ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ-ਜਸ ਨਾਲ ਜੋੜਿਆ। ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। 


ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ। ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਮਹਾਂਪੁਰਖਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਸਨ।


ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਵਿਚਾਰਾਂ ਕਰਦਿਆਂ ਸਿੱਖ ਪੰਥ ਦੇ ਉੱਘੇ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਤੋਂ ਸੰਗਤ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਅਤੇ ਉਨ੍ਹਾਂ ਦੇ ਉਪਦੇਸ਼ਾਂ ਅਨੁਸਾਰ ਚੱਲ ਕੇ ਜੀਵਨ ਨੂੰ ਖੁਸ਼ਮਈ ਬਣਾਇਆ ਜਾ ਸਕਦਾ ਹੈ। 


ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ।


ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਵੀ ਗੁਰੂ ਸਾਹਿਬ ਜੀ ਦੇ ਲਾਸਾਨੀ ਜੀਵਨ ਬਾਰੇ ਕਵਿਤਾਵਾਂ ਪੇਸ਼ ਕੀਤੀਆਂ। ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨਾਂ ਤੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਦੌਰਾਨ ਅਵੱਲ ਆਉਣ ਵਾਲਿਆਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸਨਮਾਨਤ ਕੀਤਾ ਗਿਆ।


ਇਸ ਤੋਂ ਪਹਿਲਾਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਦੀ ਤਰ੍ਹਾਂ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਹੋਇਆ, ਜਿਸ ਵਿਚ ਰਾਗੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਗੁਰਬਾਣੀ ਵਿੱਚੋਂ ਰਾਗ ਅਧਾਰਤ ਕੀਰਤਨ ਸਰਵਣ ਕਰਵਾਇਆ।