Amritsar News: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਧੀਕ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ ਨੇ ਕਿਹਾ ਹੈ ਕਿ ਅੰਮ੍ਰਿਤਸਰ ਵਿੱਚ ਸਿਰਫ ਗਰੀਨ ਪਟਾਕੇ, ਜੋ ਸੀਐਸਆਈਆਰ-ਨੀਰੀ ਤੋਂ ਪ੍ਰਵਾਨਿਤ ਹੋਣਗੇ, ਉਹੀ ਵੇਚੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਯਕੀਨੀ ਬਣਾਇਆ ਜਾਏਗਾ ਕਿ ਨਿਯਮਾਂ ਮੁਤਾਬਕ ਹੀ ਪਟਾਕੇ ਵੇਚੇ ਜਾਣ ਤੇ ਚਲਾਏ ਜਾਣ। 


ਬੁੱਧਵਾਰ ਨੂੰ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪਟਾਕੇ ਵੇਚਣ ਵਾਲੇ ਵੈਂਡਰਾਂ ਲਈ ਡਰਾਅ ਪਾਰਦਰਸ਼ੀ ਢੰਗ ਨਾਲ ਕੱਢੇ ਗਏ। ਇਸ ਮੌਕੇ ਸਹਾਇਕ ਕਮਿਸ਼ਨਰ ਹਰਨੂਰ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸਚਿਨ ਪਾਠਕ, ਏਡੀਸੀਪੀ ਅਜੈ ਗਾਂਧੀ, ਏਸੀਪੀ ਸਰਬਜੀਤ ਸਿੰਘ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਟਾਕਾ ਵਪਾਰੀ ਹਾਜ਼ਰ ਸਨ। ਪਟਾਕਾ ਵਪਾਰੀਆਂ ਨੇ ਵੀ ਭਰੋਸਾ ਦਵਾਇਆ ਕਿ ਉਹ ਨਿਯਮਾਂ ਮੁਤਾਬਕ ਹੀ ਪਟਾਕੇ ਵੇਚਣਗੇ।



ਵਧੀਕ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਟਾਕਾ ਵਪਾਰੀਆਂ ਤੋਂ 2063 ਬਿਨੈ-ਪੱਤਰ ਪ੍ਰਾਪਤ ਹੋਏ ਸਨ ਜਿਨ੍ਹਾਂ ਵਿਚੋਂ 10 ਡਰਾਅ ਕੱਢੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਸਿਰਫ 10 ਡਰਾਅ ਕੱਢੇ ਗਏ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੀਆਂ ਹਦਾਇਤਾਂ ਮੁਤਾਬਕ ਅਸਥਾਈ ਲਾਇਸੈਂਸਾਂ ਦੇ ਡਰਾਅ ਕੱਢੇ ਗਏ ਹਨ। ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਤੋਂ ਸ਼ਾਮ ਸਾਢੇ 7 ਵਜੇ ਤਕ ਪਟਾਕੇ ਵੇਚਣ ਦੀ ਹੀ ਇਜਾਜ਼ਤ ਹੋਵੇਗੀ ਤੇ ਜਿਨ੍ਹਾਂ ਵਿਅਕਤੀਆਂ ਦੇ ਡਰਾਅ ਨਿਕਲੇ ਹਨ ਉਹੀ ਵਪਾਰੀ ਪਟਾਕੇ ਵੇਚ ਸਕਣਗੇ।



ਇਸੇ ਦੌਰਾਨ ਸਹਾਇਕ ਕਮਿਸ਼ਨਰ ਹਰਨੂਰ ਕੋਰ ਨੇ ਪਟਾਕਾ ਵਪਾਰੀਆਂ ਨੂੰ ਕਿਹਾ ਕਿ ਉਹ ਪਟਾਕੇ ਵੇਚਣ ਵਾਲੀ ਜਗ੍ਹਾ ’ਤੇ ਪੂਰੀ ਸਾਵਧਾਨੀ ਵਰਤੀ ਜਾਵੇ ਤੇ ਸਕਰਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਤੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਸੇ ਤਰ੍ਹਾਂ ਏਡੀਸੀਪੀ ਅਜੈ ਗਾਂਧੀ ਨੇ ਦੱਸਿਆ ਕਿ ਪਟਾਕੇ ਵੇਚਣ ਵਾਲੀਆਂ ਨਿਰਧਾਰਤ ਥਾਵਾਂ ’ਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੇਵਲ ਲਾਇਸੈਂਸ ਧਾਰਕਾਂ ਨੂੰ ਹੀ ਪਟਾਕੇ ਵੇਚਣ ਦੀ ਆਗਿਆ ਹੋਵੇਗੀ ਤੇ ਬਗੈਰ ਲਾਇਸੈਂਸ ਤੋਂ ਪਟਾਕੇ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।