Operation Blue Star Anniversary: ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮਨਾਈ ਜਾ ਰਹੀ ਹੈ। ਬੇਸ਼ੱਕ ਇਸ ਵਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖਤ ਨਿਰਦੇਸ਼ ਜਾਰੀ ਹੋਏ ਹਨ ਕਿ ਕੋਈ ਵੀ ਨਾਅਰੇਬਾਜ਼ੀ ਨਾ ਕਰੇ ਪਰ ਸੁਰੱਖਿਆ ਏਜੰਸੀਆਂ ਦੀ ਗਰਮ ਖਿਆਲੀਆਂ 'ਤੇ ਪੂਰੀ ਨਜ਼ਰ ਹੈ।
ਹਾਸਲ ਜਾਣਕਾਰੀ ਮੁਤਾਬਕ ਇਸ ਮੌਕੇ ਹਵਾਰਾ ਕਮੇਟੀ ਤੇ ਮੁਤਵਾਜ਼ੀ ਜਥੇਦਾਰ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਖੁਫ਼ੀਆ ਏਜੰਸੀਆ ਨੂੰ ਸੂਹ ਮਿਲੀ ਹੈ ਕਿ ਕੁਝ ਗਰਮ-ਖਿਆਲੀ ਜਥੇਬੰਦੀਆਂ ਮਾਹੌਲ ਤਣਾਅਪੂਰਨ ਬਣਾ ਸਕਦੀਆਂ ਹਨ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਹਰਿਮੰਦਰ ਸਾਹਿਬ ਸਮੂਹ ਦੁਆਲੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ।
ਦੱਸ ਦਈਏ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਕਾਇਮ ਰੱਖਣ ਸਬੰਧੀ ਨਿਰਦੇਸ਼ ਦਿੱਤੇ ਹਨ। ਸ੍ਰੀ ਅਕਾਲ ਤਖਤ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ 18 ਜੁਲਾਈ, 2006 ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦਾ ਹਵਾਲਾ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਪੱਤਰ ਲਿਖਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਨੂੰ ਮੁੱਖ ਰੱਖਦਿਆਂ ਉਸ ਵੇਲੇ ਇਹ ਮਤਾ ਪਾਸ ਕੀਤਾ ਗਿਆ ਸੀ। ਤਤਕਾਲੀ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਂਦਾਤੀ ਦੇ ਹਸਤਾਖਰਾਂ ਹੇਠ ਪਾਸ ਇਸ ਮਤੇ ਨੂੰ ਅਕਾਲ ਤਖ਼ਤ ਦੇ ਨਿਰਦੇਸ਼ਾਂ ਅਨੁਸਾਰ ਪੂਰਨ ਤੌਰ ’ਤੇ ਲਾਗੂ ਕੀਤਾ ਜਾਵੇ।
ਪੰਜ ਜਥੇਦਾਰਾਂ ਵੱਲੋਂ ਜਾਰੀ ਕੀਤੇ ਗਏ ਇਸ ਮਤੇ ਵਿੱਚ ਲਿਖਿਆ ਗਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਨਾ ਤਾਂ ਕਿਸੇ ਦੇ ਪੱਖ ਤੇ ਨਾ ਹੀ ਕਿਸੇ ਦੇ ਖ਼ਿਲਾਫ਼ ਨਾਅਰੇ ਲਗਾਏ ਜਾਣ। ਇਸੇ ਤਰ੍ਹਾਂ ਪਰਿਕਰਮਾ ਵਿੱਚ ਮੀਡੀਆ ਵਾਲਿਆਂ ਨੂੰ ਕਿਸੇ ਵੀ ਗਰੁੱਪ ਜਾਂ ਪਾਰਟੀ ਨਾਲ ਸਬੰਧਤ ਵਿਅਕਤੀ ਦੀ ਇੰਟਰਵਿਊ, ਬਾਈਟ ਲੈਣ ਜਾਂ ਸਵਾਲ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਂਝ ਉਹ ਪਰਿਕਰਮਾ ਤੋਂ ਬਾਹਰ ਅਜਿਹਾ ਕਰ ਸਕਦੇ ਸਨ।
ਸ਼੍ਰੀ ਅਕਾਲ ਤਖ਼ਤ ਸਕੱਤਰੇਤ ਨੇ ਸ਼੍ਰੋਮਣੀ ਕਮੇਟੀ ਨੂੰ ਭੇਜੇ ਪੱਤਰ ਦੇ ਨਾਲ ਪੰਜ ਸਿੰਘ ਸਾਹਿਬਾਨ ਦੇ ਮਤੇ ਦੀ ਕਾਪੀ ਵੀ ਨੱਥੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਕੱਤਰੇਤ ਤੋਂ ਪੱਤਰ ਪ੍ਰਾਪਤ ਹੋਇਆ ਹੈ, ਜਿਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਨੂੰ ਪ੍ਰੋਗਰਾਮ ਦੌਰਾਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਲਈ ਭੇਜ ਦਿੱਤਾ ਗਿਆ ਹੈ।