Amritsar News: ਉੱਤਰੀ ਜ਼ੋਨਲ ਕੌਂਸਲ ਦੀ ਅੱਜ ਅੰਮ੍ਰਿਤਸਰ ਵਿੱਚ ਮੀਟਿੰਗ ਹੋ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ, ਰਾਜਸਥਾਨ, ਦਿੱਲੀ, ਜੰਮੂ ਕਸ਼ਮੀਰ, ਲੱਦਾਖ ਆਦਿ ਦੇ ਮੁੱਖ ਮੰਤਰੀ ਤੇ ਹੋਰ ਮੰਤਰੀ, ਅਧਿਕਾਰੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਸ਼ਾਸਕ ਜਾਂ ਰਾਜਪਾਲ ਸ਼ਾਮਲ ਹੋਣਗੇ।



ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਰਾਜਧਾਨੀ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਦੀ ਗੂੰਜ ਪਏਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਦਾ ਕੇਸ ਤਿਆਰ ਕੀਤਾ ਗਿਆ ਹੈ ਜਿਸ ਨੂੰ ਕੌਂਸਲ ਮੀਟਿੰਗ ਵਿੱਚ ਰੱਖਿਆ ਜਾਵੇਗਾ। ਹਰਿਆਣਾ ਵੱਲੋਂ ਜਿਸ ਤਰੀਕੇ ਨਾਲ ਚੰਡੀਗੜ੍ਹ ਵਿੱਚ ਨਵੀਂ ਵਿਧਾਨ ਸਭਾ ਬਣਾਏ ਜਾਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦੇ ਵਿਰੋਧ ਵਿੱਚ ਡਟਣ ਲਈ ਪੰਜਾਬ ਸਰਕਾਰ ਨੇ ਕਾਰਵਾਈ ਆਰੰਭੀ ਹੈ।


ਪੰਜਾਬ ਸਰਕਾਰ ਵੱਲੋਂ ਰਾਜਧਾਨੀ ’ਤੇ ਇਕੱਲੇ ਪੰਜਾਬ ਦਾ ਦਾਅਵਾ ਹੋਣ ਬਾਰੇ ਕਾਨੂੰਨੀ ਪੱਖਾਂ ਤੋਂ ਇਲਾਵਾ 1985 ਵਿੱਚ ਹੋਏ ਰਾਜੀਵ-ਲੌਂਗੋਵਾਲ ਸਮਝੌਤੇ ਦੇ ਤੱਥ ਵੀ ਰੱਖੇ ਜਾਣੇ ਹਨ। ਇਸੇ ਤਰ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਸਥਾਈ ਨੁਮਾਇੰਦਗੀ ਦੇ ਮੁੱਦੇ ’ਤੇ ਪੰਜਾਬ ਤੇ ਹਰਿਆਣਾ ਇਕਜੁੱਟ ਨਜ਼ਰ ਆ ਸਕਦੇ ਹਨ। ਬੇਸ਼ੱਕ ਅਗਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੋਈ ਫ਼ੌਰੀ ਫ਼ੈਸਲਾ ਹੋਣ ਦੀ ਉਮੀਦ ਘੱਟ ਜਾਪਦੀ ਹੈ ਪਰ ਪੰਜਾਬ ਸਰਕਾਰ ਨੇ ਮੀਟਿੰਗਾਂ ਤੋਂ ਉਮੀਦਾਂ ਲਾਈਆਂ ਹੋਈਆਂ ਹਨ।


ਵਿਰੋਧੀ ਧਿਰਾਂ ਤਰਫ਼ੋਂ ਰਾਜਧਾਨੀ ਦੇ ਮੁੱਦੇ ’ਤੇ ‘ਆਪ’ ਸਰਕਾਰ ਨੂੰ ਹੁਣ ਤੱਕ ਘੇਰਿਆ ਜਾਂਦਾ ਰਿਹਾ ਹੈ। ਪੰਜਾਬ ਸਰਕਾਰ ਚੰਡੀਗੜ੍ਹ ’ਤੇ ਦਾਅਵਾ ਕਰਕੇ ਵਿਰੋਧੀ ਧਿਰਾਂ ਨੂੰ ਜਵਾਬ ਵੀ ਦੇਣਾ ਚਾਹੁੰਦੀ ਹੈ। ਪੰਜਾਬ ’ਵਰਸਿਟੀ ਨਾਲ ਆਪਣੇ ਕਾਲਜਾਂ ਨੂੰ ਮਾਨਤਾ ਦਿਵਾਉਣ ਦੇ ਮਾਮਲੇ ’ਤੇ ਹਰਿਆਣਾ ਦਾ ਵਿਰੋਧ ਕੀਤਾ ਜਾਵੇਗਾ। ਇਸੇ ਤਰ੍ਹਾਂ ਹੜ੍ਹਾਂ ਬਾਰੇ ਕੌਮੀ ਆਫ਼ਤ ਪ੍ਰਬੰਧਨ ਦੇ ਨਿਯਮਾਂ ਵਿਚ ਛੋਟ ਦਿੱਤੇ ਜਾਣ ਦਾ ਕੇਸ ਵੀ ਪੰਜਾਬ ਵੱਲੋਂ ਪੇਸ਼ ਕੀਤਾ ਜਾਵੇਗਾ।


ਇਹ ਵੀ ਪੜ੍ਹੋ: Canada Sikh Connection: ਕੈਨੇਡਾ ਦਾ ਸਿੱਖ ਕਨੈਕਸ਼ਨ! ਸਿੱਖ ਕਨੇਡਾ ਵਿੱਚ ਕਦੋਂ ਵੱਸਣ ਲੱਗੇ, ਭਾਰਤ ਤੋਂ ਇੰਨੇ ਦੂਰ ਕਿਵੇਂ ਅਤੇ ਕਿਉਂ ਚਲੇ ਗਏ, ਜਾਣੋ ਪੂਰੀ ਕਹਾਣੀ


ਪੰਜਾਬ ਪਿਛਲੇ ਦੋ ਮਹੀਨਿਆਂ ਵਿਚ ਦੋ ਵਾਰ ਹੜ੍ਹਾਂ ਦੀ ਮਾਰ ਝੱਲ ਚੁੱਕਾ ਹੈ ਜਿਸ ਕਰਕੇ ਪੰਜਾਬ ਸਰਕਾਰ ਮੁਆਵਜ਼ਾ ਦੁੱਗਣਾ ਕਰਨ ਬਾਰੇ ਨਿਯਮਾਂ ਵਿਚ ਛੋਟ ਚਾਹੁੰਦੀ ਹੈ। ਹਿਮਾਚਲ ਪ੍ਰਦੇਸ਼ ਵੱਲੋਂ ਲਗਾਏ ਜਲ ਸੈੱਸ ਦਾ ਮੁੱਦਾ ਵੀ ਪੰਜਾਬ ਚੁੱਕੇਗਾ। ਪੰਜਾਬ ਸਰਕਾਰ ਵੱਲੋਂ ਬਾਕੀ ਭਖਦੇ ਸੂਬਾਈ ਮੁੱਦਿਆਂ ਨੂੰ ਵੀ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿਚ ਉਠਾਉਣ ਲਈ ਤਿਆਰੀ ਖਿੱਚੀ ਹੋਈ ਹੈ।


ਇਹ ਵੀ ਪੜ੍ਹੋ: Viral Video: ਸਵੀਮਿੰਗ ਪੂਲ 'ਚ ਨਹਾ ਰਹੇ ਲੋਕ, ਅਚਾਨਕ ਛਾਲ ਮਾਰ ਕੇ ਆਇਆ ਟਾਈਗਰ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼