Punjab News: ਅੰਮ੍ਰਿਤਸਰ ਵਿੱਚ ਇੱਕ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਵਿਅਕਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਦੀ ਮੂਰਤੀ 'ਤੇ ਚੜ੍ਹ ਗਿਆ ਤੇ ਉਸ 'ਤੇ ਹਥੌੜੇ ਨਾਲ ਵਾਰ ਕੀਤਾ। ਇਸ ਤੋਂ ਬਾਅਦ ਦੋਸ਼ੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ, ਜਿਸ ਵਿੱਚ ਉਹ ਆਦਮੀ ਇੱਕ ਲੰਬੀ ਸਟੀਲ ਪੌੜੀ ਦੀ ਵਰਤੋਂ ਕਰਕੇ ਹਥੌੜੇ ਨਾਲ ਮੂਰਤੀ 'ਤੇ ਚੜ੍ਹਦਾ ਦੇਖਿਆ ਜਾ ਸਕਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਕਾਰਵਾਈ ਦਾ ਦਿੱਤਾ ਭਰੋਸਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ , ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਕਾਂਗਰਸ ਨੇ ਡੂੰਘੀ ਸਾਜ਼ਿਸ਼ ਵੱਲ ਕੀਤਾ ਇਸ਼ਾਰਾ
ਵਿਰੋਧੀ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਕੁਝ ਆਗੂਆਂ ਨੇ ਕਿਹਾ ਕਿ ਇਸ ਪਿੱਛੇ ਕੋਈ ਡੂੰਘੀ ਸਾਜ਼ਿਸ਼ ਹੋ ਸਕਦੀ ਹੈ ਜਿਸਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਕਿਹਾ ਕਿ ਇਸ ਪਿੱਛੇ ਕੋਈ ਡੂੰਘੀ ਸਾਜ਼ਿਸ਼ ਹੋ ਸਕਦੀ ਹੈ। ਵੜਿੰਗ ਨੇ ਮੰਗ ਕੀਤੀ ਤੇ ਕਿਹਾ ਕਿ ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਤਰੁਣ ਚੁੱਘ ਨੇ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਜ਼ਿਸ਼ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ।
ਸੁਖਬੀਰ ਬਾਦਲ ਨੇ ਕਿਹਾ, ਆਓ ਪੰਜਾਬ ਨੂੰ ਬਚਾਈਏ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਅਤੇ ਇਸ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਪੂਰੀ ਜਾਂਚ ਦੀ ਮੰਗ ਕੀਤੀ। ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਗਣਤੰਤਰ ਦਿਵਸ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟਰੀਟ ‘ਤੇ ਸਥਾਪਿਤ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਇਸ ਘਿਨਾਉਣੇ ਕੰਮ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਮੈਂ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਅਤੇ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਪੂਰੀ ਜਾਂਚ ਦੀ ਮੰਗ ਕਰਦਾ ਹਾਂ। ਆਓ ਆਪਣੇ ਸਮਾਜ ਵਿੱਚ ਵੰਡੀਆਂ ਪਾਉਣ ਦੀਆਂ ਅਜਿਹੀਆਂ ਘਿਣਾਉਣੀਆਂ ਕੋਸ਼ਿਸ਼ਾਂ ਵਿਰੁੱਧ ਇੱਕਜੁੱਟ ਹੋਈਏ ਤੇ ਪੰਜਾਬ ਨੂੰ ਬਚਾਈਏ ।
ਭਾਜਪਾ ਨੇ ਕੀ ਕਿਹਾ ?
ਭਾਜਪਾ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਟਵਿੱਟਰ 'ਤੇ ਘਟਨਾ ਦੀ ਵੀਡੀਓ ਸਾਂਝੀ ਕਰਦਿਆਂ ਲਿਖਿਆ, 'ਇੱਕ ਪਾਸੇ ਦੇਸ਼ ਭਰ ਵਿੱਚ ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਭਾਰਤੀ ਸੰਵਿਧਾਨ ਨੂੰ ਸਤਿਕਾਰ ਨਾਲ ਯਾਦ ਕੀਤਾ ਜਾ ਰਿਹਾ ਹੈ, ਜਦੋਂ ਕਿ ਦੂਜੇ ਪਾਸੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਵਿਅਕਤੀ ਨੇ ਬਾਬਾ ਸਾਹਿਬ ਅੰਬੇਡਕਰ ਦੀ 30 ਫੁੱਟ ਉੱਚੀ ਮੂਰਤੀ ਨੂੰ ਹਥੌੜੇ ਨਾਲ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਹ ਘਟਨਾ ਪੰਜਾਬ ਵਿੱਚ ਵਾਪਰੀ ਹੈ, ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਹੈ, ਜੋ ਆਪਣੇ ਆਪ ਨੂੰ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਦਾ ਸਮਰਥਕ ਦੱਸਦੀ ਹੈ। ਦਲਿਤ ਭਾਈਚਾਰੇ ਦੇ ਇਸ ਅਪਮਾਨ ਲਈ ਅਰਵਿੰਦ ਕੇਜਰੀਵਾਲ ਜ਼ਿੰਮੇਵਾਰ ਹਨ। ਅਸੀਂ ਉਸ ਸਰਕਾਰ ਤੋਂ ਦਲਿਤ ਸਮਾਜ ਦੇ ਕਲਿਆਣ ਦੀ ਉਮੀਦ ਕਿਵੇਂ ਕਰ ਸਕਦੇ ਹਾਂ ਜੋ ਬਾਬਾ ਸਾਹਿਬ ਅੰਬੇਡਕਰ ਦਾ ਸਤਿਕਾਰ ਨਹੀਂ ਕਰ ਸਕਦੀ ?
ਬਸਪਾ ਨੇ ਸਖ਼ਤ ਕਾਰਵਾਈ ਦੀ ਕੀਤੀ ਮੰਗ
ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਵੀ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਦੀ ਨਿੰਦਾ ਕੀਤੀ ਹੈ। ਦਿੱਲੀ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦੇ ਹੋਏ, ਉਨ੍ਹਾਂ ਕਿਹਾ ਕਿ ਦਿੱਲੀ ਦੇ ਵੋਟਰਾਂ, ਖਾਸ ਕਰਕੇ 'ਆਪ', ਕਾਂਗਰਸ ਤੇ ਭਾਜਪਾ ਦੇ ਦੋਹਰੇ ਮਾਪਦੰਡਾਂ ਤੋਂ ਸਬਕ ਸਿੱਖਣਾ ਚਾਹੀਦਾ ਹੈ ਤੇ ਸਿਰਫ਼ ਅੰਬੇਡਕਰਵਾਦੀ ਪਾਰਟੀ ਬਸਪਾ ਨੂੰ ਵੋਟ ਦੇ ਕੇ ਮਜ਼ਬੂਤ ਕਰਨਾ ਚਾਹੀਦਾ ਹੈ। ਬਸਪਾ ਮੁਖੀ ਨੇ ਟਵਿੱਟਰ 'ਤੇ ਕਿਹਾ, 'ਪੰਜਾਬ ਦੇ ਅੰਮ੍ਰਿਤਸਰ ਵਿੱਚ ਗੋਲਡਨ ਟੈਂਪਲ ਦੇ ਨੇੜੇ ਹੈਰੀਟੇਜ ਸਟਰੀਟ ਵਿੱਚ ਸਥਾਪਿਤ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਤੋੜਨ ਦੀ ਕੋਸ਼ਿਸ਼ ਸ਼ਰਮਨਾਕ ਹੈ। ਇਸ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਘੱਟ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਮੰਦਭਾਗੀ ਘਟਨਾ ਨੂੰ ਪੂਰੀ ਗੰਭੀਰਤਾ ਨਾਲ ਲਵੇ ਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕਰੇ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।