Amritasr News: ਰਾਸ਼ਟਰਪਤੀ ਦਰੋਪਤੀ ਮੁਰਮੂ ਅੱਜ ਅੰਮ੍ਰਿਤਸਰ ਪਹੁੰਚੇ ਹਨ। ਉਨ੍ਹਾਂ ਨੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦਾ ਹਵਾਈ ਅੱਡੇ ’ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹੋਰ ਹਸਤੀਆਂ ਨੇ ਸਵਾਗਤ ਕੀਤਾ। ਸ਼੍ਰੀ ਦਰਬਾਰ ਸਾਹਿਬ ਪੁੱਜਣ ’ਤੇ ਸ਼‍੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ। ਉਨ੍ਹਾਂ ਪਰਿਕਰਮਾ ਕੀਤੀ ਤੇ ਗੁਰੂ ਘਰ ਵਿੱਚ ਮਥਾ ਟੇਕਿਆ।


ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਹਰਿਮੰਦਰ ਸਾਹਿਬ ਦੀ ਫੇਰੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋ ਮੰਗ ਪੱਤਰ ਸੌਂਪੇ ਹਨ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲਾ ਮੰਗ ਪੱਤਰ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਤੇ ਦੂਜਾ ਮੰਗ ਪੱਤਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਮਾਨਤਾ ਸਬੰਧੀ ਸੌਂਪਿਆ ਹੈ।


ਹਾਸਲ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਆਪਣੇ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਇਸ ਤੋਂ ਬਾਅਦ ਉਹ ਸਿੱਧਾ ਸ਼੍ਰੀ ਹਰਿਮੰਦਰ ਸਾਹਿਬ ਪਹੁੰਚੇ। ਗੁਰੂਘਰ ਵਿਖੇ ਮੱਥਾ ਟੇਕਣ ਤੋਂ ਬਾਅਦ ਉਹ ਸ਼ਹੀਦਾਂ ਨੂੰ ਮੱਥਾ ਟੇਕਣ ਲਈ ਜਲਿਆਂਵਾਲਾ ਬਾਗ ਪਹੁੰਚੇ। ਅੰਮ੍ਰਿਤਸਰ 'ਚ ਉਨ੍ਹਾਂ ਦੁਰਗਿਆਣਾ ਮੰਦਰ ਤੇ ਫਿਰ ਸ਼੍ਰੀ ਰਾਮਤੀਰਥ ਵਿਖੇ ਵੀ ਮੱਥਾ ਟੇਕਿਆ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦ੍ਰੋਪਦੀ ਮੁਰਮੂ ਦੀ ਇਹ ਪਹਿਲੀ ਪੰਜਾਬ ਫੇਰੀ ਹੈ।


 


ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰਵਾਨਾ ਹੋਣ ਤੋਂ ਬਾਅਦ ਰਾਸ਼ਟਰਪਤੀ ਦਾ ਕਾਫ਼ਲਾ ਹਰਿਮੰਦਰ ਸਾਹਿਬ ਪਹੁੰਚਿਆ। ਇੱਥੇ ਸੰਸਦ ਮੈਂਬਰ ਗੁਰਜੀਤ ਔਜਲਾ ਵੀ ਉਨ੍ਹਾਂ ਨਾਲ ਨਜ਼ਰ ਆਏ। ਪਰਿਕਰਮਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। 


ਏਅਰਪੋਰਟ ਰੋਡ 1 ਵਜੇ ਤੱਕ ਪੂਰੀ ਤਰ੍ਹਾਂ ਬੰਦ 


ਦ੍ਰੋਪਦੀ ਮੁਰਮੂ 12 ਵਜੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ ਜਿਸ ਕਾਰਨ ਅੰਮ੍ਰਿਤਸਰ ਏਅਰਪੋਰਟ ਰੋਡ ਦੁਪਹਿਰ 12 ਤੋਂ 1 ਵਜੇ ਤੱਕ ਪੂਰੀ ਤਰ੍ਹਾਂ ਬੰਦ ਰਿਹਾ। ਇਸ ਕਾਰਨ ਏਅਰ ਇੰਡੀਆ ਨੇ ਵੀ ਯਾਤਰੀਆਂ ਲਈ ਨਿਰਦੇਸ਼ ਜਾਰੀ ਕੀਤੇ ਹਨ।