Amritsar News: ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਅੰਦੋਲਨ ਨੂੰ ਲੈ ਕੇ ਮੋਰਚੇ ਦੀ ਚੜ੍ਹਦੀ ਕਲਾ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੋਈ ਵੀ ਕੰਮ ਕਰਨ ਤੋਂ ਪਹਿਲਾਂ ਗੁਰੂ ਮਹਾਰਾਜ ਦਾ ਓਟ ਆਸਰਾ ਲੈਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਲਈ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਿੱਲੀ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਹੈ।
ਸਿਰਸਾ ਨੇ ਕਿਹਾ ਕਿ ਅਸੀਂ ਬਹੁਤ ਸ਼ਾਂਤਮਈ ਤਰੀਕੇ ਨਾਲ ਅੰਦੋਲਨ ਸ਼ੁਰੂ ਕਰ ਰਹੇ ਹਾਂ। ਅਸੀਂ ਪਹਿਲਾਂ ਵੀ ਇੱਕ ਮਿਸਾਲ ਕਾਇਮ ਕਰ ਚੁੱਕੇ ਹੈ ਜਿਸ ਵਿੱਚ 13 ਮਹੀਨੇ ਦਿੱਲੀ ਦੇ ਬਾਰਡਰਾਂ ਉੱਤੇ ਸ਼ਾਂਤਮਈ ਮੋਰਚਾ ਚੱਲਿਆ ਸੀ। ਹੁਣ ਅਰਦਾਸ ਕਰਕੇ ਸਾਰਿਆਂ ਨੇ ਬਾਰਡਰਾਂ ਤੇ ਚਲਿਆ ਜਾਣਾ ਹੈ।
ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਪ੍ਰਦਰਸ਼ਨ ਲਈ ਜਾ ਰਹੇ ਹਨ। ਇਹ ਉਨ੍ਹਾਂ ਦਾ ਅਧਿਕਾਰ ਹੈ। ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਦੇ ਟਰੈਕਟਰ ਕਦੇ ਕਿਸੇ ਦੀ ਜਾਨ ਨਹੀਂ ਲੈਂਦਾ। ਜਾਨ ਹਮੇਸ਼ਾ ਸਰਕਾਰਾਂ ਦੇ ਬੈਰੀਕੇਡ ਲੈਂਦੇ ਹਨ।
ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਤੇ ਆਸ-ਪਾਸ ਦੇ ਇਲਾਕਿਆਂ ਦੇ ਕਿਸਾਨ ਫਤਿਹਗੜ੍ਹ ਸਾਹਿਬ ਵਿਖੇ ਇਕੱਠੇ ਹੋਣਗੇ। 12 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਤੋਂ ਬਾਅਦ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। 13 ਫਰਵਰੀ ਨੂੰ ਪੰਜਾਬ ਦੇ ਕਿਸਾਨ ਫਤਿਹਗੜ੍ਹ ਸਾਹਿਬ ਤੋਂ ਦਿੱਲੀ ਜਾਣਗੇ।
ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ ਤਾਂ ਸਾਨੂੰ ਦਿੱਲੀ ਜਾਣ ਦੀ ਕੋਈ ਲੋੜ ਨਹੀਂ। ਪਿਛਲੇ ਦੋ ਸਾਲਾਂ ਤੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਅਸੀਂ MSP ਖਰੀਦ ਗਾਰੰਟੀ ਕਾਨੂੰਨ ਨੂੰ ਲਾਗੂ ਕਰਵਾਉਣਾ ਚਾਹੁੰਦੇ ਹਾਂ। ਇਸ ਤੋਂ ਇਲਾਵਾ ਸਵਾਮੀਨਾਥਨ ਰਿਪੋਰਟ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਗੰਨੇ ਦੇ ਵਾਜਬ ਮੁੱਲ ਦੀ ਮੰਗ ਹੈ ਜਿਸ ਨੂੰ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ।