Amritsar News:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਨੂੰ ਸਿਮਰਨ, ਸੇਵਾ ਅਤੇ ਸ਼ਹਾਦਤ ਨਾਲ ਪਹਿਚਾਣਿਆ ਜਾਂਦਾ ਹੈ ਅਤੇ ਦੁਨੀਆਂ ਵਿਚ ਕਿਤੇ ਵੀ ਔਕੜ ਆਉਣ ’ਤੇ ਸਿੱਖ ਸਭ ਤੋਂ ਪਹਿਲਾਂ ਸੇਵਾ ਕਰਨ ਲਈ ਪਹੁੰਚਦੇ ਹਨ। ਸਾਕਾ ਸ੍ਰੀ ਪੰਜਾ ਸਾਹਿਬ ਨਾਲ ਸਬੰਧਤ ਸ਼ਹੀਦ ਭਾਈ ਕਰਮ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਨੇ ਵੀ ਲੰਗਰ ਲਈ ਸੇਵਾ ਕਰਦਿਆਂ ਆਪਣੀ ਸ਼ਹਾਦਤ ਦਿੱਤੀ।


ਉਨ੍ਹਾਂ ਕਿਹਾ ਕਿ ਅਤੀਤ ਵਿਚ ਮਹੰਤਾਂ ਵੱਲੋਂ ਗੁਰੂ ਘਰਾਂ ਵਿਚ ਮਰਯਾਦਾ ਦੇ ਉਲਟ ਕੰਮ ਕੀਤੇ ਗਏ ਜਿਸ ਕਰਕੇ ਸਾਡੇ ਪੁਰਖਿਆਂ ਨੇ ਵੱਡੀਆਂ ਸ਼ਹਾਦਤਾਂ ਦੇ ਕੇ ਸ਼੍ਰੋਮਣੀ ਕਮੇਟੀ ਸਥਾਪਤ ਕੀਤੀ ਅਤੇ ਸਿੱਖ ਰਾਜਸੀ ਸ਼ਕਤੀ ਲਈ ਸ਼੍ਰੋਮਣੀ ਅਕਾਲੀ ਦਲ ਬਣਾਇਆ। ਅੱਜ ਲਗਾਤਾਰ 100 ਸਾਲ ਤੋਂ ਇਹ ਦੋਵੇਂ ਪੰਥਕ ਸੰਸਥਾਵਾਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਲੋਕਤੰਤਰੀ ਤਰੀਕੇ ਨਾਲ ਕਾਰਜਸ਼ੀਲ ਹਨ।


ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਅਖੌਤੀ ਪੰਥਕ ਲੋਕਾਂ ਤੋਂ ਸਾਵਧਾਨ ਹੋਣ ਦੀ ਲੋੜ ਹੈ ਜੋ ਸਰਕਾਰਾਂ ਦੀਆਂ ਤਾਕਤਾਂ ਅਤੇ ਏਜੰਸੀਆਂ ਦੇ ਇਸ਼ਾਰੇ ਉੱਤੇ ਕੌਮ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਵੱਲੋਂ ਵੱਖਰੀ ਹਰਿਆਣਾ ਕਮੇਟੀ ਦੀ ਸਥਾਪਨਾ ਜਰੀਏ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੇ ਮਨਸੂਬੇ ਤਿਆਰ ਕੀਤੇ ਗਏ ਹਨ।  ਬਾਦਲ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਸਾਰੀਆਂ ਧਿਰਾਂ ਨੂੰ ਇਕੱਠਿਆਂ ਕਰਕੇ ਸਿੱਖ ਵਿਰੋਧੀ ਹਮਲਿਆਂ ਦਾ ਮੁਕਾਬਲਾ ਕਰਨ ਲਈ ਅਗਵਾਈ ਕਰਨ।


ਇਸ ਮੌਕੇ ਉਨ੍ਹਾਂ ਵਚਨਬੱਧਤਾ ਪ੍ਰਗਟਾਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਪੰਥ ਵੱਲੋਂ ਜੋ ਵੀ ਪ੍ਰੋਗਰਾਮ ਉਲੀਕੇ ਜਾਣਗੇ ਉਨ੍ਹਾਂ ਦਾ ਅਕਾਲੀ ਦਲ ਵੱਲੋਂ ਪੂਰਨ ਸਹਿਯੋਗ ਕੀਤਾ ਜਾਵੇਗਾ। ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ’ਤੇ ਗੱਲ ਕਰਦਿਆਂ  ਬਾਦਲ ਨੇ ਕਿਹਾ ਕਿ ਦੇਸ਼ ਅੰਦਰ ਜ਼ਬਰ-ਜਨਾਹ ਅਤੇ ਪ੍ਰਧਾਨ ਮੰਤਰੀ ਦੇ ਕਤਲ ਦੇ ਦੋਸ਼ੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ ਜਦਕਿ ਬੰਦੀ ਸਿੰਘਾਂ ਨੂੰ ਲੰਮੇ ਸਮੇਂ ਤੋਂ ਜੇਲ੍ਹਾਂ ਅੰਦਰ ਰੱਖਣਾ ਸਿੱਖ ਕੌਮ ਨਾਲ ਅਨਿਆਂ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਨੂੰ ਨੌਜੁਆਨ ਪੀੜ੍ਹੀ ਲਈ ਸੇਧਮਈ ਕਰਾਰ ਦਿੱਤਾ।


ਸ਼ਤਾਬਦੀ ਸਮਾਗਮ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਪੰਥ ਅਕਾਲੀ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਲ ਬਾਬਾ ਬਿਧੀਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ ਨਿਰਮਲੇ ਤੇ ਸੀਨੀਅਰ ਅਕਾਲੀ ਆਗੂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਆਖਿਆ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦਾ ਇਤਿਹਾਸ ਸਿੱਖ ਪੰਥ ਲਈ ਦ੍ਰਿੜ ਹੋ ਕੇ ਸੇਵਾਵਾਂ ਦੇਣ ਦਾ ਅਹਿਦ ਹੈ, ਜਿਸ ਦੀ ਸੇਧ ਵਿਚ ਸਮੁੱਚੀ ਸਿੱਖ ਕੌਮ ਨੂੰ ਏਕੇ ਨਾਲ ਪੰਥ ਦੀ ਚੜ੍ਹਦੀ ਕਲਾ ਵਾਸਤੇ ਵਚਨਬੱਧ ਹੋਣਾ ਚਾਹੀਦਾ ਹੈ।