Amritsar News: ਅੰਮ੍ਰਿਤਸਰ ਵਿੱਚ ਪ੍ਰਸ਼ਾਸਨ ਨਗਰ ਕੌਂਸਲ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ, ਅੰਮ੍ਰਿਤਸਰ ਦੀਆਂ ਪੰਜ ਨਗਰ ਕੌਂਸਲਾਂ- ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਾਮਦਾਸ ਅਤੇ ਰਈਆ ਵਿੱਚ 26 ਮਈ ਨੂੰ ਚੋਣਾਂ ਹੋਣਗੀਆਂ। ਚੋਣ ਸ਼ਡਿਊਲ ਦੇ ਐਲਾਨ ਤੋਂ ਬਾਅਦ, ਇਨ੍ਹਾਂ ਸਾਰੇ ਨਗਰ ਕੌਂਸਲ ਖੇਤਰਾਂ ਵਿੱਚ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ।

Continues below advertisement

ਇਸ ਜਾਣਕਾਰੀ ਦਾ ਖੁਲਾਸਾ ਕਰਦਿਆਂ ਹੋਇਆਂ ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ, ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਭਰ ਵਿੱਚ ਅੱਠ ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਕੌਂਸਲਾਂ ਲਈ ਚੋਣਾਂ ਹੋ ਰਹੀਆਂ ਹਨ। ਅੰਮ੍ਰਿਤਸਰ ਜ਼ਿਲ੍ਹੇ ਦੀਆਂ ਪੰਜ ਨਗਰ ਕੌਂਸਲਾਂ ਵਿੱਚ ਵੀ ਵੋਟਾਂ ਪੈਣਗੀਆਂ।

Continues below advertisement

ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ, 13 ਮਈ ਤੋਂ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16 ਮਈ ਹੈ, ਜਦੋਂ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਮਈ ਨੂੰ ਕੀਤੀ ਜਾਵੇਗੀ। ਉਮੀਦਵਾਰ 19 ਮਈ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਹਰੇਕ ਉਮੀਦਵਾਰ ਲਈ ਆਪਣੇ ਨਾਮਜ਼ਦਗੀ ਪੱਤਰਾਂ ਦੇ ਨਾਲ ਇੱਕ ਹਲਫਨਾਮਾ ਜਮ੍ਹਾ ਕਰਨਾ ਲਾਜ਼ਮੀ ਹੋਵੇਗਾ। ਜੇਕਰ ਕੋਈ ਉਮੀਦਵਾਰ ਕਿਸੇ ਰਾਜਨੀਤਿਕ ਪਾਰਟੀ ਦੁਆਰਾ ਸਮਰਥਤ ਹੈ, ਤਾਂ ਉਸਨੂੰ ਪਾਰਟੀ ਤੋਂ ਅਧਿਕਾਰ ਪੱਤਰ ਵੀ ਨੱਥੀ ਕਰਨਾ ਪਵੇਗਾ। ਇਸ ਤੋਂ ਇਲਾਵਾ, ਚੋਣ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ 'ਤੇ ਅਪਲੋਡ ਕੀਤੇ ਜਾਣਗੇ।

26 ਮਈ ਨੂੰ ਵੋਟਿੰਗ, 29 ਤਰੀਕ ਨੂੰ ਗਿਣਤੀ

ਵੋਟਿੰਗ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ, ਜਦੋਂ ਕਿ ਗਿਣਤੀ 29 ਤਰੀਕ ਨੂੰ ਨਿਰਧਾਰਤ ਪੋਲਿੰਗ ਸਟੇਸ਼ਨਾਂ 'ਤੇ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਚੋਣ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪ੍ਰਸ਼ਾਸਨ ਨੇ ਜਨਤਾ ਨੂੰ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਹੈ।