Amritsar News: ਅਜਾਇਬ ਘਰ 'ਚ ਲੱਗਣਗੀਆਂ 3 ਖਾਲਿਸਤਾਨੀ ਲੀਡਰਾਂ ਦੀਆਂ ਤਸਵੀਰਾਂ, ਜਥੇਦਾਰ ਨੇ ਸ਼ਹੀਦ ਕਰਾਰ ਦੇਕੇ SGPC ਨੂੰ ਦਿੱਤੇ ਆਦੇਸ਼
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਰਦੀਪ ਸਿੰਘ ਨਿੱਝਰ, ਪਰਮਜੀਤ ਸਿੰਘ ਪੰਜਵੜ ਅਤੇ ਗਜਿੰਦਰ ਸਿੰਘ ਦੀਆਂ ਤਸਵੀਰਾਂ ਨੂੰ ਅਜਾਇਬ ਘਰ ਵਿੱਚ ਸੁਸ਼ੋਭਿਤ ਕਰਨ ਲਈ ਜ਼ਰੂਰ ਯਤਨ ਕਰਨੇ ਚਾਹੀਦੇ ਹਨ।
Punjab News: ਸ੍ਰੀ ਹਰਿਮੰਦਰ ਸਾਹਿਬ ਸਥਿਤ ਮਿਊਜ਼ੀਅਮ 'ਚ ਪੰਜਾਬ ਦੇ 3 ਖਾਲਿਸਤਾਨੀ ਨੇਤਾਵਾਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਨ੍ਹਾਂ ਖਾਲਿਸਤਾਨੀ ਆਗੂਆਂ ਵਿੱਚ ਹਰਦੀਪ ਨਿੱਝਰ, ਪਰਮਜੀਤ ਸਿੰਘ ਪੰਜਵੜ ਅਤੇ ਗਜਿੰਦਰ ਸਿੰਘ ਸ਼ਾਮਲ ਹਨ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਹਦਾਇਤਾਂ ਦਿੱਤੀਆਂ ਹਨ। ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਮੀਟਿੰਗ ਵਿੱਚ ਇਸ ਬਾਰੇ ਵਿਚਾਰ ਕੀਤਾ ਜਾਵੇਗਾ ਜਿਸ ਵਿੱਚ ਸਾਰੇ ਤਖ਼ਤਾਂ ਦੇ ਜਥੇਦਾਰ ਬੈਠ ਕੇ ਫੈਸਲੇ ਲੈਣਗੇ।
ਜ਼ਿਕਰ ਕਰ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿੱਚ ਗਜਿੰਦਰ ਸਿੰਘ ਨੂੰ ਸਿੱਖ ਯੋਧਾ ਹੋਣ ਦਾ ਮਾਣ ਦੇਣ ਦਾ ਐਲਾਨ ਕੀਤਾ ਗਿਆ। ਹੁਣ ਕੁਝ ਦਿਨਾਂ ਵਿੱਚ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਰਦੀਪ ਸਿੰਘ ਨਿੱਝਰ, ਪਰਮਜੀਤ ਸਿੰਘ ਪੰਜਵੜ ਅਤੇ ਗਜਿੰਦਰ ਸਿੰਘ ਦੀਆਂ ਤਸਵੀਰਾਂ ਨੂੰ ਅਜਾਇਬ ਘਰ ਵਿੱਚ ਸੁਸ਼ੋਭਿਤ ਕਰਨ ਲਈ ਜ਼ਰੂਰ ਯਤਨ ਕਰਨੇ ਚਾਹੀਦੇ ਹਨ।
ਗਜਿੰਦਰ ਸਿੰਘ ਦੀ ਪਾਕਿਸਤਾਨ ਵਿੱਚ ਹੋਈ ਮੌਤ
ਦਲ ਖਾਲਸਾ ਦੇ ਸੰਸਥਾਪਕ ਗਜਿੰਦਰ ਸਿੰਘ ਦੀ 3 ਜੁਲਾਈ ਨੂੰ ਪਾਕਿਸਤਾਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਗਜਿੰਦਰ ਸਿੰਘ ਨੇ ਖਾਲਿਸਤਾਨੀਆਂ ਦੇ ਸਮੂਹ ਦੀ ਅਗਵਾਈ ਕੀਤੀ ਜੋ 1981 ਵਿੱਚ ਇੱਕ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਹਾਈਜੈਕ ਕਰਕੇ ਲਾਹੌਰ, ਪਾਕਿਸਤਾਨ ਲੈ ਗਏ ਸਨ।
ਪਰਮਜੀਤ ਸਿੰਘ ਪੰਜਵੜ ਦਾ ਲਾਹੌਰ ਵਿੱਚ ਹੋਇਆ ਕਤਲ
ਖਾਲਿਸਤਾਨ ਕਮਾਂਡੋ ਫੋਰਸ (ਕੇਸੀਐਫ) ਦੇ ਮੁਖੀ ਪਰਮਜੀਤ ਸਿੰਘ ਪੰਜਵੜ, ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਵਿੱਚੋਂ ਇੱਕ, ਦੀ ਲਾਹੌਰ ਵਿੱਚ 6 ਮਈ 2023 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਹਰਦੀਪ ਸਿੰਘ ਨਿੱਝਰ ਦਾ ਕੈਨੇਡਾ 'ਚ ਗੋਲ਼ੀ ਮਾਰਕੇ ਕਤਲ
ਇਸ ਤੋਂ ਇਲਾਵਾ ਹਰਦੀਪ ਸਿੰਘ ਨਿੱਝਰ ਦੀ 18 ਜੂਨ 2023 ਨੂੰ ਸਰੀ, ਬ੍ਰਿਟਿਸ਼ ਕੋਲੰਬੀਆ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਬਾਰੇ ਚਰਚਾ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਖਟਾਸ ਆ ਗਈ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ ਵਿੱਚ ਕਿਹਾ ਸੀ ਕਿ ਨਿੱਝਰ ਦੇ ਕਤਲ ਨੂੰ ਭਾਰਤੀ ਏਜੰਟਾਂ ਨਾਲ ਜੋੜਿਆ ਜਾ ਰਿਹਾ ਹੈ। ਭਾਰਤ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਅੰਤਰਰਾਸ਼ਟਰੀ ਮੰਚਾਂ 'ਤੇ ਵੀ ਮੁੱਦਾ ਉਠਾਇਆ।