ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ। ਜਿਸ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੀ-20 ਦੇ ਸਬੰਧ ਵਿੱਚ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 11.46 ਕਰੋੜ ਰੁਪਏ ਖ਼ਰਚਣ ਦਾ ਫੈਸਲਾ ਕੀਤਾ ਗਿਆ ਹੈ।


ਕੈਬਨਿਟ ਮੰਤਰੀ ਡਾ ਨਿੱਜਰ ਨੇ ਕਿਹਾ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਖੇ ਸਟਰੀਟ ਲਾਈਟਾਂ ਲਗਾਉਣ ਅਤੇ ਬਦਲਣ ਲਈ ਤਕਰੀਬਨ 4.97 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਵਿੱਚ 5 ਸਾਲਾਂ ਦੇ ਸਮੇਂ ਲਈ ਸਟਰੀਟ ਲਾਈਟਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਵੀ ਸ਼ਾਮਲ ਹੋਵੇਗਾ।


ਉਨ੍ਹਾਂ ਅੱਗੇ ਕਿਹਾ ਕਿ ਤਕਰੀਬਨ 6.49 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਸ਼ਹਿਰ ਵਿਖੇ ਢੱਪਈ ਰੋਡ ਨੂੰ ਰੇਲਵੇ ਕਰਾਸਿੰਗ ਤੋਂ ਗੰਦੇ ਨਾਲੇ ਤੱਕ ਅਤੇ ਕੋਟ ਖਾਲਸਾ ਤੋਂ ਬਹੁੜੀ ਸਾਹਿਬ ਸੜਕ ਦੇ ਪਾਸੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਸੜਕ ਨੂੰ ਚੌੜਾ ਕਰਨ ਦਾ ਕੰਮ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ, ਵਾਰਡ ਨੰਬਰ 28, 69, 74 ਅਤੇ 83 ਦੀਆਂ ਵੱਖ-ਵੱਖ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ, ਪਾਰਕਾਂ ਦੇ ਸੁੰਦਰੀਕਰਨ ਤੋਂ ਇਲਾਵਾ ਹੋਰ ਵੀ ਵਿਕਾਸ ਦੇ ਕੰਮ ਕੀਤੇ ਜਾਣਗੇ।


ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਪਹਿਲਾਂ ਹੀ ਸੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in 'ਤੇ ਅਪਲੋਡ ਕਰ ਦਿੱਤੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਵੈੱਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ।


ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ।