਗੁਰਬਾਣੀ ਦੀ ਸ਼ਕਤੀ ਨਾਲ ਜੁਲਮ ਦਾ ਟਾਕਰਾ ਕੀਤਾ ਅਤੇ ਨਵੀਂ ਪੀੜ੍ਹੀ ਲਈ ਪੂਰਨੇ ਪਾਏ।


ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੁੱਖ ਸੁਵਿਧਾਵਾਂ ਦੀ ਦੌੜ ਵਿਚ ਅਸੀਂ ਗੁਰਬਾਣੀ ਅਤੇ ਇਤਿਹਾਸ ਦੂਰ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਤੋਂ ਸੇਧ ਲੈ ਕੇ ਪੰਥਕ ਅਤੇ ਸਿੱਖ ਸਭਿਆਚਾਰ ਦੀ ਮਜਬੂਤੀ ਲਈ ਇਕਜੁੱਟਤਾ ਨਾਲ ਕਾਰਜ ਕਰਨੇ ਅਤਿ ਜ਼ਰੂਰੀ ਹਨ। ਉਨ੍ਹਾਂ ਮੌਜੂਦਾ ਸਮੇਂ ਕੌਮ ਨੂੰ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਸਰਕਾਰਾਂ ਸਿੱਖਾਂ ਨੂੰ ਨਿਆਂ ਨਹੀਂ ਦੇ ਰਹੀਆਂ। ਬੰਦੀ ਸਿੰਘਾਂ ਅਤੇ ਵੱਖਰੀ ਹਰਿਆਣਾ ਕਮੇਟੀ ਦੇ ਮਾਮਲੇ ਜਾਣਬੁਝ ਕੇ ਉਲਝਾਏ ਜਾ ਰਹੇ ਹਨ।


ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਸਬੰਧੀ ਜਲਦੀ ਹੀ ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਪੱਧਰ ਤਕ ਲਹਿਰ ਸਿਰਜੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪ੍ਰੰਪਰਾਵਾਂ ਦੀ ਰੋਸ਼ਨੀ ਵਿਚ ਪੰਥਕ ਕਾਰਜਾਂ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਇਸ ਦੀ ਲਗਾਤਾਰਤਾ ਵਿਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸ਼ਤਾਬਦੀ ਸਮਾਗਮਾਂ ਦੌਰਾਨ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।