Operation Blue Star: ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਲਰਟ, ਸ਼ਹਿਰ ਰਹੇਗੀ ਬੰਦ, ਪ੍ਰੀਖਿਆਵਾਂ ਵੀ ਰੱਦ
ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਸਿੱਖ ਜਥੇਬੰਦੀ ਦਲ ਖਾਲਸਾ ਨੇ ਸ਼ੁੱਕਰਵਾਰ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ। ਇਸ ਕਾਰਨ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ..

Operation Blue Star Anniversary: ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਸਿੱਖ ਜਥੇਬੰਦੀ ਦਲ ਖਾਲਸਾ ਨੇ ਸ਼ੁੱਕਰਵਾਰ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ। ਇਸ ਕਾਰਨ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਵਿਦਿਅਕ ਸੰਸਥਾਵਾਂ ਨੇ ਵੀ ਇਸ ਸਬੰਧੀ ਸਾਵਧਾਨੀ ਵਰਤੀ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਪਣੇ ਸਾਰੇ ਕਾਲਜਾਂ ਵਿੱਚ 6 ਜੂਨ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਾਰੀ ਹੁਕਮਾਂ ਅਨੁਸਾਰ 6 ਜੂਨ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਤੇ ਸਮੈਸਟਰ ਪ੍ਰੀਖਿਆਵਾਂ ਪ੍ਰਸ਼ਾਸਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਹ ਸਾਰੀਆਂ ਥਿਊਰੀ ਪ੍ਰੀਖਿਆਵਾਂ ਹੁਣ ਸ਼ੁੱਕਰਵਾਰ, 20 ਜੂਨ ਨੂੰ ਪ੍ਰੀਖਿਆ ਕੇਂਦਰਾਂ ਵਿੱਚ ਪਹਿਲਾਂ ਨਿਰਧਾਰਤ ਸਮੇਂ ਅਨੁਸਾਰ ਹੋਣਗੀਆਂ। ਇਸ ਨਾਲ ਸਬੰਧਤ ਸਾਰੀ ਜਾਣਕਾਰੀ ਯੂਨੀਵਰਸਿਟੀ ਦੀ ਵੈੱਬਸਾਈਟ 'ਤੇ ਉਪਲਬਧ ਹੋਵੇਗੀ।
ਇਸ ਦੇ ਨਾਲ ਹੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਲਗਾਤਾਰ ਫਲੈਗ ਮਾਰਚ ਕੱਢ ਰਹੀ ਹੈ। ਬੀਤੀ ਸ਼ਾਮ ਵੀ ਪੁਲਿਸ ਨੇ ਸ਼੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ਫਲੈਗ ਮਾਰਚ ਕੱਢਿਆ। ਦਲ ਖਾਲਸਾ ਨੇ ਅੱਜ ਸ਼ਾਮ "ਘੱਲੂਘਾਰਾ ਮਾਰਚ" ਕੱਢਣ ਦਾ ਐਲਾਨ ਕੀਤਾ ਹੈ, ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘੇਗਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਨੂੰ ਲੈ ਕੇ ਵੀ ਪੁਲਿਸ ਚੌਕਸ ਹੈ।
ਦੱਸ ਦਈਏ ਕਿ 1984 ਵਿੱਚ ਹੋਏ ਆਪ੍ਰੇਸ਼ਨ ਬਲੂ ਸਟਾਰ ਦੀਆਂ ਤਸਵੀਰਾਂ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ। ਇੱਥੇ ਇੱਕ ਅਸਥਾਈ ਗੈਲਰੀ ਬਣਾਈ ਗਈ ਹੈ, ਜਿੱਥੇ ਆਪ੍ਰੇਸ਼ਨ ਦੀਆਂ ਤਸਵੀਰਾਂ ਤੇ ਅਕਾਲ ਤਖਤ ਸਾਹਿਬ ਨੂੰ ਹੋਏ ਨੁਕਸਾਨ ਨੂੰ ਵੀ ਪ੍ਰਦਰਸ਼ਿਤ ਕੀਤਾ ਗਿਆ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਇਹ ਪ੍ਰਦਰਸ਼ਨੀ 1984 ਵਿੱਚ ਸ਼੍ਰੀ ਹਰਿਮੰਦਰ ਸਾਹਿਬ 'ਤੇ ਹੋਏ ਹਮਲੇ ਬਾਰੇ ਜਾਣਕਾਰੀ ਫੈਲਾਉਣ ਲਈ ਲਗਾਈ ਗਈ ਹੈ।
ਦੂਜੇ ਪਾਸੇ, ਸ਼੍ਰੀ ਹਰਿਮੰਦਰ ਸਾਹਿਬ ਵਿਖੇ ਕੱਲ੍ਹ ਤੋਂ ਅਖੰਡ ਪਾਠ ਸ਼ੁਰੂ ਹੋਇਆ ਹੈ ਜਿਸ ਦਾ ਭੋਗ ਕੱਲ੍ਹ ਸ਼ੁੱਕਰਵਾਰ 6 ਜੂਨ ਨੂੰ ਦਿੱਤਾ ਜਾਵੇਗਾ। ਇਸ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦਮਦਮੀ ਟਕਸਾਲ ਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਕਰਨਗੇ। ਜਥੇਦਾਰ ਗੜਗੱਜ ਨੂੰ ਸੰਬੋਧਨ ਨਹੀਂ ਕਰਨ ਦੇਣਗੇ।
ਸਰਕਾਰੀ ਸੂਤਰਾਂ ਮੁਤਾਬਕ ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਲਈ ਲਗਪਗ 4 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਜਿਸ ਵਿੱਚ ਪੰਜਾਬ ਆਰਮਡ ਪੁਲਿਸ ਕਰਮਚਾਰੀ ਵੀ ਸ਼ਾਮਲ ਹੋਣਗੇ। ਅੰਮ੍ਰਿਤਸਰ ਵਿੱਚ 62 ਥਾਵਾਂ 'ਤੇ ਚੌਕੀਆਂ ਸਥਾਪਤ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚੋਂ 14 ਚੌਕੀਆਂ ਸ਼੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਤੇ ਸੜਕਾਂ 'ਤੇ ਹਨ। 20 ਚੌਕੀਆਂ ਸ਼ਹਿਰ ਦੇ ਅੰਦਰ, 10 ਚੌਕੀਆਂ ਸ਼ਹਿਰ ਦੇ ਬਾਹਰਵਾਰ ਤੇ 10 ਚੌਕੀਆਂ ਸ਼ਹਿਰ ਨੂੰ ਜਾਣ ਵਾਲੀਆਂ ਮੁੱਖ ਸੜਕਾਂ 'ਤੇ ਹਨ। 52 ਨਾਕਿਆਂ 'ਤੇ ਪੁਲਿਸ 24 ਘੰਟੇ ਤਾਇਨਾਤ ਹੈ। ਲਗਪਗ 40 ਡੀਐਸਪੀ ਤੇ ਐਸਪੀ ਪੱਧਰ ਦੇ ਅਧਿਕਾਰੀ ਨਿਗਰਾਨੀ 'ਤੇ ਹਨ






















