Operation Blue Star Anniversary: ਆਪ੍ਰੇਸ਼ਨ ਬਲਿਊ ਸਟਾਰ ਦੀ 39ਵੀਂ ਵਰੇਗੰਢ ਮੌਕੇ ਅੰਮ੍ਰਿਤਸਰ ਦੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ। ਵੱਖ-ਵੱਖ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਅੰਮ੍ਰਿਤਸਰ ਸ਼ਹਿਰ ਬੰਦ ਰੱਖਣ ਦੀ ਕਾਲ ਦਿੱਤੀ ਗਈ ਸੀ। ਇਸ ਨੂੰ ਲੈ ਕੇ ਅੱਜ ਅੰਮ੍ਰਿਤਸਰ ਸ਼ਹਿਰ ਬੰਦ ਦੇਖਣ ਨੂੰ ਮਿਲਿਆ। 6 ਜੂਨ 1984 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਪਰ ਫੌਜੀ ਕਾਰਵਾਈ ਕਰਕੇ ਲੋਕ ਅੱਜ ਵੀ ਰੋਸ ਪ੍ਰਗਟ ਕਰਦੇ ਹਨ। 


ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕਾਂ ਨੇ ਪਹੁੰਚ ਕੇ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਜਥੇਦਾਰ ਸ਼੍ਰੀ ਅਕਾਲ ਤਖ਼ਤ ਸਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਗਿਆ।  ਇਸ ਦੌਰਾਨ ਜਿੱਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਉੱਥੇ ਹੀ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਵੀ ਹੋਈ। 


ਉਧਰ, ਪੂਰੇ ਜ਼ਿਲ੍ਹੇ ਵਿੱਚ ਪੁਲਿਸ ਚੱਪੇ-ਚੱਪੇ ਤੇ ਤਾਇਨਾਤ ਸੀ। ਪੁਲਿਸ ਬਲ ਦੀ ਮਦਦ ਨਾਲ ਸ਼ਹਿਰ ਵਿੱਚ ਆਉਣ ਜਾਣ ਵਾਲੇ ਹਰੇਕ ਵਿਅਕਤੀ ਦੀ ਪੁੱਛਗਿੱਛ ਕੀਤੀ ਜਾ ਰਹੀ ਸੀ। ਹਾਲਾਂਕਿ ਕਿਸੇ ਵੀ ਵਿਆਕਤੀ ਨੂੰ ਸ਼੍ਰੀ ਦਰਬਾਰ ਸਹਿਬ ਤੇ ਸ਼੍ਰੀ ਆਕਾਲ ਤਖਤ ਸਾਹਿਬ ਜਾਣ ਤੋਂ ਰੋਕਿਆ ਨਹੀਂ ਗਿਆ।


ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਅੱਜ ਸਵੇਰੇ ਅਕਾਲ ਤਖ਼ਤ ਵਿਖੇ ਆਖੰਡ ਪਾਠ ਦੇ ਭੋਗ ਪਾਏ ਗਏ। ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਆਖਿਆ ਕਿ ਸਮੇਂ ਦੀ ਹਕੂਮਤ ਵੱਲੋਂ ਜੂਨ 1984 ਵਿਚ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਮੇਤ ਹੋਰ ਗੁਰਧਾਮਾਂ ਤੇ ਫੌਜੀ ਹਮਲਾ ਕਰਕੇ ਦਿੱਤੇ ਜ਼ਖਮਾਂ ਦੇ ਨਿਸ਼ਾਨ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ। 



ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਇਕੱਠੇ ਹੋਣ ਦਾ ਸੱਦਾ ਦਿੱਤਾ। ਸਮੂਹ ਸਿੱਖ ਜਥੇਬੰਦੀਆਂ ਨੂੰ ਆਖਿਆ ਕਿ ਇਕੱਠੇ ਹੋ ਕੇ ਪਿੰਡਾਂ ਵੱਲ ਪ੍ਰਚਾਰ ਮੁਹਿੰਮ ਵਿੱਢੀ ਜਾਵੇ ਤਾਂ ਜੋ ਨੌਜਵਾਨ ਸਿੱਖ ਸ਼ਕਤੀ ਨੂੰ ਨਸ਼ਿਆਂ ਵਰਗੀ ਸਮਾਜਿਕ ਕੁਰੀਤੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਆਪਣੇ ਤੌਰ ’ਤੇ ਵੱਖਰਾ ਸੰਦੇਸ਼ ਵੀ ਜਾਰੀ ਕੀਤਾ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।